
ਕਿਸਾਨ ਨੂੰ ਕਰੀਬ 50 ਲੱਖ ਰੁਪਏ ਦਾ ਨੁਕਸਾਨ, ਪਿਛਲੇ ਸਾਲ ਵੀ ਅੱਗ ਲੱਗਣ ਕਾਰਨ ਸੜ ਗਈ ਸੀ ਪਰਾਲੀ
ਕਿਸਾਨ ਪਰਿਵਾਰ ਨੇ ਜਤਾਇਆ ਸਾਜ਼ਿਸ਼ ਦਾ ਖ਼ਦਸ਼ਾ, ਪੁਲਿਸ ਨੂੰ ਦਿੱਤੀ ਸ਼ਿਕਾਇਤ
ਖੰਨਾ, 24 ਨਵੰਬਰ (ਹਿੰ.ਸ.)| ਲੁਧਿਆਣਾ ਜ਼ਿਲ੍ਹੇ ਦੇ ਖੰਨਾ ਅਤੇ ਮਾਲੇਰਕੋਟਲਾ ਵਿਚਕਾਰ ਪੈਂਦੇ ਪਿੰਡ ਰੌਣੀ ਵਿਖੇ ਇੱਕ ਕਿਸਾਨ ਵੱਲੋਂ ਇਕੱਠੀ ਕਰਕੇ ਰੱਖੀਆਂ ਪਰਾਲੀ ਦੀਆਂ ਗੱਠਾਂ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਪਰਾਲੀ ਦੀ ਇੱਕ ਵੀ ਗੱਠ ਨੂੰ ਬਚਾਇਆ ਨਹੀਂ ਜਾ ਸਕਿਆ। ਇਸ ਤੋਂ ਇਲਾਵਾ ਉੱਥੇ ਖੜ੍ਹੀਆਂ ਚਾਰ ਟਰਾਲੀਆਂ ਵੀ ਅੱਗ ਦੀ ਲਪੇਟ ਵਿੱਚ ਆ ਕੇ ਸੜ ਕੇ ਸੁਆਹ ਹੋ ਗਈਆਂ। ਇਸ ਘਟਨਾ ਵਿੱਚ ਕਿਸੇ ਵਿਅਕਤੀ ਦੇ ਜ਼ਖ਼ਮੀ ਹੋਣ ਦੀ ਖ਼ਬਰ ਨਹੀਂ ਹੈ, ਪਰ ਕਿਸਾਨ ਨੂੰ ਕਰੀਬ 50 ਲੱਖ ਰੁਪਏ ਦਾ ਆਰਥਿਕ ਨੁਕਸਾਨ ਹੋਇਆ ਹੈ।
ਜਾਣਕਾਰੀ ਅਨੁਸਾਰ ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਖੰਨਾ ਅਤੇ ਮਾਲੇਰਕੋਟਲਾ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਮੌਕੇ 'ਤੇ ਬੁਲਾਇਆ ਗਿਆ। ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ, ਪਰ ਉਨ੍ਹਾਂ ਦੇ ਪਹੁੰਚਣ ਤੱਕ ਪਰਾਲੀ ਦੀਆਂ ਗੱਠਾਂ ਅਤੇ ਚਾਰੋਂ ਟਰਾਲੀਆਂ ਪੂਰੀ ਤਰ੍ਹਾਂ ਸੜ ਚੁੱਕੀਆਂ ਸਨ।
ਕਿਸਾਨ ਹਰਮਨਜੋਤ ਸਿੰਘ ਅਤੇ ਉਸ ਦੇ ਪਰਿਵਾਰਕ ਮੈਂਬਰ ਬਲਜਿੰਦਰ ਸਿੰਘ ਤੇ ਸਿਮਰਨਜੋਤ ਸਿੰਘ ਨੇ ਦੱਸਿਆ ਕਿ ਪਿਛਲੇ ਸਾਲ ਵੀ ਉਨ੍ਹਾਂ ਵੱਲੋਂ ਇਕੱਠੀ ਕੀਤੀ ਪਰਾਲੀ ਨੂੰ ਅੱਗ ਲੱਗ ਗਈ ਸੀ, ਜਿਸ ਕਾਰਨ ਉਨ੍ਹਾਂ ਨੂੰ ਲੱਖਾਂ ਰੁਪਏ ਦਾ ਨੁਕਸਾਨ ਝੱਲਣਾ ਪਿਆ ਸੀ। ਉਸ ਸਮੇਂ ਉਨ੍ਹਾਂ ਨੇ ਲੋਕਾਂ ਤੋਂ ਉਧਾਰ ਅਤੇ ਬੈਂਕ ਤੋਂ ਕਰਜ਼ਾ ਲੈ ਕੇ ਮੁੜ ਆਪਣਾ ਕੰਮ ਸ਼ੁਰੂ ਕੀਤਾ ਸੀ।
ਪਰਿਵਾਰ ਨੇ ਦੱਸਿਆ ਕਿ ਕਾਫ਼ੀ ਮਿਹਨਤ ਤੋਂ ਬਾਅਦ ਉਨ੍ਹਾਂ ਨੇ ਦੁਬਾਰਾ ਪਰਾਲੀ ਇਕੱਠੀ ਕੀਤੀ ਸੀ, ਪਰ ਇਸ ਵਾਰ ਵੀ ਅੱਗ ਲੱਗਣ ਕਾਰਨ ਉਨ੍ਹਾਂ ਦੀ ਸਾਰੀ ਮਿਹਨਤ ਬਰਬਾਦ ਹੋ ਗਈ। ਲਗਾਤਾਰ ਦੂਜੀ ਵਾਰ ਅਜਿਹਾ ਨੁਕਸਾਨ ਹੋਣ ਕਾਰਨ ਪਰਿਵਾਰ ਗੰਭੀਰ ਆਰਥਿਕ ਸੰਕਟ ਵਿੱਚ ਘਿਰ ਗਿਆ ਹੈ।
ਕਿਸਾਨ ਪਰਿਵਾਰ ਨੇ ਇਸ ਵਾਰ ਅੱਗ ਲੱਗਣ ਦੀ ਘਟਨਾ ਪਿੱਛੇ ਕਿਸੇ ਸਾਜ਼ਿਸ਼ ਦਾ ਖ਼ਦਸ਼ਾ ਜਤਾਇਆ ਹੈ। ਉਨ੍ਹਾਂ ਵੱਲੋਂ ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਦੇ ਕੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੀ ਮੰਗ ਕੀਤੀ ਗਈ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪਿੰਡ ਵਾਸੀ ਵੀ ਮੌਕੇ 'ਤੇ ਪਹੁੰਚ ਗਏ। ਅੱਗ ਦੀ ਭਿਆਨਕਤਾ ਦੇਖ ਕੇ ਹਰ ਕੋਈ ਹੈਰਾਨ ਰਹਿ ਗਿਆ।
ਕਿਸਾਨ ਪਰਿਵਾਰ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਹੋਏ ਨੁਕਸਾਨ ਦੀ ਭਰਪਾਈ ਲਈ ਢੁੱਕਵੀਂ ਆਰਥਿਕ ਸਹਾਇਤਾ ਦਿੱਤੀ ਜਾਵੇ। ਉਨ੍ਹਾਂ ਦਾ ਕਹਿਣਾ ਹੈ ਕਿ ਪਹਿਲਾਂ ਵੀ ਅੱਗ ਲੱਗਣ ਕਾਰਨ ਭਾਰੀ ਨੁਕਸਾਨ ਹੋਇਆ ਸੀ ਅਤੇ ਹੁਣ ਦੂਜੀ ਵਾਰ ਕਰੀਬ 50 ਲੱਖ ਰੁਪਏ ਦਾ ਨੁਕਸਾਨ ਹੋਣ ਕਾਰਨ ਉਨ੍ਹਾਂ ਲਈ ਮੁੜ ਪੈਰਾਂ 'ਤੇ ਖੜ੍ਹੇ ਹੋਣਾ ਮੁਸ਼ਕਲ ਹੋ ਗਿਆ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH