ਸੰਵਿਧਾਨ ਸੱਤਾ ਤੋਂ ਵੱਡਾ, ਦੇਸ਼ ਨੂੰ ਬਚਾਉਣ ਲਈ ਇਕਜੁੱਟ ਹੋਣ ਦੀ ਲੋੜ: ਪਰਗਟ ਸਿੰਘ
‘ਸੰਵਿਧਾਨ ਬਚਾਓ-ਨਸ਼ਾ ਵਿਰੋਧੀ ਰੈਲੀ’ ਵਿੱਚ ‘ਆਪ’ ਅਤੇ ਭਾਜਪਾ ਸਰਕਾਰਾਂ ’ਤੇ ਸਾਧੇ ਨਿਸ਼ਾਨੇ, ਪੰਜਾਬ ਨੂੰ ਬਚਾਉਣ ਲਈ ਕਾਂਗਰਸ ਵਚਨਬੱਧ ਅੰਮ੍ਰਿਤਸਰ, 26 ਨਵੰਬਰ (ਹਿੰ.ਸ.)| ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਨੇ ਕਿਹਾ ਕਿ ਸੰਵਿਧਾਨ ਸੱਤਾ ਤੋਂ ਕਿਤੇ ਵੱਡਾ ਹੈ ਅਤੇ ਅੱਜ ਦੇਸ਼ ਨੂੰ ਸ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ


‘ਸੰਵਿਧਾਨ ਬਚਾਓ-ਨਸ਼ਾ ਵਿਰੋਧੀ ਰੈਲੀ’ ਵਿੱਚ ‘ਆਪ’ ਅਤੇ ਭਾਜਪਾ ਸਰਕਾਰਾਂ ’ਤੇ ਸਾਧੇ ਨਿਸ਼ਾਨੇ, ਪੰਜਾਬ ਨੂੰ ਬਚਾਉਣ ਲਈ ਕਾਂਗਰਸ ਵਚਨਬੱਧ

ਅੰਮ੍ਰਿਤਸਰ, 26 ਨਵੰਬਰ (ਹਿੰ.ਸ.)| ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਨੇ ਕਿਹਾ ਕਿ ਸੰਵਿਧਾਨ ਸੱਤਾ ਤੋਂ ਕਿਤੇ ਵੱਡਾ ਹੈ ਅਤੇ ਅੱਜ ਦੇਸ਼ ਨੂੰ ਸੰਵਿਧਾਨ, ਲੋਕਤੰਤਰ ਅਤੇ ਲੋਕਾਂ ਦੇ ਅਧਿਕਾਰਾਂ ਦੀ ਰਾਖੀ ਲਈ ਇਕਜੁੱਟ ਹੋ ਕੇ ਖੜ੍ਹੇ ਹੋਣ ਦੀ ਲੋੜ ਹੈ।

ਉਹ ਅੱਜ ਅੰਮ੍ਰਿਤਸਰ ਵਿਖੇ ਕਰਵਾਈ ਗਈ ‘ਸੰਵਿਧਾਨ ਬਚਾਓ-ਨਸ਼ਾ ਵਿਰੋਧੀ ਰੈਲੀ’ ਨੂੰ ਸੰਬੋਧਨ ਕਰ ਰਹੇ ਸਨ।

ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਵੱਲੋਂ ਦਿੱਤਾ ਗਿਆ ਸੰਵਿਧਾਨ ਹਰ ਨਾਗਰਿਕ ਨੂੰ ਬਰਾਬਰੀ, ਸਨਮਾਨ ਅਤੇ ਨਿਆਂ ਦੇ ਅਧਿਕਾਰ ਦਿੰਦਾ ਹੈ। ਸੰਵਿਧਾਨ ਸਿਰਫ਼ ਦਸਤਾਵੇਜ਼ ਨਹੀਂ, ਸਗੋਂ ਦੇਸ਼ ਦੀ ਆਤਮਾ ਅਤੇ ਲੋਕਤੰਤਰ ਦੀ ਨੀਂਹ ਹੈ।

ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸਰਕਾਰਾਂ ਸੰਵਿਧਾਨਕ ਸੰਸਥਾਵਾਂ ਨੂੰ ਕਮਜ਼ੋਰ ਕਰ ਰਹੀਆਂ ਹਨ ਅਤੇ ਸੱਤਾ ਵਿੱਚ ਬੈਠੇ ਲੋਕ ਆਪਣੇ ਆਪ ਨੂੰ ਸੰਵਿਧਾਨ ਤੋਂ ਉੱਪਰ ਸਮਝਣ ਲੱਗ ਪਏ ਹਨ।

ਪਰਗਟ ਸਿੰਘ ਨੇ ਕਿਸਾਨ ਅੰਦੋਲਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਵਿਰੁੱਧ ਕਰੀਬ ਦੋ ਸਾਲ ਚੱਲੇ ਸੰਘਰਸ਼ ਦੌਰਾਨ 750 ਕਿਸਾਨਾਂ ਨੇ ਸ਼ਹਾਦਤ ਦਿੱਤੀ।

