
ਪਟਿਆਲਾ, 23 ਨਵੰਬਰ (ਹਿੰ.ਸ.)| ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਪਟਿਆਲਾ ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਲਾਅਨ ਟੈਨਿਸ ਅਤੇ ਵਾਲੀਬਾਲ ਸਮੈਸ਼ਿੰਗ ਮੁਕਾਬਲਿਆਂ ਦੇ ਛੇਵੇਂ ਦਿਨ ਖਿਡਾਰੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਖਿਡਾਰੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ।
ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਹ ਮੁਕਾਬਲੇ ਵੱਖ-ਵੱਖ ਉਮਰ ਵਰਗਾਂ ਵਿੱਚ ਕਰਵਾਏ ਜਾ ਰਹੇ ਹਨ। ਛੇਵੇਂ ਦਿਨ ਦੇ ਮੁਕਾਬਲਿਆਂ ਵਿੱਚ ਖੇਡ ਵਿਭਾਗ ਪੰਜਾਬ ਦੇ ਜੁਆਇੰਟ ਡਾਇਰੈਕਟਰ ਰਣਬੀਰ ਸਿੰਘ ਭੰਗੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਲਾਅਨ ਟੈਨਿਸ ਦੇ ਵਿਅਕਤੀਗਤ ਮੁਕਾਬਲੇ ਦੇ 31 ਤੋਂ 40 ਸਾਲ ਉਮਰ ਵਰਗ ਦੇ ਪੁਰਸ਼ਾਂ ਵਿੱਚ ਅੰਮ੍ਰਿਤਸਰ ਦੇ ਅਨੁਰਾਗ ਨੇ ਪਹਿਲਾ ਅਤੇ ਹਰਪ੍ਰੀਤ ਕੌਰ ਲੁਧਿਆਣਾ ਨੇ ਦੂਜਾ ਸਥਾਨ ਹਾਸਲ ਕੀਤਾ। ਇਸੇ ਉਮਰ ਵਰਗ ਦੀਆਂ ਮਹਿਲਾਵਾਂ ਦੇ ਮੁਕਾਬਲੇ ਵਿੱਚ ਲੁਧਿਆਣਾ ਦੀ ਰਿਚਾ ਨੇ ਪਹਿਲਾ, ਹਰਪ੍ਰੀਤ ਲੁਧਿਆਣਾ ਨੇ ਦੂਜਾ ਅਤੇ ਪਟਿਆਲਾ ਦੀ ਮੀਨੂੰ ਸ਼ਰਮਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਵਾਲੀਬਾਲ ਸਮੈਸ਼ਿੰਗ ਦੇ ਅੰਡਰ-17 ਲੜਕੀਆਂ ਦੇ ਮੁਕਾਬਲਿਆਂ ਵਿੱਚ ਮਾਨਸਾ ਨੇ ਰੂਪਨਗਰ, ਮੋਗਾ ਨੇ ਫਤਿਹਗੜ੍ਹ ਸਾਹਿਬ, ਲੁਧਿਆਣਾ ਨੇ ਜਲੰਧਰ, ਸ੍ਰੀ ਮੁਕਤਸਰ ਸਾਹਿਬ ਨੇ ਕਪੂਰਥਲਾ, ਮਲੇਰਕੋਟਲਾ ਨੇ ਫਰੀਦਕੋਟ, ਹੁਸ਼ਿਆਰਪੁਰ ਨੇ ਬਰਨਾਲਾ ਅਤੇ ਬਠਿੰਡਾ ਨੇ ਅੰਮ੍ਰਿਤਸਰ ਨੂੰ ਹਰਾਇਆ। ਇਸੇ ਤਰ੍ਹਾਂ ਤਰਨਤਾਰਨ ਨੇ ਮਾਨਸਾ, ਲੁਧਿਆਣਾ ਨੇ ਸੰਗਰੂਰ ਅਤੇ ਮੋਗਾ ਨੇ ਗੁਰਦਾਸਪੁਰ ਦੀ ਟੀਮ ਨੂੰ ਮਾਤ ਦਿੱਤੀ।
ਅੰਡਰ-21 ਲੜਕੀਆਂ ਦੇ ਮੁਕਾਬਲਿਆਂ ਵਿੱਚ ਸ੍ਰੀ ਮੁਕਤਸਰ ਸਾਹਿਬ ਨੇ ਫਰੀਦਕੋਟ ਅਤੇ ਲੁਧਿਆਣਾ ਨੇ ਪਟਿਆਲਾ ਨੂੰ ਹਰਾਇਆ। ਜਦਕਿ ਅੰਡਰ-14 ਵਰਗ ਵਿੱਚ ਸ੍ਰੀ ਮੁਕਤਸਰ ਸਾਹਿਬ ਨੇ ਅੰਮ੍ਰਿਤਸਰ ਅਤੇ ਬਠਿੰਡਾ ਨੇ ਹੁਸ਼ਿਆਰਪੁਰ ਦੀ ਟੀਮ ਨੂੰ ਹਰਾ ਕੇ ਜਿੱਤ ਦਰਜ ਕੀਤੀ। ਇਨ੍ਹਾਂ ਰਾਜ ਪੱਧਰੀ ਖੇਡ ਮੁਕਾਬਲਿਆਂ ਰਾਹੀਂ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਦਾ ਮੌਕਾ ਮਿਲ ਰਿਹਾ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH