
ਡੱਲੇਕੇ ਪਿੰਡ 'ਚ ਵਾਰਦਾਤ, ਸਰਪੰਚ ਤੇ ਪਤੀ ਵਾਲ-ਵਾਲ ਬਚੇ; ਪੁਲਿਸ ਨੇ ਮੁਲਜ਼ਮਾਂ ਦੀ ਪਛਾਣ ਕਰਕੇ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਸ਼ੁਰੂ
ਚੰਡੀਗੜ੍ਹ, 25 ਨਵੰਬਰ (ਹਿੰ.ਸ.)| ਤਰਨਤਾਰਨ: ਤਰਨਤਾਰਨ ਜ਼ਿਲ੍ਹੇ ਦੇ ਪਿੰਡ ਡੱਲੇਕੇ ਵਿੱਚ ਮੰਗਲਵਾਰ ਨੂੰ ਅਣਪਛਾਤੇ ਹਮਲਾਵਰਾਂ ਵੱਲੋਂ ਆਮ ਆਦਮੀ ਪਾਰਟੀ ਦੀ ਮਹਿਲਾ ਸਰਪੰਚ ਮਨਜੀਤ ਕੌਰ ਅਤੇ ਉਸ ਦੇ ਪਤੀ ਸੁਖਬੀਰ ਸਿੰਘ 'ਤੇ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲਾਵਰਾਂ ਨੇ ਦੋਵਾਂ ਨੂੰ ਨਿਸ਼ਾਨਾ ਬਣਾਉਂਦਿਆਂ ਚਾਰ ਗੋਲੀਆਂ ਚਲਾਈਆਂ, ਪਰ ਗਨੀਮਤ ਰਹੀ ਕਿ ਦੋਵੇਂ ਸੁਰੱਖਿਅਤ ਬਚ ਗਏ। ਪੁਲਿਸ ਨੇ ਬੁੱਧਵਾਰ ਨੂੰ ਦੱਸਿਆ ਕਿ ਹਮਲਾਵਰਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
ਪੁਲਿਸ ਅਨੁਸਾਰ ਘਟਨਾ ਸਮੇਂ ਸਰਪੰਚ ਮਨਜੀਤ ਕੌਰ ਆਪਣੇ ਪਤੀ ਸੁਖਬੀਰ ਸਿੰਘ ਦੇ ਮੋਟਰਸਾਈਕਲ 'ਤੇ ਪਿੱਛੇ ਬੈਠੀ ਹੋਈ ਸੀ। ਇਸ ਦੌਰਾਨ ਸੜਕ ਦੇ ਚੌਰਾਹੇ ਨੇੜੇ ਹਮਲਾਵਰਾਂ ਨੇ ਸੁਖਬੀਰ ਸਿੰਘ ਨੂੰ ਘੇਰ ਲਿਆ ਅਤੇ ਚਾਰ ਗੋਲੀਆਂ ਚਲਾ ਦਿੱਤੀਆਂ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ।
ਤਰਨਤਾਰਨ ਦੇ ਐੱਸਐੱਸਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਪੁਲਿਸ ਵੱਲੋਂ ਮੁਲਜ਼ਮਾਂ ਦੀ ਪਛਾਣ ਕਰ ਲਈ ਗਈ ਹੈ। ਉਨ੍ਹਾਂ ਦਾ ਪਹਿਲਾਂ ਤੋਂ ਵੀ ਅਪਰਾਧਿਕ ਰਿਕਾਰਡ ਮੌਜੂਦ ਹੈ। ਪੁਲਿਸ ਮੁਤਾਬਕ ਪੀੜਤ ਪਰਿਵਾਰ ਅਤੇ ਮੁਲਜ਼ਮਾਂ ਵਿਚਾਲੇ ਨਿੱਜੀ ਵਿਵਾਦ ਵੀ ਚੱਲ ਰਿਹਾ ਸੀ।
ਐੱਸਐੱਸਪੀ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰਨ ਲਈ ਪੁਲਿਸ ਦੀਆਂ ਕਈ ਟੀਮਾਂ ਬਣਾਈਆਂ ਗਈਆਂ ਹਨ। ਇਲਾਕੇ ਦੇ ਵੱਖ-ਵੱਖ ਸਥਾਨਾਂ ਤੋਂ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ, ਤਾਂ ਜੋ ਘਟਨਾ ਨਾਲ ਜੁੜੀਆਂ ਹੋਰ ਕੜੀਆਂ ਨੂੰ ਜੋੜਿਆ ਜਾ ਸਕੇ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਦੂਜੇ ਪਾਸੇ, ਸਰਪੰਚ ਮਨਜੀਤ ਕੌਰ ਨੇ ਦੋਸ਼ ਲਾਇਆ ਕਿ ਇਹ ਹਮਲਾ ਉਨ੍ਹਾਂ ਦੇ ਪਤੀ ਵੱਲੋਂ ਤਰਨਤਾਰਨ ਇਲਾਕੇ ਵਿੱਚ ਨਸ਼ਿਆਂ ਦੀ ਗੈਰ-ਕਾਨੂੰਨੀ ਵਿਕਰੀ ਦਾ ਵਿਰੋਧ ਕਰਨ ਕਾਰਨ ਕੀਤਾ ਗਿਆ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਨਸ਼ਾ ਤਸਕਰਾਂ ਵੱਲੋਂ ਨਸ਼ਿਆਂ ਵਿਰੁੱਧ ਉੱਠ ਰਹੀ ਆਵਾਜ਼ ਨੂੰ ਦਬਾਉਣ ਲਈ ਉਨ੍ਹਾਂ ਦੇ ਪਤੀ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਹਾਲਾਂਕਿ, ਪੁਲਿਸ ਨੇ ਮੁੱਢਲੀ ਜਾਂਚ ਵਿੱਚ ਨਿੱਜੀ ਰੰਜਿਸ਼ ਦੀ ਗੱਲ ਵੀ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਹੈ। ਫਿਲਹਾਲ ਪੁਲਿਸ ਵੱਲੋਂ ਸਾਰੇ ਪਹਿਲੂਆਂ ਨੂੰ ਧਿਆਨ ਵਿੱਚ ਰੱਖ ਕੇ ਜਾਂਚ ਕੀਤੀ ਜਾ ਰਹੀ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH