
ਕਪਾਲਮੋਚਨ ਵਿਖੇ ਪ੍ਰਕਾਸ਼ ਪੁਰਬ ਦੀ ਪੂਰਵ ਸੰਧਿਆ 'ਤੇ ਰਾਜ ਪੱਧਰੀ ਸਮਾਗਮ ਵਿੱਚ ਕੀਤੀ ਸ਼ਿਰਕਤ, ਧਰਮਸ਼ਾਲਾਵਾਂ ਦੇ ਵਿਕਾਸ ਲਈ ਸ਼੍ਰਾਈਨ ਬੋਰਡ ਨੂੰ ਦਿੱਤੇ 2 ਕਰੋੜ ਰੁਪਏ
1984 ਦੇ ਦੰਗਿਆਂ ਤੋਂ ਪ੍ਰਭਾਵਿਤ 121 ਸਿੱਖ ਪਰਿਵਾਰਾਂ ਦੇ ਇੱਕ-ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਪ੍ਰਬੰਧ: ਮੁੱਖ ਮੰਤਰੀ
ਚੰਡੀਗੜ੍ਹ, 24 ਨਵੰਬਰ (ਹਿੰ.ਸ.)| ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਕਿਸੇ ਇੱਕ ਧਰਮ ਜਾਂ ਸਮਾਜ ਤੱਕ ਸੀਮਤ ਨਹੀਂ ਹਨ, ਸਗੋਂ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹਨ। ਗੁਰੂ ਸਾਹਿਬ ਨੇ ਸਮਾਜ ਨੂੰ ਸੱਚ, ਸੇਵਾ, ਸਮਾਨਤਾ ਅਤੇ ਸਦਭਾਵਨਾ ਦਾ ਸੰਦੇਸ਼ ਦਿੱਤਾ ਅਤੇ ਜਾਤ-ਪਾਤ, ਊਚ-ਨੀਚ ਤੇ ਭੇਦਭਾਵ ਤੋਂ ਉੱਪਰ ਉੱਠ ਕੇ ਸਾਰੇ ਮਨੁੱਖਾਂ ਨੂੰ ਬਰਾਬਰ ਸਮਝਣ ਦੀ ਸਿੱਖਿਆ ਦਿੱਤੀ।
ਮੁੱਖ ਮੰਤਰੀ ਸੋਮਵਾਰ ਦੇਰ ਸ਼ਾਮ ਯਮੁਨਾਨਗਰ ਦੇ ਪਵਿੱਤਰ ਸਥਾਨ ਕਪਾਲਮੋਚਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਪੂਰਵ ਸੰਧਿਆ 'ਤੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨੇ ਦੂਰ-ਦੁਰਾਡੇ ਤੋਂ ਪਹੁੰਚੀ ਸੰਗਤ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਅਤੇ ਧਰਮਸ਼ਾਲਾਵਾਂ ਦੇ ਵਿਕਾਸ ਲਈ ਸ਼੍ਰਾਈਨ ਬੋਰਡ ਨੂੰ 2 ਕਰੋੜ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ।
ਸਮਾਗਮ ਦੌਰਾਨ ਡਰੋਨ, ਲਾਈਟ ਐਂਡ ਸਾਊਂਡ ਸ਼ੋਅ ਰਾਹੀਂ ਹਰਿਆਣਾ ਦੀ ਗੌਰਵਸ਼ਾਲੀ ਵਿਰਾਸਤ ਨੂੰ ਦਰਸਾਇਆ ਗਿਆ। ਇਸ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸੰਦੇਸ਼, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਕਪਾਲਮੋਚਨ ਵਿਖੇ 52 ਦਿਨਾਂ ਦਾ ਪ੍ਰਵਾਸ ਅਤੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਬਹਾਦਰੀ ਨੂੰ ਵਿਸ਼ੇਸ਼ ਤੌਰ 'ਤੇ ਪੇਸ਼ ਕੀਤਾ ਗਿਆ।
ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ‘ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ’ ਦੇ ਤਿੰਨ ਸਿਧਾਂਤਾਂ ਰਾਹੀਂ ਮਨੁੱਖਤਾ ਨੂੰ ਜੀਵਨ ਜਿਊਣ ਦਾ ਸਹੀ ਰਾਹ ਦਿਖਾਇਆ। ਗੁਰੂ ਸਾਹਿਬ ਦਾ ‘ਇੱਕ ਓਅੰਕਾਰ’ ਦਾ ਸੰਦੇਸ਼ ਸਮੁੱਚੀ ਮਨੁੱਖ ਜਾਤੀ ਨੂੰ ਇੱਕ ਪਰਿਵਾਰ ਵਜੋਂ ਦੇਖਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਨੇ ਔਰਤਾਂ ਦੇ ਸਨਮਾਨ ਅਤੇ ਸਮਾਨਤਾ 'ਤੇ ਵੀ ਜ਼ੋਰ ਦਿੱਤਾ।
ਉਨ੍ਹਾਂ ਕਿਹਾ ਕਿ ਹਰਿਆਣਾ ਦੀ ਧਰਤੀ ਦਾ ਸਿੱਖ ਗੁਰੂ ਸਾਹਿਬਾਨ ਨਾਲ ਡੂੰਘਾ ਸਬੰਧ ਰਿਹਾ ਹੈ। ਅੰਬਾਲਾ ਜ਼ਿਲ੍ਹੇ ਦਾ ਲਖਨੌਰ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਨਾਨਕਾ ਘਰ ਹੈ। ਇਸ ਤੋਂ ਇਲਾਵਾ ਕੁਰੂਕਸ਼ੇਤਰ ਵਿੱਚ ਸੂਬੇ ਦਾ ਪਹਿਲਾ ਸਿੱਖ ਅਜਾਇਬ ਘਰ ਬਣਾਇਆ ਜਾ ਰਿਹਾ ਹੈ। ਲੋਹਗੜ੍ਹ ਵਿਖੇ 244.51 ਕਰੋੜ ਰੁਪਏ ਦੀ ਲਾਗਤ ਨਾਲ ਬਾਬਾ ਬੰਦਾ ਸਿੰਘ ਬਹਾਦਰ ਯਾਦਗਾਰ ਅਤੇ ਥੀਮ ਪਾਰਕ ਦਾ ਨਿਰਮਾਣ ਵੀ ਕੀਤਾ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਹਰਿਆਣਾ ਸਰਕਾਰ ਨੇ 1984 ਦੇ ਦੰਗਿਆਂ ਵਿੱਚ ਆਪਣੇ ਪਰਿਵਾਰਕ ਮੈਂਬਰ ਗੁਆਉਣ ਵਾਲੇ 121 ਸਿੱਖ ਪਰਿਵਾਰਾਂ ਦੇ ਇੱਕ-ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਪ੍ਰਬੰਧ ਕੀਤਾ ਹੈ। ਇਸ ਤੋਂ ਇਲਾਵਾ ਦਸੰਬਰ 2022 ਵਿੱਚ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਥਾਪਨਾ ਕਰਕੇ ਸਿੱਖ ਭਾਈਚਾਰੇ ਦੀ ਲੰਬੇ ਸਮੇਂ ਤੋਂ ਚਲੀ ਆ ਰਹੀ ਮੰਗ ਨੂੰ ਪੂਰਾ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਸਿੱਖ ਗੁਰੂ ਸਾਹਿਬਾਨ ਦੀ ਯਾਦ ਨੂੰ ਰਾਸ਼ਟਰੀ ਪੱਧਰ 'ਤੇ ਸਨਮਾਨ ਦਿੱਤਾ ਗਿਆ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ, ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਵਰ੍ਹਾ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਯਾਦ ਵਿੱਚ ਵੀਰ ਬਾਲ ਦਿਵਸ ਮਨਾਉਣ ਵਰਗੇ ਉਪਰਾਲੇ ਇਸ ਦੀਆਂ ਉਦਾਹਰਨਾਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਿੱਖ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਉਨ੍ਹਾਂ ਦੀ ਮਹਾਨ ਵਿਰਾਸਤ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਲਈ ਲਗਾਤਾਰ ਯਤਨਸ਼ੀਲ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH