
‘ਆਪ’ ’ਤੇ ਡਰ ਦਾ ਮਾਹੌਲ ਪੈਦਾ ਕਰਨ ਅਤੇ ਗੈਂਗਸਟਰਾਂ ਤੇ ਗੁੰਡਿਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਦੇ ਲਾਏ ਦੋਸ਼ ਸਰਕਾਰੀ ਪੈਸੇ ਨਾਲ ਸਿਆਸੀ ਰੈਲੀ ਕਰਵਾਉਣ ਨੂੰ ਦੱਸਿਆ ਵੱਡਾ ਭ੍ਰਿਸ਼ਟਾਚਾਰ
ਚੰਡੀਗੜ੍ਹ, 26 ਨਵੰਬਰ (ਹਿੰ.ਸ.)| ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਮੋਗਾ ਵਿੱਚ ਕੀਤੀ ਗਈ ਸਿਆਸੀ ਰੈਲੀ ਨੂੰ ਲੈ ਕੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕੇਜਰੀਵਾਲ ਦੇ ਪੰਜਾਬ ਦੌਰੇ ’ਤੇ ਸਵਾਲ ਉਠਾਉਂਦਿਆਂ ਪੁੱਛਿਆ ਕਿ ਕੀ ਉਹ ਇਸ ਵਾਰ ਵੀ 2017 ਵਾਂਗ ਕਿਸੇ ਕਥਿਤ ਖ਼ਾਲਿਸਤਾਨੀ ਸਮਰਥਕ ਦੇ ਘਰ ਠਹਿਰਨਗੇ। ਜਾਖੜ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਸੂਬੇ ਵਿੱਚ ਡਰ ਅਤੇ ਅਸ਼ਾਂਤੀ ਦਾ ਮਾਹੌਲ ਪੈਦਾ ਕਰਨ ਦੀ ਨੀਤੀ ’ਤੇ ਕੰਮ ਕਰ ਰਹੀ ਹੈ।
ਸੁਨੀਲ ਜਾਖੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਕਥਿਤ ਨੀਤੀ ਸਾਮ, ਦਾਮ, ਦੰਡ, ਭੇਦ ਅਤੇ ਲੜਾਈ-ਝਗੜੇ ਰਾਹੀਂ ਸੱਤਾ ਹਾਸਲ ਕਰਨਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਸੇ ਨੀਤੀ ਤਹਿਤ ਪਾਰਟੀ ਵਿੱਚ ਗੈਂਗਸਟਰਾਂ ਅਤੇ ਅਪਰਾਧਿਕ ਪਿਛੋਕੜ ਵਾਲੇ ਲੋਕਾਂ ਨੂੰ ਸ਼ਾਮਲ ਕੀਤਾ ਜਾ ਰਿਹਾ ਹੈ। ਉਨ੍ਹਾਂ ਸਵਾਲ ਕੀਤਾ ਕਿ ਕੀ ਹੁਣ ਪਾਰਟੀ ਵੱਖਵਾਦੀ ਤਾਕਤਾਂ ਨਾਲ ਜੁੜੇ ਲੋਕਾਂ ਨੂੰ ਵੀ ਟਿਕਟਾਂ ਦੇਣ ਦੀ ਤਿਆਰੀ ਕਰ ਰਹੀ ਹੈ?
ਜਾਖੜ ਨੇ ਕਿਹਾ ਕਿ ਜਦੋਂ ਤੋਂ ਆਮ ਆਦਮੀ ਪਾਰਟੀ ਪੰਜਾਬ ਦੀ ਸੱਤਾ ਵਿੱਚ ਆਈ ਹੈ, ਉਦੋਂ ਤੋਂ ਸੂਬੇ ਦਾ ਮਾਹੌਲ ਲਗਾਤਾਰ ਖ਼ਰਾਬ ਹੋ ਰਿਹਾ ਹੈ। ਉਨ੍ਹਾਂ ਅਨੁਸਾਰ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਕਰਨਾ ਪਾਰਟੀ ਦੀ ਸਿਆਸੀ ਰਣਨੀਤੀ ਦਾ ਹਿੱਸਾ ਜਾਪਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਰੋਜ਼ਾਨਾ ਸੜਕਾਂ ’ਤੇ ਹੋ ਰਹੀਆਂ ਗੋਲੀਬਾਰੀ ਦੀਆਂ ਘਟਨਾਵਾਂ ਕਾਰਨ ਡਰ ਅਤੇ ਅਸੁਰੱਖਿਆ ਦਾ ਸਾਹਮਣਾ ਕਰ ਰਹੇ ਹਨ।
ਮੋਗਾ ਵਿੱਚ ਹੋਈ ਰੈਲੀ ਬਾਰੇ ਜਾਖੜ ਨੇ ਕਿਹਾ ਕਿ ਇਸ ਨੂੰ ਸਰਕਾਰੀ ਪੱਧਰ ਦਾ ਸਮਾਗਮ ਦੱਸਿਆ ਗਿਆ, ਪਰ ਅਸਲ ਵਿੱਚ ਇਹ ਪੂਰੀ ਤਰ੍ਹਾਂ ਸਿਆਸੀ ਰੈਲੀ ਸੀ। ਉਨ੍ਹਾਂ ਦੋਸ਼ ਲਾਇਆ ਕਿ ਲੋਕਾਂ ਦੇ ਟੈਕਸਾਂ ਦੇ ਪੈਸੇ ਨਾਲ ਪਾਰਟੀ ਦਾ ਸਿਆਸੀ ਪ੍ਰਚਾਰ ਕਰਨਾ ਵੱਡੇ ਭ੍ਰਿਸ਼ਟਾਚਾਰ ਦੇ ਬਰਾਬਰ ਹੈ। ਉਨ੍ਹਾਂ ਰੈਲੀ ਦੇ ਪ੍ਰਬੰਧਾਂ ਵਿੱਚ ਲੱਗੇ ਅਧਿਕਾਰੀਆਂ ਨੂੰ ਵੀ ਚਿਤਾਵਨੀ ਦਿੱਤੀ ਕਿ ਸਰਕਾਰੀ ਖ਼ਰਚਿਆਂ ਦੇ ਬਿੱਲ ਪਾਸ ਕਰਨ ਤੋਂ ਪਹਿਲਾਂ ਸਾਰੇ ਕਾਨੂੰਨਾਂ ਅਤੇ ਨਿਯਮਾਂ ਦੀ ਜਾਂਚ ਜ਼ਰੂਰ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਪੈਸੇ ਦੀ ਦੁਰਵਰਤੋਂ ਕਰਨ ਵਾਲਿਆਂ ਤੋਂ ਜਵਾਬਦੇਹੀ ਤੈਅ ਕੀਤੀ ਜਾਵੇਗੀ।
ਸੁਨੀਲ ਜਾਖੜ ਨੇ ਸੋਸ਼ਲ ਮੀਡੀਆ ’ਤੇ ਸਾਂਝੇ ਕੀਤੇ ਆਪਣੇ ਸੁਨੇਹੇ ਵਿੱਚ ਸੰਵਿਧਾਨ ਦਿਵਸ ਦਾ ਹਵਾਲਾ ਦਿੰਦਿਆਂ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਸਵਾਲ ਕੀਤਾ ਕਿ ਕੀ ਸੰਵਿਧਾਨ ਵਿੱਚ ਕਿਤੇ ਵੀ ਚੋਣਾਂ ਜਿੱਤਣ ਲਈ ਸਾਮ, ਦਾਮ, ਦੰਡ, ਭੇਦ, ਲੜਾਈ-ਝਗੜੇ ਅਤੇ ਝੂਠ-ਸੱਚ ਦਾ ਸਹਾਰਾ ਲੈਣ ਦੀ ਇਜਾਜ਼ਤ ਦਿੱਤੀ ਗਈ ਹੈ।
ਉਨ੍ਹਾਂ 2017 ਵਿੱਚ ਕੇਜਰੀਵਾਲ ਦੇ ਮੋਗਾ ਦੌਰੇ ਦੌਰਾਨ ਖ਼ਾਲਿਸਤਾਨ ਕਮਾਂਡੋ ਫੋਰਸ ਨਾਲ ਕਥਿਤ ਤੌਰ ’ਤੇ ਜੁੜੇ ਇੱਕ ਵਿਅਕਤੀ ਦੇ ਘਰ ਠਹਿਰਨ ਦੇ ਮਾਮਲੇ ਦਾ ਹਵਾਲਾ ਦਿੰਦਿਆਂ ਪੁੱਛਿਆ ਕਿ ਕੀ ਇਸ ਵਾਰ ਵੀ ਉਸ ਵਿਅਕਤੀ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਜਾਵੇਗਾ। ਜਾਖੜ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਗੈਂਗਸਟਰਾਂ ਅਤੇ ਅਪਰਾਧੀਆਂ ਨੂੰ ਪਾਰਟੀ ਨਾਲ ਜੋੜਨ ਦੀਆਂ ਕੋਸ਼ਿਸ਼ਾਂ ਸੂਬੇ ਦੀ ਅਮਨ-ਸ਼ਾਂਤੀ ਲਈ ਖ਼ਤਰਾ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸੂਬੇ ਵਿੱਚ ਬਣ ਰਹੇ ਹਾਲਾਤਾਂ ਨੂੰ ਦੇਖ ਵੀ ਰਹੇ ਹਨ ਅਤੇ ਭੁਗਤ ਵੀ ਰਹੇ ਹਨ।
ਹਿੰਦੂਸਥਾਨ ਸਮਾਚਾਰ / GURSHARAN SINGH