
ਕਿਹਾ- ਪੰਜ ਸਾਲਾਂ ਦੇ ਰਿਪੋਰਟ ਕਾਰਡ ਦਾ ਸਿਹਰਾ ਲੈਣ ਤੋਂ ਪਹਿਲਾਂ ਨਸ਼ਾ, ਕਾਨੂੰਨ ਵਿਵਸਥਾ, ਕਰਜ਼ੇ ਅਤੇ ਇਸ਼ਤਿਹਾਰਬਾਜ਼ੀ ਬਾਰੇ ਜਵਾਬ ਦੇਣ 'ਆਪ' ਆਗੂ
ਚੰਡੀਗੜ੍ਹ, 25 ਨਵੰਬਰ (ਹਿੰ.ਸ.)| ਆਮ ਆਦਮੀ ਪਾਰਟੀ ਦੀ 26 ਨਵੰਬਰ ਨੂੰ ਮੋਗਾ ਵਿੱਚ ਹੋਣ ਵਾਲੀ ਰੈਲੀ ਤੋਂ ਪਹਿਲਾਂ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜ ਅਹਿਮ ਮੁੱਦਿਆਂ 'ਤੇ ਘੇਰਿਆ ਹੈ। ਉਨ੍ਹਾਂ ਨੇ ਦੋਵਾਂ ਆਗੂਆਂ ਤੋਂ ਨਸ਼ਾ, ਕਾਨੂੰਨ ਵਿਵਸਥਾ, ਭ੍ਰਿਸ਼ਟਾਚਾਰ, ਪੰਜਾਬ ਸਿਰ ਵਧ ਰਹੇ ਕਰਜ਼ੇ ਅਤੇ ਸਰਕਾਰੀ ਇਸ਼ਤਿਹਾਰਬਾਜ਼ੀ ਸਬੰਧੀ ਜਵਾਬ ਮੰਗੇ ਹਨ।
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜ ਸਾਲਾਂ ਦੇ ਰਿਪੋਰਟ ਕਾਰਡ ਦਾ ਸਿਹਰਾ ਲੈਣ ਤੋਂ ਪਹਿਲਾਂ ਸਰਕਾਰ ਨੂੰ ਇਨ੍ਹਾਂ ਮੁੱਦਿਆਂ 'ਤੇ ਆਪਣੀ ਜਵਾਬਦੇਹੀ ਤੈਅ ਕਰਨੀ ਚਾਹੀਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੇ ਲੋਕ 'ਆਪ' ਸਰਕਾਰ ਦੀਆਂ ਨੀਤੀਆਂ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ 2,960 ਸਰਕਾਰੀ ਬੱਸਾਂ ਨੂੰ ਨਿਯਮਤ ਰੂਟਾਂ ਤੋਂ ਹਟਾਉਣ ਅਤੇ ਜਨਤਕ ਪੈਸੇ ਦੀ ਵਰਤੋਂ 'ਤੇ ਵੀ ਸਵਾਲ ਚੁੱਕੇ।
ਭਾਜਪਾ ਪ੍ਰਧਾਨ ਨੇ ਕਿਹਾ ਕਿ 'ਆਪ' ਨੇ ਸਰਕਾਰ ਬਣਨ ਤੋਂ ਬਾਅਦ ਤਿੰਨ ਮਹੀਨਿਆਂ ਵਿੱਚ ਨਸ਼ਾ ਖ਼ਤਮ ਕਰਨ ਦੀ ਗਾਰੰਟੀ ਦਿੱਤੀ ਸੀ, ਪਰ ਅੱਜ ਵੀ ਨੌਜਵਾਨ ਨਸ਼ੇ ਦੀ ਲਪੇਟ ਵਿੱਚ ਹਨ ਅਤੇ ਓਵਰਡੋਜ਼ ਕਾਰਨ ਮੌਤਾਂ ਹੋਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਸਵਾਲ ਕੀਤਾ ਕਿ ਨਸ਼ਾ ਖ਼ਤਮ ਕਰਨ ਦੇ ਵਾਅਦੇ ਦਾ ਕੀ ਬਣਿਆ ਅਤੇ ਨਸ਼ੇ ਦੀ ਸਪਲਾਈ ਰੋਕਣ ਵਿੱਚ ਸਰਕਾਰ ਕਿਉਂ ਨਾਕਾਮ ਰਹੀ ਹੈ।
ਕਾਨੂੰਨ ਵਿਵਸਥਾ ਬਾਰੇ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਗੈਂਗਸਟਰਾਂ, ਫਿਰੌਤੀ ਦੀਆਂ ਧਮਕੀਆਂ ਅਤੇ ਦਿਨ-ਦਿਹਾੜੇ ਗੋਲੀਬਾਰੀ ਦੀਆਂ ਘਟਨਾਵਾਂ ਵਧ ਰਹੀਆਂ ਹਨ। ਉਨ੍ਹਾਂ ਤਰਨਤਾਰਨ ਵਿੱਚ ਲੰਗਰ ਤਿਆਰ ਕਰ ਰਹੇ ਨੌਜਵਾਨਾਂ 'ਤੇ ਗੋਲੀਬਾਰੀ ਅਤੇ ਪੁਲਿਸ ਮੁਲਾਜ਼ਮਾਂ ਦੀ ਸੁਰੱਖਿਆ ਨੂੰ ਲੈ ਕੇ ਵੀ ਸਰਕਾਰ ਤੋਂ ਜਵਾਬ ਮੰਗਿਆ।
