
ਤਿੰਨਾਂ ਵਿਧਾਨ ਸਭਾ ਹਲਕਿਆਂ ਦੇ ਜੇਤੂ ਵਿਦਿਆਰਥੀ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਲੈਣਗੇ ਭਾਗ
ਫ਼ਰੀਦਕੋਟ, 23 ਨਵੰਬਰ (ਹਿੰ.ਸ.)| ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਫ਼ਰੀਦਕੋਟ, ਕੋਟਕਪੂਰਾ ਅਤੇ ਜੈਤੋ ਵਿਧਾਨ ਸਭਾ ਹਲਕਿਆਂ ਵਿੱਚ ਵਿਦਿਆਰਥੀਆਂ ਦੇ ਹਲਕਾ ਪੱਧਰੀ ਲੇਖ ਅਤੇ ਕੁਇਜ਼ ਮੁਕਾਬਲੇ ਕਰਵਾਏ ਗਏ। ਇਹ ਮੁਕਾਬਲੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ ਕੇਸ਼ਵ ਗੋਇਲ ਅਤੇ ਸਬੰਧਤ ਐੱਸ.ਡੀ.ਐੱਮਜ਼ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ-ਕਮ-ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਅੰਜਨਾ ਕੌਂਸ਼ਲ ਦੀ ਅਗਵਾਈ ਵਿੱਚ ਕਰਵਾਏ ਗਏ।
ਫ਼ਰੀਦਕੋਟ ਹਲਕੇ ਦੇ ਮੁਕਾਬਲੇ ਡਾ. ਮਹਿੰਦਰ ਬਰਾੜ ਸਾਂਭੀ ਪੀ.ਐੱਮ.ਸ਼੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਏ। ਕੋਟਕਪੂਰਾ ਹਲਕੇ ਦੇ ਮੁਕਾਬਲੇ ਡਾ. ਹਰੀ ਸਿੰਘ ਸੇਵਕ ਸਕੂਲ ਆਫ਼ ਐਮੀਨੈਂਸ ਅਤੇ ਜੈਤੋ ਹਲਕੇ ਦੇ ਮੁਕਾਬਲੇ ਸਕੂਲ ਆਫ਼ ਐਮੀਨੈਂਸ ਜੈਤੋ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਦਾ ਪ੍ਰਬੰਧ ਸਬੰਧਤ ਬਲਾਕ ਨੋਡਲ ਅਫ਼ਸਰਾਂ ਅਤੇ ਸਕੂਲ ਮੁਖੀਆਂ ਦੀ ਦੇਖ-ਰੇਖ ਹੇਠ ਕੀਤਾ ਗਿਆ।
ਜ਼ਿਲ੍ਹਾ ਨੋਡਲ ਅਫ਼ਸਰ ਅੰਜਨਾ ਕੌਂਸ਼ਲ ਨੇ ਦੱਸਿਆ ਕਿ ਤਿੰਨਾਂ ਹਲਕਿਆਂ ਦੇ ਲੇਖ ਅਤੇ ਕੁਇਜ਼ ਮੁਕਾਬਲਿਆਂ ਦੀਆਂ ਜੇਤੂ ਟੀਮਾਂ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਡਾ. ਮਹਿੰਦਰ ਬਰਾੜ ਸਾਂਭੀ ਪੀ.ਐੱਮ.ਸ਼੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ ਭਾਗ ਲੈਣਗੀਆਂ। ਉਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਅਗਲੇ ਮੁਕਾਬਲੇ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਜ਼ਿਲ੍ਹੇ ਦੇ ਸਰਕਾਰੀ, ਪ੍ਰਾਈਵੇਟ, ਮਾਨਤਾ ਪ੍ਰਾਪਤ, ਐਫ਼ੀਲੀਏਟਿਡ ਅਤੇ ਸੀ.ਬੀ.ਐੱਸ.ਈ. ਤੇ ਆਈ.ਸੀ.ਐੱਸ.ਈ. ਨਾਲ ਸਬੰਧਤ ਸਕੂਲਾਂ ਨੂੰ ਸਵੀਪ ਗਤੀਵਿਧੀਆਂ ਲਗਾਤਾਰ ਕਰਵਾਉਣ ਦੀ ਅਪੀਲ ਵੀ ਕੀਤੀ।
