ਪੰਜਾਬ ਸਰਕਾਰ ਵੱਲੋਂ ਗੰਨੇ ਦੇ ਭਾਅ ਵਿੱਚ ਵਾਧਾ, 2026-27 ਪਿੜਾਈ ਸੀਜ਼ਨ ਲਈ 431 ਰੁਪਏ ਪ੍ਰਤੀ ਕੁਇੰਟਲ ਕੀਤਾ ਨਿਰਧਾਰਤ
ਦੇਸ਼ ਭਰ ਵਿੱਚ ਸਭ ਤੋਂ ਵੱਧ ਹੋਵੇਗਾ ਪੰਜਾਬ ਵਿੱਚ ਗੰਨੇ ਦਾ ਭਾਅ, 25 ਨਵੰਬਰ ਤੋਂ ਸ਼ੁਰੂ ਹੋਣਗੀਆਂ ਖੰਡ ਮਿੱਲਾਂ: ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ, 25 ਨਵੰਬਰ (ਹਿੰ.ਸ.)| ਪੰਜਾਬ ਸਰਕਾਰ ਨੇ ਗੰਨਾ ਕਾਸ਼ਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਰੁਪਏ
ਮੁੱਖ ਮੰਤਰੀ ਭਗਵੰਤ ਮਾਨ


ਦੇਸ਼ ਭਰ ਵਿੱਚ ਸਭ ਤੋਂ ਵੱਧ ਹੋਵੇਗਾ ਪੰਜਾਬ ਵਿੱਚ ਗੰਨੇ ਦਾ ਭਾਅ, 25 ਨਵੰਬਰ ਤੋਂ ਸ਼ੁਰੂ ਹੋਣਗੀਆਂ ਖੰਡ ਮਿੱਲਾਂ: ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 25 ਨਵੰਬਰ (ਹਿੰ.ਸ.)| ਪੰਜਾਬ ਸਰਕਾਰ ਨੇ ਗੰਨਾ ਕਾਸ਼ਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੇਸ਼ ਵਿੱਚ ਗੰਨੇ ਦੀ ਸਭ ਤੋਂ ਵੱਧ ਕੀਮਤ ਹੈ। ਇਸ ਫੈਸਲੇ ਨਾਲ ਸੂਬੇ ਦੇ ਹਜ਼ਾਰਾਂ ਗੰਨਾ ਉਤਪਾਦਕ ਕਿਸਾਨਾਂ ਨੂੰ ਵਿੱਤੀ ਲਾਭ ਮਿਲੇਗਾ।

ਇਸ ਸਬੰਧੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਮਿਹਨਤ ਦਾ ਪੂਰਾ ਮੁੱਲ ਦਿਵਾਉਣ ਅਤੇ ਉਨ੍ਹਾਂ ਦੀ ਆਰਥਿਕ ਸਥਿਤੀ ਮਜ਼ਬੂਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਪੰਜਾਬ ਭਰ ਦੀਆਂ ਖੰਡ ਮਿੱਲਾਂ 25 ਨਵੰਬਰ, 2026 ਤੋਂ ਆਪਣਾ ਕੰਮਕਾਜ ਸ਼ੁਰੂ ਕਰਨਗੀਆਂ, ਤਾਂ ਜੋ ਕਿਸਾਨਾਂ ਨੂੰ ਗੰਨੇ ਦੀ ਫ਼ਸਲ ਵੇਚਣ ਵਿੱਚ ਕੋਈ ਮੁਸ਼ਕਲ ਨਾ ਆਵੇ।

ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਗੰਨੇ ਦੇ ਭਾਅ ਵਿੱਚ ਕੀਤਾ ਗਿਆ ਵਾਧਾ ਕਿਸਾਨਾਂ ਦੀ ਖੁਸ਼ਹਾਲੀ ਵੱਲ ਇੱਕ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਦੇਸ਼ ਦਾ ਢਿੱਡ ਭਰਨ ਲਈ ਦਿਨ-ਰਾਤ ਮਿਹਨਤ ਕਰਦੇ ਹਨ। ਇਸ ਲਈ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਉਨ੍ਹਾਂ ਨੂੰ ਉਨ੍ਹਾਂ ਦੀ ਫ਼ਸਲ ਦਾ ਲਾਹੇਵੰਦ ਮੁੱਲ ਮਿਲੇ।

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਅਤੇ ਪੇਂਡੂ ਆਰਥਿਕਤਾ ਦੀ ਮਜ਼ਬੂਤੀ ਲਈ ਕਿਸਾਨਾਂ ਦਾ ਆਰਥਿਕ ਤੌਰ 'ਤੇ ਖੁਸ਼ਹਾਲ ਹੋਣਾ ਬਹੁਤ ਜ਼ਰੂਰੀ ਹੈ। ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਅਤੇ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਲਗਾਤਾਰ ਕਿਸਾਨ ਪੱਖੀ ਫੈਸਲੇ ਲੈ ਰਹੀ ਹੈ।

ਉਨ੍ਹਾਂ ਕਿਹਾ ਕਿ ਖੰਡ ਮਿੱਲਾਂ ਦੇ 25 ਨਵੰਬਰ ਤੋਂ ਚਾਲੂ ਹੋਣ ਨਾਲ ਗੰਨਾ ਕਾਸ਼ਤਕਾਰ ਆਪਣੀ ਫ਼ਸਲ ਸਮੇਂ ਸਿਰ ਮਿੱਲਾਂ ਤੱਕ ਪਹੁੰਚਾ ਸਕਣਗੇ। ਇਸ ਨਾਲ ਗੰਨੇ ਦੀ ਖਰੀਦ ਅਤੇ ਪਿੜਾਈ ਦਾ ਕੰਮ ਵੀ ਸੁਚਾਰੂ ਢੰਗ ਨਾਲ ਚੱਲੇਗਾ।

ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਵਿੱਚ ਕਿਸਾਨਾਂ ਨੂੰ ਫ਼ਸਲਾਂ ਦਾ ਲਾਹੇਵੰਦ ਭਾਅ ਦੇਣਾ, ਉਨ੍ਹਾਂ ਦੀ ਆਰਥਿਕਤਾ ਮਜ਼ਬੂਤ ਕਰਨਾ ਅਤੇ ਖੇਤੀਬਾੜੀ ਖੇਤਰ ਨੂੰ ਹੋਰ ਵਿਕਸਤ ਕਰਨਾ ਸ਼ਾਮਲ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande