
ਚਾਰ ਕੈਦੀਆਂ ਕੋਲੋਂ ਮਿਲੇ ਮੋਬਾਈਲ ਫੋਨ, ਪੁਲਿਸ ਨੇ ਪ੍ਰਿਜ਼ਨ ਐਕਟ ਤਹਿਤ ਚਾਰ ਵੱਖ-ਵੱਖ ਮਾਮਲੇ ਕੀਤੇ ਦਰਜ
ਸ੍ਰੀ ਗੋਇੰਦਵਾਲ ਸਾਹਿਬ, 24 ਨਵੰਬਰ (ਹਿੰ.ਸ.)| ਸ੍ਰੀ ਗੋਇੰਦਵਾਲ ਸਾਹਿਬ ਸਥਿਤ ਕੇਂਦਰੀ ਜੇਲ੍ਹ ਵਿੱਚ ਜੇਲ੍ਹ ਪ੍ਰਸ਼ਾਸਨ ਵੱਲੋਂ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ ਚਾਰ ਕੈਦੀਆਂ ਕੋਲੋਂ 6 ਟੱਚ ਸਕਰੀਨ ਮੋਬਾਈਲ ਫੋਨ, ਇੱਕ ਕੀਪੈਡ ਮੋਬਾਈਲ ਫੋਨ ਅਤੇ 3 ਸਿਮ ਕਾਰਡ ਬਰਾਮਦ ਕੀਤੇ ਗਏ ਹਨ। ਇਸ ਮਾਮਲੇ ਵਿੱਚ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਨੇ ਚਾਰਾਂ ਕੈਦੀਆਂ ਖ਼ਿਲਾਫ਼ ਵੱਖ-ਵੱਖ ਮਾਮਲੇ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਗੋਇੰਦਵਾਲ ਸਾਹਿਬ ਹਰਮੀਕ ਸਿੰਘ ਨੇ ਦੱਸਿਆ ਕਿ ਜੇਲ੍ਹ ਦੇ ਸਹਾਇਕ ਸੁਪਰਡੈਂਟ ਜਸਵੰਤ ਸਿੰਘ, ਮਨਜੀਤ ਸਿੰਘ ਅਤੇ ਕੁਲਵੰਤ ਸਿੰਘ ਵੱਲੋਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਸੀ। ਜੇਲ੍ਹ ਵਿੱਚ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ ਧਮਨਬੀਰ ਸਿੰਘ ਵਾਸੀ ਅਟਾਰੀ, ਲਵਪ੍ਰੀਤ ਸਿੰਘ ਵਾਸੀ ਭਿੱਖੀਵਿੰਡ, ਸੁਖਦੇਵ ਸਿੰਘ ਵਾਸੀ ਦੇਵੀਦਾਸਪੁਰਾ ਅਤੇ ਮਨਜੀਤ ਸਿੰਘ ਵਾਸੀ ਝਬਾਲ ਕੋਲੋਂ ਮੋਬਾਈਲ ਫੋਨ ਅਤੇ ਸਿਮ ਕਾਰਡ ਬਰਾਮਦ ਹੋਏ। ਜੇਲ੍ਹ ਅਧਿਕਾਰੀਆਂ ਵੱਲੋਂ ਬਰਾਮਦ ਕੀਤੇ ਗਏ ਸਾਰੇ ਮੋਬਾਈਲ ਫੋਨ ਅਤੇ ਸਿਮ ਕਾਰਡ ਪੁਲਿਸ ਦੇ ਹਵਾਲੇ ਕਰ ਦਿੱਤੇ ਗਏ।
ਪੁਲਿਸ ਨੇ ਇਸ ਮਾਮਲੇ ਵਿੱਚ ਏਐਸਆਈ ਨਿਸ਼ਾਨ ਸਿੰਘ, ਏਐਸਆਈ ਰਾਜੀਵ ਕੁਮਾਰ ਅਤੇ ਏਐਸਆਈ ਅਰਜੁਨ ਸਿੰਘ ਵੱਲੋਂ ਕਾਨੂੰਨੀ ਕਾਰਵਾਈ ਕਰਦਿਆਂ ਚਾਰਾਂ ਕੈਦੀਆਂ ਖ਼ਿਲਾਫ਼ ਪ੍ਰਿਜ਼ਨ ਐਕਟ ਦੀਆਂ ਧਾਰਾਵਾਂ 42ਏ ਅਤੇ 48ਏ ਤਹਿਤ ਮੁਕੱਦਮਾ ਨੰਬਰ 622, 623, 624 ਅਤੇ 625 ਦਰਜ ਕੀਤੇ ਹਨ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਜੇਲ੍ਹ ਦੇ ਅੰਦਰ ਮੋਬਾਈਲ ਫੋਨ ਪਹੁੰਚਣ ਦੇ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਜਾਂਚ ਦੌਰਾਨ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਹ ਮੋਬਾਈਲ ਫੋਨ ਕੈਦੀਆਂ ਤੱਕ ਕਿਵੇਂ ਪਹੁੰਚੇ ਅਤੇ ਇਸ ਪਿੱਛੇ ਕਿਹੜੇ ਅਣਪਛਾਤੇ ਵਿਅਕਤੀਆਂ ਦੀ ਭੂਮਿਕਾ ਹੋ ਸਕਦੀ ਹੈ।
ਇਸ ਤੋਂ ਇਲਾਵਾ ਪੁਲਿਸ ਵੱਲੋਂ ਬਰਾਮਦ ਕੀਤੇ ਗਏ ਮੋਬਾਈਲ ਫੋਨਾਂ ਅਤੇ ਸਿਮ ਕਾਰਡਾਂ ਦੇ ਡਾਟਾ ਅਤੇ ਕਾਲ ਡਿਟੇਲ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਇਸ ਮਾਮਲੇ ਨਾਲ ਜੁੜੀਆਂ ਹੋਰ ਕੜੀਆਂ ਦਾ ਪਤਾ ਲਗਾਇਆ ਜਾ ਸਕੇ।
ਹਿੰਦੂਸਥਾਨ ਸਮਾਚਾਰ / GURSHARAN SINGH