
10ਵੀਂ ਦੇ ਵਿਦਿਆਰਥੀਆਂ ਲਈ ਡਿਜੀਟਲ ਜਨਮ ਸਰਟੀਫਿਕੇਟ ਲਾਜ਼ਮੀ, 30 ਨਵੰਬਰ ਤੱਕ ਅਪਲੋਡ ਕਰਨ ਦੇ ਹੁਕਮ
ਚੰਡੀਗੜ੍ਹ, 23 ਨਵੰਬਰ (ਹਿੰ.ਸ.)| ਪੰਜਾਬ ਸਕੂਲ ਸਿੱਖਿਆ ਬੋਰਡ (ਪੀਐੱਸਈਬੀ) ਦੇ ਨਵੇਂ ਹੁਕਮ ਨੇ ਸੂਬੇ ਦੇ ਲੱਖਾਂ ਵਿਦਿਆਰਥੀਆਂ, ਮਾਪਿਆਂ ਅਤੇ ਨਿੱਜੀ ਸਕੂਲ ਪ੍ਰਬੰਧਕਾਂ ਦੀ ਚਿੰਤਾ ਵਧਾ ਦਿੱਤੀ ਹੈ। ਬੋਰਡ ਨੇ ਸੈਸ਼ਨ 2026-27 ਦੌਰਾਨ ਦਸਵੀਂ ਜਮਾਤ ਦੀ ਪ੍ਰੀਖਿਆ ਅਤੇ ਦਾਖ਼ਲੇ ਲਈ ਰਜਿਸਟਰਾਰ ਜਨਮ ਤੇ ਮੌਤ ਵੱਲੋਂ ਜਾਰੀ ਡਿਜੀਟਲ ਜਨਮ ਸਰਟੀਫਿਕੇਟ ਲਾਜ਼ਮੀ ਕਰ ਦਿੱਤਾ ਹੈ। ਬੋਰਡ ਦੇ ਹੁਕਮਾਂ ਅਨੁਸਾਰ ਸਕੂਲਾਂ ਨੂੰ 30 ਨਵੰਬਰ ਤੱਕ ਵਿਦਿਆਰਥੀਆਂ ਦੇ ਡਿਜੀਟਲ ਜਨਮ ਸਰਟੀਫਿਕੇਟ ਪੀਐੱਸਈਬੀ ਦੀ ਵੈੱਬਸਾਈਟ ’ਤੇ ਅਪਲੋਡ ਕਰਨੇ ਹੋਣਗੇ।
ਬੋਰਡ ਨੇ ਸਪੱਸ਼ਟ ਕੀਤਾ ਹੈ ਕਿ ਨਿਰਧਾਰਤ ਸਮਾਂ ਸੀਮਾ ਤੱਕ ਡਿਜੀਟਲ ਜਨਮ ਸਰਟੀਫਿਕੇਟ ਅਪਲੋਡ ਨਾ ਹੋਣ ਦੀ ਸੂਰਤ ਵਿੱਚ ਦਸਵੀਂ ਜਮਾਤ ਦੀ ਅੰਤਿਮ ਅੰਕ ਸੂਚੀ ਅਤੇ ਸਰਟੀਫਿਕੇਟ ’ਤੇ ਵਿਦਿਆਰਥੀ ਦੀ ਜਨਮ ਮਿਤੀ ਦਰਜ ਨਹੀਂ ਕੀਤੀ ਜਾਵੇਗੀ। ਇਹ ਨਿਯਮ ਸਿਰਫ਼ ਉਨ੍ਹਾਂ ਵਿਦਿਆਰਥੀਆਂ ’ਤੇ ਲਾਗੂ ਕੀਤਾ ਗਿਆ ਹੈ, ਜਿਨ੍ਹਾਂ ਦਾ ਜਨਮ ਪੰਜਾਬ ਵਿੱਚ ਹੋਇਆ ਹੈ। ਦੂਜੇ ਸੂਬਿਆਂ ਤੋਂ ਆ ਕੇ ਪੰਜਾਬ ਦੇ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਇਸ ਸ਼ਰਤ ਤੋਂ ਛੋਟ ਦਿੱਤੀ ਗਈ ਹੈ। ਬੋਰਡ ਦੇ ਇਸ ਫ਼ੈਸਲੇ ਨੂੰ ਨਿੱਜੀ ਸਕੂਲ ਪ੍ਰਬੰਧਕਾਂ ਅਤੇ ਵੱਖ-ਵੱਖ ਸਕੂਲ ਜਥੇਬੰਦੀਆਂ ਵੱਲੋਂ ਗ਼ੈਰ-ਵਾਜਬ ਅਤੇ ਅਮਲੀ ਤੌਰ ’ਤੇ ਮੁਸ਼ਕਲ ਦੱਸਿਆ ਜਾ ਰਿਹਾ ਹੈ।
ਰਾਸਾ, ਸਕੂਲ ਸੰਘ ਪੰਜਾਬ, ਈਸੀਐੱਸ ਅਤੇ ਜੇਏਐੱਫ ਪੰਜਾਬ ਨਾਲ ਜੁੜੇ ਸਕੂਲ ਸੰਚਾਲਕਾਂ ਦਾ ਕਹਿਣਾ ਹੈ ਕਿ ਜਿਹੜੇ ਵਿਦਿਆਰਥੀ ਇਸ ਸਮੇਂ ਦਸਵੀਂ ਜਮਾਤ ਵਿੱਚ ਪੜ੍ਹ ਰਹੇ ਹਨ, ਉਨ੍ਹਾਂ ਦੀਆਂ ਪੰਜਵੀਂ ਅਤੇ ਅੱਠਵੀਂ ਜਮਾਤ ਦੀਆਂ ਅੰਕ ਸੂਚੀਆਂ ’ਤੇ ਬੋਰਡ ਵੱਲੋਂ ਪਹਿਲਾਂ ਹੀ ਜਨਮ ਮਿਤੀ ਦਰਜ ਕੀਤੀ ਜਾ ਚੁੱਕੀ ਹੈ। ਅਜਿਹੇ ਵਿੱਚ ਹੁਣ ਦਸਵੀਂ ਜਮਾਤ ਦੇ ਪੱਧਰ ’ਤੇ ਮੁੜ ਡਿਜੀਟਲ ਜਨਮ ਸਰਟੀਫਿਕੇਟ ਦੀ ਮੰਗ ਕਰਨਾ ਸਮਝ ਤੋਂ ਬਾਹਰ ਹੈ।
ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਦਸਵੀਂ ਜਮਾਤ ਦੇ ਪ੍ਰੀਖਿਆ ਫਾਰਮਾਂ ਨਾਲ ਵਿਦਿਆਰਥੀਆਂ ਦੇ ਜਨਮ ਸਰਟੀਫਿਕੇਟ ਪਹਿਲਾਂ ਹੀ ਨੱਥੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਸਵਾਲ ਉਠਾਇਆ ਕਿ ਜਦੋਂ ਬੋਰਡ ਵੱਲੋਂ ਪਹਿਲਾਂ ਜਾਰੀ ਕੀਤੀਆਂ ਅੰਕ ਸੂਚੀਆਂ ਵਿੱਚ ਜਨਮ ਮਿਤੀ ਦਰਜ ਹੈ ਤਾਂ ਹੁਣ ਆਪਣੇ ਹੀ ਜਾਰੀ ਕੀਤੇ ਦਸਤਾਵੇਜ਼ਾਂ ਨੂੰ ਮਾਨਤਾ ਕਿਉਂ ਨਹੀਂ ਦਿੱਤੀ ਜਾ ਰਹੀ।
ਹਿੰਦੂਸਥਾਨ ਸਮਾਚਾਰ / GURSHARAN SINGH