ਢਿੱਲੋਂ ਨੇ ਦੋਸ਼ ਲਾਇਆ ਕਿ 'ਆਪ' ਸਰਕਾਰ ਦਾ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟੌਲਰੈਂਸ ਦਾ ਵਾਅਦਾ ਸਿਰਫ਼ ਨਾਅਰਾ ਬਣ ਕੇ ਰਹਿ ਗਿਆ ਹੈ। ਉਨ੍ਹਾਂ ਈਡੀ ਦੇ ਸੰਮਨਾਂ ਦਾ ਸਾਹਮਣਾ ਕਰ ਰਹੇ ਅਧਿਕਾਰੀਆਂ ਅਤੇ ਪੀਪੀਐੱਸਸੀ, ਪੀਸੀਐੱਸ, ਪੀਐੱਸਐੱਸਐੱਸਬੀ ਤੇ ਪੀਐੱਸਆਰਐੱਲਐੱਮ ਦੀਆਂ ਭਰਤੀ ਪ੍ਰਕਿਰਿਆਵਾਂ ਨੂੰ ਲੈ ਕੇ ਵੀ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਕਈ ਭਰਤੀਆਂ ਅਦਾਲਤੀ ਰੋਕ ਅਤੇ ਵਿਜੀਲੈਂਸ ਜਾਂਚ ਦੇ ਘੇਰੇ ਵਿੱਚ ਆਈਆਂ ਹਨ।
ਪੰਜਾਬ ਦੀ ਆਰਥਿਕ ਸਥਿਤੀ ਬਾਰੇ ਉਨ੍ਹਾਂ ਕਿਹਾ ਕਿ ਸੂਬੇ ਦਾ ਕਰਜ਼ਾ ਚਾਰ ਲੱਖ ਕਰੋੜ ਰੁਪਏ ਤੋਂ ਪਾਰ ਪਹੁੰਚਣ ਦੇ ਬਾਵਜੂਦ ਸਰਕਾਰ ਆਪਣੀਆਂ ਗਾਰੰਟੀਆਂ ਪੂਰੀਆਂ ਨਹੀਂ ਕਰ ਸਕੀ। ਉਨ੍ਹਾਂ ਔਰਤਾਂ ਨੂੰ ਮਹੀਨਾਵਾਰ ਵਿੱਤੀ ਸਹਾਇਤਾ ਦੇਣ ਵਿੱਚ ਹੋਈ ਦੇਰੀ ਅਤੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਤਨਖ਼ਾਹ ਕਮਿਸ਼ਨ ਨਾਲ ਸਬੰਧਤ ਮਸਲਿਆਂ 'ਤੇ ਵੀ ਸਵਾਲ ਕੀਤੇ।
ਪੰਜਵੇਂ ਸਵਾਲ ਵਿੱਚ ਢਿੱਲੋਂ ਨੇ ਸਰਕਾਰੀ ਇਸ਼ਤਿਹਾਰਬਾਜ਼ੀ 'ਤੇ ਕਰੋੜਾਂ ਰੁਪਏ ਖਰਚਣ ਦੀ ਆਲੋਚਨਾ ਕਰਦਿਆਂ ਪੁੱਛਿਆ ਕਿ ਇਹ ਪੈਸਾ ਸਿੱਖਿਆ, ਸਿਹਤ ਅਤੇ ਖੇਤੀਬਾੜੀ 'ਤੇ ਕਿਉਂ ਨਹੀਂ ਲਗਾਇਆ ਗਿਆ। ਉਨ੍ਹਾਂ ਗੁਜਰਾਤ ਅਤੇ ਦੱਖਣੀ ਭਾਰਤ ਦੇ ਹੋਰਨਾਂ ਸੂਬਿਆਂ ਵਿੱਚ ਇਸ਼ਤਿਹਾਰ ਦੇਣ ਦੇ ਫ਼ੈਸਲੇ 'ਤੇ ਵੀ ਇਤਰਾਜ਼ ਜਤਾਇਆ।
ਉਨ੍ਹਾਂ ਕਿਹਾ ਕਿ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੁੜ ਇਕੱਠੇ ਹੋਣ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 8 ਦਸੰਬਰ ਨੂੰ ਮੋਗਾ ਵਿੱਚ ਹੋਣ ਵਾਲੀ ਰੈਲੀ ਦੇ ਐਲਾਨ ਤੋਂ ਬਾਅਦ 'ਆਪ' ਸਰਕਾਰ ਵਿੱਚ ਘਬਰਾਹਟ ਦਿਖਾਈ ਦੇ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਆਉਣ ਵਾਲੇ ਸਮੇਂ ਵਿੱਚ 'ਆਪ' ਸਰਕਾਰ ਨੂੰ ਉਸ ਦੀ ਕਾਰਗੁਜ਼ਾਰੀ ਦਾ ਜਵਾਬ ਦੇਣਗੇ।
ਹਿੰਦੂਸਥਾਨ ਸਮਾਚਾਰ / GURSHARAN SINGH