
ਦੋ ਨੌਜਵਾਨਾਂ ਵੱਲੋਂ ਹਵਾਈ ਫਾਇਰਿੰਗ ਕਰਨ ਦਾ ਮਾਮਲਾ ਆਇਆ ਸਾਹਮਣੇ, ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਸ਼ੁਰੂ ਕੀਤੀ ਜਾਂਚ
ਗੁਰਦਾਸਪੁਰ, 24 ਨਵੰਬਰ (ਹਿੰ.ਸ.)| ਗੁਰਦਾਸਪੁਰ-ਦੀਨਾਨਗਰ ਲਿੰਕ ਰੋਡ ’ਤੇ ਸਥਿਤ ਇੱਕ ਨਿੱਜੀ ਹੋਟਲ ਦੇ ਬਾਹਰ ਹਵਾਈ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਦੋ ਨੌਜਵਾਨਾਂ ਵੱਲੋਂ ਹਵਾ ਵਿੱਚ ਦੋ ਫਾਇਰ ਕੀਤੇ ਗਏ, ਜਿਸ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਗੁਰਦਾਸਪੁਰ ਪੁਲਿਸ ਤੁਰੰਤ ਹਰਕਤ ਵਿੱਚ ਆਈ ਅਤੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।
ਪ੍ਰਾਪਤ ਜਾਣਕਾਰੀ ਅਨੁਸਾਰ ਦੋ ਨੌਜਵਾਨ ਇੱਕ ਨਿੱਜੀ ਹੋਟਲ ਤੋਂ ਬਾਹਰ ਆਏ ਅਤੇ ਕੁਝ ਸਮੇਂ ਬਾਅਦ ਉਨ੍ਹਾਂ ਵੱਲੋਂ ਹਵਾ ਵਿੱਚ ਦੋ ਗੋਲੀਆਂ ਚਲਾਈਆਂ ਗਈਆਂ। ਅਚਾਨਕ ਗੋਲੀਆਂ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਹੋ ਗਿਆ। ਇਸ ਦੌਰਾਨ ਨੇੜੇ ਹੀ ਇੱਕ ਦੁਕਾਨਦਾਰ ਨੇ ਤੁਰੰਤ ਪੁਲਿਸ ਕੰਟਰੋਲ ਰੂਮ ਨੂੰ ਫੋਨ ਕਰਕੇ ਘਟਨਾ ਬਾਰੇ ਜਾਣਕਾਰੀ ਦਿੱਤੀ।
ਸੂਚਨਾ ਮਿਲਦੇ ਹੀ ਪੁਲਿਸ ਮੁਲਾਜ਼ਮ ਮੌਕੇ ’ਤੇ ਪਹੁੰਚੇ ਅਤੇ ਘਟਨਾ ਸਬੰਧੀ ਜਾਣਕਾਰੀ ਇਕੱਠੀ ਕੀਤੀ। ਪੁਲਿਸ ਵੱਲੋਂ ਫਾਇਰਿੰਗ ਕਰਨ ਵਾਲੇ ਨੌਜਵਾਨਾਂ ਦੀ ਪਛਾਣ ਕਰਨ ਦੇ ਨਾਲ-ਨਾਲ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਉਨ੍ਹਾਂ ਕੋਲ ਹਥਿਆਰ ਕਿੱਥੋਂ ਆਇਆ ਸੀ ਅਤੇ ਫਾਇਰਿੰਗ ਕਰਨ ਪਿੱਛੇ ਕੀ ਕਾਰਨ ਸੀ।
ਫਿਲਹਾਲ ਇਸ ਘਟਨਾ ਵਿੱਚ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਘਟਨਾ ਨਾਲ ਜੁੜੇ ਸਾਰੇ ਪਹਿਲੂਆਂ ਦੀ ਪੜਤਾਲ ਕੀਤੀ ਜਾ ਰਹੀ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH