
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੂਨਦਾਨ ਕੈਂਪ ’ਚ 50 ਤੋਂ ਵੱਧ ਯੂਨਿਟ ਖੂਨ ਇਕੱਤਰ
ਖਰੜ, 25 ਨਵੰਬਰ (ਹਿੰ.ਸ.)| ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਅਗਵਾਈ ਹੇਠ ਆਰ.ਆਰ. ਇਨੀਸ਼ੀਏਟਿਵ ਸੰਸਥਾ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੌਥਾ ਖੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਖੂਨਦਾਨੀਆਂ ਦੇ ਉਤਸ਼ਾਹਪੂਰਨ ਸਹਿਯੋਗ ਨਾਲ 50 ਤੋਂ ਵੱਧ ਯੂਨਿਟ ਖੂਨ ਇਕੱਤਰ ਕੀਤਾ ਗਿਆ। ਇਸ ਉਪਰਾਲੇ ਦਾ ਮਕਸਦ ਲੋੜਵੰਦ ਮਰੀਜ਼ਾਂ ਲਈ ਖੂਨ ਦੀ ਉਪਲਬਧਤਾ ਯਕੀਨੀ ਬਣਾਉਣ ਦੇ ਨਾਲ ਲੋਕਾਂ ਨੂੰ ਸਵੈ-ਇੱਛੁਕ ਖੂਨਦਾਨ ਲਈ ਪ੍ਰੇਰਿਤ ਕਰਨਾ ਸੀ।
ਕੈਂਪ ਵਿੱਚ ਭਾਰਤੀ ਰੈੱਡ ਕਰਾਸ ਸੁਸਾਇਟੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਪ੍ਰੋ. ਪ੍ਰਧਾਨ ਰੈਨਰੀਟਾ ਡਚਲਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਪ੍ਰੋਜੈਕਟ ਮੈਨੇਜਰ ਪੰਕਜ ਸ਼ਰਮਾ, ਸਹਾਇਕ ਜ਼ਿਲ੍ਹਾ ਰੈੱਡ ਕਰਾਸ ਅਧਿਕਾਰੀ ਗੁਰਪ੍ਰੀਤ ਸਿੰਘ ਅਤੇ ਵਿਸ਼ਵਾਸ ਫਾਊਂਡੇਸ਼ਨ ਦੇ ਸ਼ਿਸ਼ੂ ਪਾਲ ਸਮੇਤ ਵੱਖ-ਵੱਖ ਸਮਾਜਿਕ ਅਤੇ ਰਾਜਨੀਤਿਕ ਸੰਸਥਾਵਾਂ ਦੇ ਨੁਮਾਇੰਦੇ ਮੌਜੂਦ ਸਨ।
ਰੈਨਰੀਟਾ ਡਚਲਵਾਲ ਨੇ ਖੂਨਦਾਨੀਆਂ ਅਤੇ ਪ੍ਰਬੰਧਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਦੀ ਸੇਵਾ, ਬਰਾਬਰਤਾ ਅਤੇ ਪਰਉਪਕਾਰ ਦਾ ਸੰਦੇਸ਼ ਦਿੱਤਾ ਹੈ। ਖੂਨਦਾਨ ਇਸੇ ਭਾਵਨਾ ਦੀ ਸਾਰਥਕ ਮਿਸਾਲ ਹੈ, ਕਿਉਂਕਿ ਇੱਕ ਵਿਅਕਤੀ ਵੱਲੋਂ ਕੀਤਾ ਗਿਆ ਖੂਨਦਾਨ ਕਿਸੇ ਲੋੜਵੰਦ ਨੂੰ ਜੀਵਨਦਾਨ ਦੇਣ ਵਿੱਚ ਸਹਾਈ ਹੋ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਨਿਯਮਿਤ ਤੌਰ ’ਤੇ ਸਵੈ-ਇੱਛੁਕ ਖੂਨਦਾਨ ਕਰਨ ਦੀ ਅਪੀਲ ਕੀਤੀ।
ਆਰ.ਆਰ. ਇਨੀਸ਼ੀਏਟਿਵ ਸੰਸਥਾ ਦੀ ਸੰਸਥਾਪਕ ਨਵਨੀਤ ਕੌਰ ਨੇ ਕੈਂਪ ਦੇ ਸਫ਼ਲ ਆਯੋਜਨ ਲਈ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ, ਵਿਸ਼ਵਾਸ ਫਾਊਂਡੇਸ਼ਨ, ਗੁਰਦੁਆਰਾ ਪ੍ਰਬੰਧਕ ਕਮੇਟੀ, ਹੋਮੀ ਭਾਭਾ ਕੈਂਸਰ ਹਸਪਤਾਲ, ਨਿਊ ਚੰਡੀਗੜ੍ਹ ਅਤੇ ਸਮੂਹ ਸਹਿਯੋਗੀ ਸੰਸਥਾਵਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਖੂਨਦਾਨ ਕੈਂਪ ਲਗਾਉਣਾ ਮਨੁੱਖਤਾ ਦੀ ਸੇਵਾ ਅਤੇ ਪਰਉਪਕਾਰ ਦੇ ਸੰਦੇਸ਼ ਨੂੰ ਅਮਲ ਵਿੱਚ ਲਿਆਉਣ ਦਾ ਉਪਰਾਲਾ ਹੈ।
ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਾਜਿੰਦਰ ਸਿੰਘ ਨੇ ਮਹਿਮਾਨਾਂ ਦਾ ਸਿਰੋਪਾਓ ਭੇਟ ਕਰਕੇ ਸਨਮਾਨ ਕੀਤਾ। ਕੈਂਪ ਦੀ ਸਫ਼ਲਤਾ ਵਿੱਚ ਖੂਨਦਾਨੀਆਂ, ਵਲੰਟੀਅਰਾਂ ਅਤੇ ਸਹਿਯੋਗੀ ਸੰਸਥਾਵਾਂ ਨੇ ਅਹਿਮ ਭੂਮਿਕਾ ਨਿਭਾਈ। ਪ੍ਰਬੰਧਕਾਂ ਨੇ ਭਵਿੱਖ ਵਿੱਚ ਵੀ ਅਜਿਹੇ ਲੋਕ ਭਲਾਈ ਦੇ ਉਪਰਾਲੇ ਜਾਰੀ ਰੱਖਣ ਦਾ ਭਰੋਸਾ ਦਿੱਤਾ।
ਹਿੰਦੂਸਥਾਨ ਸਮਾਚਾਰ / GURSHARAN SINGH