ਸਹਾਇਕ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਜਸਬੀਰ ਸਿੰਘ ਜੱਸੀ ਨੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫ਼ਰੀਦਕੋਟ ਹਲਕੇ ਦੇ ਲੇਖ ਮੁਕਾਬਲੇ ਵਿੱਚ ਪ੍ਰਭਜੋਤ ਕੌਰ ਨੇ ਪਹਿਲਾ, ਨਵਰੀਤ ਕੌਰ ਨੇ ਦੂਜਾ ਅਤੇ ਮਨਵੀਰ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਕੁਇਜ਼ ਮੁਕਾਬਲੇ ਵਿੱਚ ਡਾ. ਮਹਿੰਦਰ ਬਰਾੜ ਸਾਂਭੀ ਸਕੂਲ ਦੀ ਟੀਮ ਪਹਿਲੇ, ਬਾਬਾ ਫ਼ਰੀਦ ਪਬਲਿਕ ਸਕੂਲ ਦੀ ਟੀਮ ਦੂਜੇ ਅਤੇ ਗੁਰੂ ਤੇਗ ਬਹਾਦਰ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਦੀ ਟੀਮ ਤੀਜੇ ਸਥਾਨ ’ਤੇ ਰਹੀ।
ਕੋਟਕਪੂਰਾ ਹਲਕੇ ਦੇ ਲੇਖ ਮੁਕਾਬਲੇ ਵਿੱਚ ਡੀ.ਏ.ਵੀ. ਪਬਲਿਕ ਸਕੂਲ ਦੇ ਦੈਰੀਅਮ ਦੂਆ ਨੇ ਪਹਿਲਾ, ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀ ਰਮਨਦੀਪ ਕੌਰ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਚਾਕੀ ਮੱਲ ਸਿੰਘ ਦੀ ਰਮਨਦੀਪ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਕੁਇਜ਼ ਮੁਕਾਬਲੇ ਵਿੱਚ ਡੀ.ਏ.ਵੀ. ਪਬਲਿਕ ਸਕੂਲ ਦੀ ਟੀਮ ਪਹਿਲੇ, ਡਾ. ਚੰਦਾ ਸਿੰਘ ਮਰਵਾਹ ਸਕੂਲ ਦੀ ਟੀਮ ਦੂਜੇ ਅਤੇ ਡਾ. ਹਰੀ ਸਿੰਘ ਸੇਵਕ ਸਕੂਲ ਆਫ਼ ਐਮੀਨੈਂਸ ਦੀ ਟੀਮ ਤੀਜੇ ਸਥਾਨ ’ਤੇ ਰਹੀ।
ਜੈਤੋ ਹਲਕੇ ਦੇ ਲੇਖ ਮੁਕਾਬਲੇ ਵਿੱਚ ਪੀ.ਐੱਮ.ਸ਼੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀ ਨਵਨੀਤ ਕੌਰ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੋੜੀਕਪੂਰਾ ਦੀ ਅਮਨਜੀਤ ਕੌਰ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਗੜ੍ਹ-ਦਬੜੀਖਾਨਾ ਦੀ ਬੇਅੰਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਕੁਇਜ਼ ਮੁਕਾਬਲੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੋੜੀਕਪੂਰਾ ਦੀ ਟੀਮ ਪਹਿਲੇ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੱਤਾ ਦੀ ਟੀਮ ਦੂਜੇ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪੰਜਗਰਾਈ ਕਲਾਂ ਦੀ ਟੀਮ ਤੀਜੇ ਸਥਾਨ ’ਤੇ ਰਹੀ। ਇਸ ਮੌਕੇ ਅੰਜਨਾ ਕੌਂਸ਼ਲ ਨੇ ਮੁਕਾਬਲਿਆਂ ਨੂੰ ਸਫ਼ਲ ਬਣਾਉਣ ਵਾਲੀਆਂ ਸਮੂਹ ਪ੍ਰਬੰਧਕੀ ਟੀਮਾਂ ਦੀ ਸ਼ਲਾਘਾ ਕੀਤੀ।
ਹਿੰਦੂਸਥਾਨ ਸਮਾਚਾਰ / GURSHARAN SINGH