ਇਹ ਸੰਘਰਸ਼ ਸਿਰਫ਼ ਕਿਸਾਨਾਂ ਦੇ ਹੱਕਾਂ ਦੀ ਲੜਾਈ ਨਹੀਂ, ਸਗੋਂ ਲੋਕਤੰਤਰੀ ਕਦਰਾਂ-ਕੀਮਤਾਂ ਦੀ ਰਾਖੀ ਲਈ ਵੀ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਰਾਈਟ ਟੂ ਐਜੂਕੇਸ਼ਨ ਅਤੇ ਰਾਈਟ ਟੂ ਇਨਫਰਮੇਸ਼ਨ ਵਰਗੇ ਕਾਨੂੰਨਾਂ ਰਾਹੀਂ ਆਮ ਲੋਕਾਂ ਨੂੰ ਮਜ਼ਬੂਤ ਅਧਿਕਾਰ ਦਿੱਤੇ ਹਨ।

ਉਨ੍ਹਾਂ ਦੇਸ਼ ਵਿੱਚ ਵਧ ਰਹੀ ਬੇਰੁਜ਼ਗਾਰੀ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਤਕਨਾਲੋਜੀ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਦਾ ਦੌਰ ਆਉਣ ਦੇ ਬਾਵਜੂਦ ਨੌਜਵਾਨਾਂ ਨੂੰ ਰੁਜ਼ਗਾਰ ਲਈ ਸੰਘਰਸ਼ ਕਰਨਾ ਪੈ ਰਿਹਾ ਹੈ। ਉਨ੍ਹਾਂ ਭਾਜਪਾ ’ਤੇ ਨਫ਼ਰਤ ਦੀ ਰਾਜਨੀਤੀ ਰਾਹੀਂ ਸਮਾਜ ਵਿੱਚ ਵੰਡੀਆਂ ਪਾਉਣ ਦੇ ਦੋਸ਼ ਵੀ ਲਗਾਏ।

ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਦਿਆਂ ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ‘ਆਪ’ ਸਰਕਾਰ ਭਾਜਪਾ ਦੀ ਬੀ ਟੀਮ ਵਜੋਂ ਕੰਮ ਕਰ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਸੂਬੇ ਵਿੱਚ ਵਿਕਾਸ ਦੀ ਬਜਾਏ ਪੁਲਿਸ ਪ੍ਰਸ਼ਾਸਨ ਨੂੰ ਤਰਜੀਹ ਦਿੱਤੀ ਗਈ। ਸਰਕਾਰ ਨਾ ਤਾਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਅਤੇ ਨਾ ਹੀ ਮਰੀਜ਼ਾਂ ਨੂੰ ਲੋੜੀਂਦੀਆਂ ਸਿਹਤ ਸਹੂਲਤਾਂ ਦੇ ਸਕੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ, ਬੇਰੁਜ਼ਗਾਰੀ ਅਤੇ ਵਿਗੜਦੀ ਕਾਨੂੰਨ-ਵਿਵਸਥਾ ਦੀ ਸਮੱਸਿਆ ਗੰਭੀਰ ਬਣੀ ਹੋਈ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਬੇਅਦਬੀ ਦੇ ਮਾਮਲਿਆਂ ਵਿੱਚ ਚਾਰ ਮਹੀਨਿਆਂ ਅੰਦਰ ਇਨਸਾਫ਼ ਦਿਵਾਉਣ ਅਤੇ ਨਸ਼ਿਆਂ ਦਾ ਖਾਤਮਾ ਕਰਨ ਦੇ ਵਾਅਦੇ ਪੂਰੇ ਕਰਨ ਵਿੱਚ ਅਸਫਲ ਰਹੇ ਹਨ। ਉਨ੍ਹਾਂ ਦੇਸ਼ ਸਿਰ ਵਧ ਰਹੇ ਕਰਜ਼ੇ ਦਾ ਮੁੱਦਾ ਚੁੱਕਦਿਆਂ ਲਗਭਗ 225 ਲੱਖ ਕਰੋੜ ਰੁਪਏ ਦੇ ਕਰਜ਼ੇ ’ਤੇ ਵੀ ਚਿੰਤਾ ਜਤਾਈ।

ਪਰਗਟ ਸਿੰਘ ਨੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਪੰਜਾਬ ਦੇ ਹਿੱਤਾਂ ਲਈ ਆਪਸੀ ਮਤਭੇਦ ਭੁਲਾ ਕੇ ਇਕਜੁੱਟ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਨੂੰ ਬਚਾਉਣ ਅਤੇ ਇਸ ਦਾ ਭਵਿੱਖ ਸੁਰੱਖਿਅਤ ਕਰਨ ਲਈ ਵਚਨਬੱਧ ਹੈ। ਇਸ ਮੌਕੇ ਪ੍ਰਤਾਪ ਸਿੰਘ ਬਾਜਵਾ, ਡਾ. ਅਮਰ ਸਿੰਘ, ਗੁਰਜੀਤ ਸਿੰਘ ਔਜਲਾ ਅਤੇ ਹੋਰ ਸੀਨੀਅਰ ਕਾਂਗਰਸੀ ਆਗੂ ਤੇ ਵੱਡੀ ਗਿਣਤੀ ਵਿੱਚ ਵਰਕਰ ਮੌਜੂਦ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande