ਸੁਲਤਾਨਪੁਰ ਲੋਧੀ ’ਚ 3.67 ਕਰੋੜ ਦੀ ਲਾਗਤ ਨਾਲ ਬਣੇਗੀ ‘ਸ੍ਰੀ ਗੁਰੂ ਨਾਨਕ ਦੇਵ ਜੀ ਗਿਆਨ ਸਰੋਵਰ ਲਾਇਬ੍ਰੇਰੀ’
ਸੁਲਤਾਨਪੁਰ ਲੋਧੀ, 25 ਨਵੰਬਰ (ਹਿੰ.ਸ.)| ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿੱਚ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਪੜ੍ਹਨ ਦੇ ਸੱਭਿਆਚਾਰ ਨਾਲ ਜੋੜਨ ਅਤੇ ਉਨ੍ਹਾਂ ਦੇ ਬੌਧਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ 3.67 ਕਰੋੜ ਰੁਪਏ ਦੀ ਲਾਗਤ ਨਾਲ ‘ਸ੍ਰੀ ਗੁਰੂ ਨਾਨਕ ਦੇਵ ਜੀ ਗਿਆਨ ਸਰੋਵਰ ਲਾਇਬ੍ਰੇਰੀ’ ਦੀ ਉਸਾਰੀ
‘ਸ੍ਰੀ ਗੁਰੂ ਨਾਨਕ ਦੇਵ ਜੀ ਗਿਆਨ ਸਰੋਵਰ ਲਾਇਬ੍ਰੇਰੀ’ ਦੇ ਮਾਡਲ ਦੀ ਫੋਟੋ।


ਸੁਲਤਾਨਪੁਰ ਲੋਧੀ, 25 ਨਵੰਬਰ (ਹਿੰ.ਸ.)| ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿੱਚ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਪੜ੍ਹਨ ਦੇ ਸੱਭਿਆਚਾਰ ਨਾਲ ਜੋੜਨ ਅਤੇ ਉਨ੍ਹਾਂ ਦੇ ਬੌਧਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ 3.67 ਕਰੋੜ ਰੁਪਏ ਦੀ ਲਾਗਤ ਨਾਲ ‘ਸ੍ਰੀ ਗੁਰੂ ਨਾਨਕ ਦੇਵ ਜੀ ਗਿਆਨ ਸਰੋਵਰ ਲਾਇਬ੍ਰੇਰੀ’ ਦੀ ਉਸਾਰੀ ਕੀਤੀ ਜਾਵੇਗੀ। ਸੁਲਤਾਨਪੁਰ ਲੋਧੀ ਸਮਾਰਟ ਸਿਟੀ ਦੀ ਕਾਰਜਕਾਰੀ ਕਮੇਟੀ ਵੱਲੋਂ ਇਸ ਪ੍ਰੋਜੈਕਟ ਨੂੰ ਪ੍ਰਸ਼ਾਸਕੀ ਪ੍ਰਵਾਨਗੀ ਦੇ ਦਿੱਤੀ ਗਈ ਹੈ।

ਇਹ ਦੋ ਮੰਜ਼ਿਲਾ ਲਾਇਬ੍ਰੇਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਸੁਲਤਾਨਪੁਰ ਲੋਧੀ ਵਿਖੇ ਬਣਾਈ ਜਾਵੇਗੀ। ਇਸ ਦਾ ਉਦੇਸ਼ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਪੜ੍ਹਾਈ, ਖੋਜ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਆਧੁਨਿਕ ਸਹੂਲਤਾਂ ਵਾਲਾ ਮਾਹੌਲ ਮੁਹੱਈਆ ਕਰਵਾਉਣਾ ਹੈ। ਇਸ ਦੇ ਨਾਲ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅਤੇ ਫਲਸਫੇ ਦਾ ਪ੍ਰਸਾਰ ਕਰਕੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਉਨ੍ਹਾਂ ਦੇ ਸੰਦੇਸ਼ ਨਾਲ ਜੋੜਿਆ ਜਾਵੇਗਾ।

ਪ੍ਰੋਜੈਕਟ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਸੀ.ਈ.ਓ. ਸੁਲਤਾਨਪੁਰ ਲੋਧੀ ਸਮਾਰਟ ਸਿਟੀ ਆਕਾਸ਼ ਬਾਂਸਲ ਨੇ ਦੱਸਿਆ ਕਿ ਲਾਇਬ੍ਰੇਰੀ ਦੀ ਇਮਾਰਤ ਨੂੰ ਆਧੁਨਿਕ ਅਤੇ ਆਕਰਸ਼ਕ ਰੂਪ ਦੇਣ ਲਈ ਇਸ ਦੇ ਨਕਸ਼ੇ ਪੰਜਾਬ ਦੇ ਆਰਕੀਟੈਕਚਰ ਵਿਭਾਗ ਦੇ ਸੀਨੀਅਰ ਆਰਕੀਟੈਕਟ ਵੱਲੋਂ ਲੋਕ ਨਿਰਮਾਣ ਵਿਭਾਗ (ਬੀ ਐਂਡ ਆਰ) ਦੇ ਸਹਿਯੋਗ ਨਾਲ ਤਿਆਰ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਨੌਜਵਾਨਾਂ ਲਈ ਮਿਆਰੀ ਸਿੱਖਿਆ ਸਹੂਲਤਾਂ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਨਾਲ ਸਬੰਧਤ ਸਰੋਤਾਂ ਤੱਕ ਪਹੁੰਚ ਬਹੁਤ ਜ਼ਰੂਰੀ ਹੈ। ਇਹ ਲਾਇਬ੍ਰੇਰੀ ਨਾ ਸਿਰਫ਼ ਵਿਦਿਅਕ ਟੀਚਿਆਂ ਦੀ ਪ੍ਰਾਪਤੀ ਵਿੱਚ ਮਦਦਗਾਰ ਹੋਵੇਗੀ, ਸਗੋਂ ਸੁਲਤਾਨਪੁਰ ਲੋਧੀ ਦੀ ਅਮੀਰ ਅਧਿਆਤਮਿਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਵੀ ਉਤਸ਼ਾਹਿਤ ਕਰੇਗੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੋਕ ਨਿਰਮਾਣ ਵਿਭਾਗ (ਬੀ ਐਂਡ ਆਰ) ਇਸ ਪ੍ਰੋਜੈਕਟ ਦੀ ਕਾਰਜਕਾਰੀ ਏਜੰਸੀ ਹੋਵੇਗੀ। ਉਸਾਰੀ ਕਾਰਜਾਂ ਲਈ 23 ਨਵੰਬਰ ਨੂੰ ਟੈਂਡਰ ਜਾਰੀ ਕਰ ਦਿੱਤੇ ਗਏ ਹਨ। ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਪ੍ਰਵਾਨਿਤ ਨਕਸ਼ਿਆਂ ਅਤੇ ਨਿਰਧਾਰਤ ਮਾਪਦੰਡਾਂ ਅਨੁਸਾਰ ਉੱਚ ਗੁਣਵੱਤਾ ਵਾਲਾ ਕੰਮ ਯਕੀਨੀ ਬਣਾਉਂਦਿਆਂ ਪ੍ਰੋਜੈਕਟ ਨੂੰ ਅੱਠ ਮਹੀਨਿਆਂ ਦੇ ਅੰਦਰ ਮੁਕੰਮਲ ਕੀਤਾ ਜਾਵੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande