ਅਕਾਲੀ ਦਲ (ਵਾਰਿਸ ਪੰਜਾਬ ਦੇ) ਪਾਰਟੀ ਦੀ ਰਜਿਸਟ੍ਰੇਸ਼ਨ ਲਈ ਸੁਪਰੀਮ ਕੋਰਟ ਤੱਕ ਲੜੇਗਾ ਕਾਨੂੰਨੀ ਲੜਾਈ: ਮਨਪ੍ਰੀਤ ਸਿੰਘ ਇਆਲੀ
ਜਲਦ ਹੀ ਚੋਣ ਕਮਿਸ਼ਨ ਨਾਲ ਕੀਤੀ ਜਾਵੇਗੀ ਮੁਲਾਕਾਤ, ਪਾਰਟੀ ਨੇ ਮੈਂਬਰਸ਼ਿਪ ਲਈ ਐਪ ਅਤੇ ਹੈਲਪਲਾਈਨ ਨੰਬਰ ਕੀਤਾ ਜਾਰੀ ਇੱਕੋ ਚੋਣ ਨਿਸ਼ਾਨ ''ਤੇ ਚੋਣ ਲੜਨਾ ਚਾਹੁੰਦੇ ਹਾਂ, ਕਿਸੇ ਹੋਰ ਪਾਰਟੀ ਦੇ ਚੋਣ ਨਿਸ਼ਾਨ ''ਤੇ ਨਹੀਂ ਲੜਾਂਗੇ: ਇਆਲੀ ਚੰਡੀਗੜ੍ਹ, 24 ਨਵੰਬਰ (ਹਿੰ.ਸ.)| ਅਕਾਲੀ ਦਲ (ਵਾਰਿਸ ਪੰਜਾਬ ਦੇ
ਹੈਲਪਲਾਈਨ ਨੰਬਰ ਜਾਰੀ ਕਰਦੇ ਹੋਏ ਵਾਰਿਸ ਪੰਜਾਬ ਦੇ ਆਗੂ


ਜਲਦ ਹੀ ਚੋਣ ਕਮਿਸ਼ਨ ਨਾਲ ਕੀਤੀ ਜਾਵੇਗੀ ਮੁਲਾਕਾਤ, ਪਾਰਟੀ ਨੇ ਮੈਂਬਰਸ਼ਿਪ ਲਈ ਐਪ ਅਤੇ ਹੈਲਪਲਾਈਨ ਨੰਬਰ ਕੀਤਾ ਜਾਰੀ

ਇੱਕੋ ਚੋਣ ਨਿਸ਼ਾਨ 'ਤੇ ਚੋਣ ਲੜਨਾ ਚਾਹੁੰਦੇ ਹਾਂ, ਕਿਸੇ ਹੋਰ ਪਾਰਟੀ ਦੇ ਚੋਣ ਨਿਸ਼ਾਨ 'ਤੇ ਨਹੀਂ ਲੜਾਂਗੇ: ਇਆਲੀ

ਚੰਡੀਗੜ੍ਹ, 24 ਨਵੰਬਰ (ਹਿੰ.ਸ.)| ਅਕਾਲੀ ਦਲ (ਵਾਰਿਸ ਪੰਜਾਬ ਦੇ) ਨੇ ਪਾਰਟੀ ਦੀ ਰਜਿਸਟ੍ਰੇਸ਼ਨ ਦਾ ਮਾਮਲਾ ਸੁਪਰੀਮ ਕੋਰਟ ਤੱਕ ਲਿਜਾਣ ਦਾ ਫ਼ੈਸਲਾ ਕੀਤਾ ਹੈ। ਪਾਰਟੀ ਵੱਲੋਂ ਜਲਦ ਹੀ ਇਸ ਮਾਮਲੇ ਸਬੰਧੀ ਚੋਣ ਕਮਿਸ਼ਨ ਨਾਲ ਵੀ ਮੁਲਾਕਾਤ ਕੀਤੀ ਜਾਵੇਗੀ। ਇਹ ਜਾਣਕਾਰੀ ਪਾਰਟੀ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ।

ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੋਵੇਂ ਪਾਰਟੀ ਤੋਂ ਡਰੀਆਂ ਹੋਈਆਂ ਹਨ, ਜਿਸ ਕਾਰਨ ਪਾਰਟੀ ਦੀ ਰਜਿਸਟ੍ਰੇਸ਼ਨ ਰੋਕੀ ਜਾ ਰਹੀ ਹੈ। ਇਸ ਮੌਕੇ ਪਾਰਟੀ ਵੱਲੋਂ ਮੈਂਬਰਸ਼ਿਪ ਲਈ ਇੱਕ ਐਪ ਵੀ ਲਾਂਚ ਕੀਤੀ ਗਈ ਅਤੇ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ। ਇਸ ਰਾਹੀਂ ਲੋਕ ਪਾਰਟੀ ਦੀ ਮੈਂਬਰਸ਼ਿਪ ਲੈਣ ਦੇ ਨਾਲ-ਨਾਲ ਆਪਣੇ ਸੁਝਾਅ ਵੀ ਦੇ ਸਕਣਗੇ। ਪ੍ਰੈੱਸ ਕਾਨਫਰੰਸ ਵਿੱਚ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਅਤੇ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਵੀ ਮੌਜੂਦ ਸਨ।

ਪ੍ਰੈੱਸ ਕਾਨਫਰੰਸ ਦੌਰਾਨ ਜਦੋਂ ਪੱਤਰਕਾਰਾਂ ਨੇ ਆਗੂਆਂ ਨੂੰ ਪੁੱਛਿਆ ਕਿ ਜੇਕਰ ਪਾਰਟੀ ਨੂੰ ਆਪਣਾ ਚੋਣ ਨਿਸ਼ਾਨ ਨਹੀਂ ਮਿਲਦਾ ਤਾਂ ਕੀ ਉਹ ਬਹੁਜਨ ਸਮਾਜ ਪਾਰਟੀ (ਬਸਪਾ) ਨਾਲ ਗਠਜੋੜ ਕਰਕੇ ਉਸ ਦੇ ਚੋਣ ਨਿਸ਼ਾਨ 'ਤੇ ਚੋਣ ਲੜਨਗੇ ਤਾਂ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਪਾਰਟੀ ਇੱਕੋ ਚੋਣ ਨਿਸ਼ਾਨ 'ਤੇ ਚੋਣ ਲੜਨਾ ਚਾਹੁੰਦੀ ਹੈ ਅਤੇ ਕਿਸੇ ਹੋਰ ਪਾਰਟੀ ਦੇ ਚੋਣ ਨਿਸ਼ਾਨ 'ਤੇ ਚੋਣ ਨਹੀਂ ਲੜੇਗੀ। ਆਜ਼ਾਦ ਤੌਰ 'ਤੇ ਚੋਣ ਲੜਨਾ ਉਨ੍ਹਾਂ ਲਈ ਆਖਰੀ ਵਿਕਲਪ ਹੋਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਪਾਰਟੀ ਆਪਣੇ ਨਾਂ ਦੀ ਰਜਿਸਟ੍ਰੇਸ਼ਨ ਅਤੇ ਚੋਣ ਨਿਸ਼ਾਨ ਹਾਸਲ ਕਰਨ ਲਈ ਕਾਨੂੰਨੀ ਲੜਾਈ ਜਾਰੀ ਰੱਖੇਗੀ।

ਇਆਲੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਪਹਿਲਾਂ ਮਾਤਾ ਜੀ ਦੇ ਦੇਹਾਂਤ ਕਾਰਨ ਅੱਗੇ ਦੀ ਕਾਰਵਾਈ ਨਹੀਂ ਹੋ ਸਕੀ ਸੀ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਕੁਝ ਇਤਰਾਜ਼ ਉਠਾਏ ਜਾਣ ਦੀ ਗੱਲ ਸਾਹਮਣੇ ਆ ਰਹੀ ਹੈ। ਪਾਰਟੀ ਇਹ ਜਾਣਨਾ ਚਾਹੁੰਦੀ ਹੈ ਕਿ ਅਖ਼ਬਾਰਾਂ ਵਿੱਚ ਪ੍ਰਕਾਸ਼ਨ ਹੋਣ ਤੋਂ ਪਹਿਲਾਂ ਹੀ ਕਿਸ ਆਧਾਰ 'ਤੇ ਇਤਰਾਜ਼ ਦਰਜ ਕਰ ਦਿੱਤੇ ਗਏ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਹ ਪਹਿਲਾਂ ਪੰਜਾਬ ਦੀ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿੱਤਰਾ ਨਾਲ ਵੀ ਮੁਲਾਕਾਤ ਕਰ ਚੁੱਕੇ ਹਨ ਅਤੇ ਆਪਣਾ ਪੱਖ ਰੱਖ ਚੁੱਕੇ ਹਨ।

ਪਾਰਟੀ ਆਗੂਆਂ ਨੇ ਕਿਹਾ ਕਿ ਉਹ ਰਜਿਸਟ੍ਰੇਸ਼ਨ ਲਈ ਲਗਾਤਾਰ ਯਤਨ ਕਰ ਰਹੇ ਹਨ। ਉਨ੍ਹਾਂ ਸਵਾਲ ਉਠਾਇਆ ਕਿ ਆਖ਼ਰ ਪਾਰਟੀ ਦੀ ਰਜਿਸਟ੍ਰੇਸ਼ਨ ਕਿਉਂ ਰੋਕੀ ਜਾ ਰਹੀ ਹੈ ਅਤੇ ਇਸ ਨਾਲ ਕਿਸ ਤਰ੍ਹਾਂ ਦਾ ਖ਼ਤਰਾ ਪੈਦਾ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਅਜਿਹਾ ਕਿਹੜਾ ਕੰਮ ਕੀਤਾ ਗਿਆ ਹੈ, ਜਿਸ ਨੂੰ ਅਨੁਸ਼ਾਸਨਹੀਣਤਾ ਜਾਂ ਨਿਯਮਾਂ ਦੀ ਉਲੰਘਣਾ ਮੰਨਿਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਉਹ ਚੋਣ ਕਮਿਸ਼ਨ ਤੋਂ ਸਾਰੇ ਇਤਰਾਜ਼ਾਂ ਬਾਰੇ ਸਪੱਸ਼ਟ ਜਵਾਬ ਮੰਗਣਗੇ ਅਤੇ ਲੋੜ ਪੈਣ 'ਤੇ ਸੁਪਰੀਮ ਕੋਰਟ ਦਾ ਦਰਵਾਜ਼ਾ ਵੀ ਖੜਕਾਉਣਗੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande