
66 ਗ੍ਰਾਮ ਪੈਕਿੰਗ ਸਮੱਗਰੀ ਵੀ ਮਿਲੀ, ਅਣਪਛਾਤੇ ਮੁਲਜ਼ਮ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ
ਤਰਨਤਾਰਨ, 24 ਨਵੰਬਰ (ਹਿੰ.ਸ.)| ਭਾਰਤ-ਪਾਕਿਸਤਾਨ ਸਰਹੱਦ ਦੇ ਨੇੜੇ ਸਥਿਤ ਪਿੰਡ ਦੇ ਖੇਤਾਂ ਵਿੱਚੋਂ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਜਵਾਨਾਂ ਨੇ 708 ਗ੍ਰਾਮ ਹੈਰੋਇਨ ਅਤੇ 66 ਗ੍ਰਾਮ ਪੈਕਿੰਗ ਸਮੱਗਰੀ ਬਰਾਮਦ ਕੀਤੀ ਹੈ। ਬੀਐਸਐਫ ਵੱਲੋਂ ਬਰਾਮਦ ਕੀਤੀ ਗਈ ਖੇਪ ਨੂੰ ਅਗਲੀ ਕਾਨੂੰਨੀ ਕਾਰਵਾਈ ਲਈ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਹਵੇਲੀਆਂ ਸੈਕਟਰ ਦੀ ਬੀਓਪੀ ਹਵੇਲੀਆਂ ਵਿਖੇ ਤਾਇਨਾਤ ਬੀਐਸਐਫ ਦੇ ਜਵਾਨਾਂ ਵੱਲੋਂ ਇਲਾਕੇ ਦੇ ਖੇਤਾਂ ਵਿੱਚ ਨਿਯਮਤ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਸੀ। ਇਸ ਦੌਰਾਨ ਜਵਾਨਾਂ ਨੂੰ ਖੇਤਾਂ ਵਿੱਚ ਕੁਝ ਸ਼ੱਕੀ ਸਮੱਗਰੀ ਪਈ ਦਿਖਾਈ ਦਿੱਤੀ। ਜਦੋਂ ਇਸ ਦੀ ਜਾਂਚ ਕੀਤੀ ਗਈ ਤਾਂ ਉੱਥੋਂ 708 ਗ੍ਰਾਮ ਹੈਰੋਇਨ ਅਤੇ 66 ਗ੍ਰਾਮ ਪੈਕਿੰਗ ਸਮੱਗਰੀ ਬਰਾਮਦ ਹੋਈ।
ਇਸ ਸਬੰਧੀ ਥਾਣਾ ਸਰਾਏ ਅਮਾਨਤ ਖਾਂ ਦੇ ਏਐਸਆਈ ਨਿਰਮਲ ਸਿੰਘ ਨੇ ਦੱਸਿਆ ਕਿ ਬੀਐਸਐਫ ਦੀ ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਵੱਲੋਂ ਮੁਕੱਦਮਾ ਨੰਬਰ 161 ਦਰਜ ਕੀਤਾ ਗਿਆ ਹੈ। ਅਣਪਛਾਤੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਤਫ਼ਤੀਸ਼ ਸ਼ੁਰੂ ਕਰ ਦਿੱਤੀ ਗਈ ਹੈ।
ਬਰਾਮਦਗੀ ਤੋਂ ਬਾਅਦ ਸੁਰੱਖਿਆ ਅਤੇ ਜਾਂਚ ਏਜੰਸੀਆਂ ਵੱਲੋਂ ਇਸ ਗੱਲ ਦਾ ਪਤਾ ਲਗਾਇਆ ਜਾ ਰਿਹਾ ਹੈ ਕਿ ਹੈਰੋਇਨ ਦੀ ਇਹ ਖੇਪ ਖੇਤਾਂ ਤੱਕ ਕਿਵੇਂ ਪਹੁੰਚੀ ਅਤੇ ਇਸ ਤਸਕਰੀ ਨੈੱਟਵਰਕ ਵਿੱਚ ਕੌਣ-ਕੌਣ ਸ਼ਾਮਲ ਹੈ। ਇਸ ਗੱਲ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਕਿਤੇ ਇਹ ਖੇਪ ਸਰਹੱਦ ਪਾਰ ਤੋਂ ਡਰੋਨ ਰਾਹੀਂ ਤਾਂ ਨਹੀਂ ਸੁੱਟੀ ਗਈ ਜਾਂ ਕਿਸੇ ਹੋਰ ਤਰੀਕੇ ਨਾਲ ਇੱਥੇ ਪਹੁੰਚਾਈ ਗਈ ਹੈ।
ਇਸ ਘਟਨਾ ਤੋਂ ਬਾਅਦ ਸਰਹੱਦੀ ਇਲਾਕੇ ਵਿੱਚ ਸੁਰੱਖਿਆ ਏਜੰਸੀਆਂ ਵੱਲੋਂ ਗਸ਼ਤ ਅਤੇ ਨਿਗਰਾਨੀ ਹੋਰ ਤੇਜ਼ ਕਰ ਦਿੱਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH