
ਪੰਜਾਬ ਦੇ ਪਾਣੀਆਂ, ਚੰਡੀਗੜ੍ਹ, ਬੰਦੀ ਸਿੱਖਾਂ ਅਤੇ ਪੰਜਾਬੀ ਬੋਲਦੇ ਇਲਾਕਿਆਂ ਦੇ ਮੁੱਦਿਆਂ ’ਤੇ ਅਕਾਲੀ ਦਲ ਨੂੰ ਘੇਰਿਆ ਝੋਨੇ ਦੀ ਖਰੀਦ ਵਿੱਚ 5,000 ਕਰੋੜ ਰੁਪਏ ਦੇ ਘੁਟਾਲੇ ਦਾ ਵੀ ਲਾਇਆ ਦੋਸ਼
ਜਲੰਧਰ, 26 ਨਵੰਬਰ (ਹਿੰ.ਸ.)| ਆਲ ਇੰਡੀਆ ਕਿਸਾਨ ਕਾਂਗਰਸ ਦੇ ਚੇਅਰਮੈਨ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅਕਾਲੀ-ਭਾਜਪਾ ਗੱਠਜੋੜ ਨੂੰ ਸਿਆਸੀ ਮੌਕਾਪ੍ਰਸਤੀ ਅਤੇ ਮਜਬੂਰੀ ਦਾ ਸਮਝੌਤਾ ਕਰਾਰ ਦਿੱਤਾ ਹੈ। ਜਲੰਧਰ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਨੇ ਸਿਰਫ਼ ਚੋਣਾਂ ਵਿੱਚ ਸੀਟਾਂ ਦੀ ਵੰਡ ਅਤੇ ਸੱਤਾ ਹਾਸਲ ਕਰਨ ਲਈ ਹੱਥ ਮਿਲਾਇਆ ਹੈ, ਜਦਕਿ ਪੰਜਾਬ ਦੇ ਅਹਿਮ ਮੁੱਦਿਆਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰ ਦਿੱਤਾ ਹੈ।
ਖਹਿਰਾ ਨੇ ਅਕਾਲੀ ਦਲ ਤੋਂ ਸਵਾਲ ਕੀਤਾ ਕਿ ਕੀ ਉਸ ਨੇ ਭਾਜਪਾ ਨਾਲ ਗੱਠਜੋੜ ਕਰਨ ਲਈ ਪੰਜਾਬ ਦੇ ਪਾਣੀਆਂ, ਚੰਡੀਗੜ੍ਹ ’ਤੇ ਹੱਕ, ਬੰਦੀ ਸਿੱਖਾਂ ਦੀ ਰਿਹਾਈ, ਬੀਬੀਐੱਮਬੀ ਵਿੱਚ ਪੰਜਾਬ ਦੀ ਹਿੱਸੇਦਾਰੀ ਅਤੇ ਪੰਜਾਬੀ ਬੋਲਦੇ ਇਲਾਕਿਆਂ ਨੂੰ ਸੂਬੇ ਵਿੱਚ ਸ਼ਾਮਲ ਕਰਵਾਉਣ ਵਰਗੇ ਮੁੱਦਿਆਂ ’ਤੇ ਆਪਣਾ ਪੁਰਾਣਾ ਸਟੈਂਡ ਛੱਡ ਦਿੱਤਾ ਹੈ? ਉਨ੍ਹਾਂ ਕਿਹਾ ਕਿ ਅਕਾਲੀ ਦਲ ਇੱਕ ਖੇਤਰੀ ਪਾਰਟੀ ਰਹੀ ਹੈ, ਜਿਸ ਦੀ ਵਿਚਾਰਧਾਰਾ ਸੂਬਿਆਂ ਦੇ ਵੱਧ ਅਧਿਕਾਰਾਂ ਅਤੇ ਮਜ਼ਬੂਤ ਸੰਘੀ ਢਾਂਚੇ ’ਤੇ ਆਧਾਰਿਤ ਸੀ, ਪਰ ਹੁਣ ਉਹ ਉਸੇ ਭਾਜਪਾ ਨਾਲ ਖੜ੍ਹਾ ਹੈ ਜੋ ਸੱਤਾ ਦੇ ਕੇਂਦਰੀਕਰਨ ਦੀ ਨੀਤੀ ਅਪਣਾ ਰਹੀ ਹੈ।
ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਨੇ ਪਹਿਲਾਂ ਵੀ ਨਿਤੀਸ਼ ਕੁਮਾਰ ਦੀ ਪਾਰਟੀ ਅਤੇ ਸ਼ਿਵ ਸੈਨਾ ਵਰਗੀਆਂ ਖੇਤਰੀ ਪਾਰਟੀਆਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਹੈ। ਖਹਿਰਾ ਨੇ ਚਿਤਾਵਨੀ ਦਿੱਤੀ ਕਿ ਭਵਿੱਖ ਵਿੱਚ ਭਾਜਪਾ ਅਕਾਲੀ ਦਲ ਨੂੰ ਵੀ ਆਪਣੇ ਅਧੀਨ ਕਰਕੇ ਖ਼ਤਮ ਕਰ ਸਕਦੀ ਹੈ। ਉਨ੍ਹਾਂ ਜੰਮੂ-ਕਸ਼ਮੀਰ ਦਾ ਵਿਸ਼ੇਸ਼ ਦਰਜਾ ਖ਼ਤਮ ਕਰਨ ਅਤੇ 'ਵਨ ਨੇਸ਼ਨ, ਵਨ ਇਲੈਕਸ਼ਨ' ਦੀ ਨੀਤੀ ਨੂੰ ਵੀ ਕੇਂਦਰੀਕਰਨ ਦੀਆਂ ਉਦਾਹਰਨਾਂ ਦੱਸਿਆ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਸ਼ਿਆਂ ਸਬੰਧੀ ਬਿਆਨ ’ਤੇ ਸਵਾਲ ਚੁੱਕਦਿਆਂ ਖਹਿਰਾ ਨੇ ਕਿਹਾ ਕਿ ਪੰਜਾਬ ਵਿੱਚੋਂ ਦਸੰਬਰ 2029 ਤੱਕ ਨਸ਼ਾ ਖ਼ਤਮ ਕਰਨ ਦੀ ਗੱਲ ਨੂੰ ਭਾਜਪਾ ਦੀ ਸੱਤਾ ਪ੍ਰਾਪਤੀ ਨਾਲ ਜੋੜਨਾ ਪੰਜਾਬ ਦੇ ਲੋਕਾਂ ਨਾਲ ਬੇਇਨਸਾਫ਼ੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨਸ਼ਿਆਂ ਨੂੰ ਖ਼ਤਮ ਕਰਨ ਲਈ ਗੰਭੀਰ ਹੈ ਤਾਂ ਉਸ ਨੂੰ ਹੁਣੇ ਕਾਰਵਾਈ ਕਰਨੀ ਚਾਹੀਦੀ ਹੈ।
ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਘੇਰਦਿਆਂ ਉਨ੍ਹਾਂ ਹੜ੍ਹ ਪੀੜਤਾਂ ਨੂੰ ਪੂਰਾ ਮੁਆਵਜ਼ਾ ਨਾ ਮਿਲਣ ਦਾ ਮੁੱਦਾ ਚੁੱਕਿਆ। ਇਸ ਦੇ ਨਾਲ ਹੀ ਝੋਨੇ ਦੀ ਖਰੀਦ ਵਿੱਚ ਲਗਭਗ 5,000 ਕਰੋੜ ਰੁਪਏ ਦੇ ਘੁਟਾਲੇ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਪੱਛਮੀ ਉੱਤਰ ਪ੍ਰਦੇਸ਼ ਤੋਂ ਸਸਤੇ ਭਾਅ ’ਤੇ ਝੋਨਾ ਖਰੀਦ ਕੇ ਪੰਜਾਬ ਦੇ ਖਰੀਦ ਕੋਟੇ ਵਿੱਚ ਸ਼ਾਮਲ ਕੀਤੇ ਜਾਣ ਕਾਰਨ ਪੰਜਾਬ ਦੇ ਕਿਸਾਨਾਂ ਨੂੰ ਵੱਡਾ ਨੁਕਸਾਨ ਹੋਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਿਸਾਨਾਂ ਨੂੰ ਪ੍ਰਤੀ ਕੁਇੰਟਲ ਲਗਭਗ 1,000 ਰੁਪਏ ਤੱਕ ਦਾ ਨੁਕਸਾਨ ਝੱਲਣਾ ਪਿਆ ਹੈ।
ਖਹਿਰਾ ਨੇ ਕਿਹਾ ਕਿ ਸਰਕਾਰ ਵੱਲੋਂ 180 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਟੀਚਾ ਪੂਰਾ ਹੋਣ ਦਾ ਦਾਅਵਾ ਕਰਦਿਆਂ 31 ਅਕਤੂਬਰ ਤੋਂ ਖਰੀਦ ਬੰਦ ਕਰ ਦਿੱਤੀ ਗਈ, ਜਦਕਿ ਮਲੋਟ ਮੰਡੀ ਵਿੱਚ ਕਰੀਬ ਪੰਜ ਲੱਖ ਬੋਰੀਆਂ ਝੋਨੇ ਦੀਆਂ ਪਈਆਂ ਹਨ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਕਿਸਾਨਾਂ ਦੀ ਫ਼ਸਲ ’ਤੇ ਹੋਈ ਕਟੌਤੀ ਦੀ ਭਰਪਾਈ ਕਰਕੇ ਉਨ੍ਹਾਂ ਨੂੰ ਪੂਰਾ ਭੁਗਤਾਨ ਯਕੀਨੀ ਬਣਾਇਆ ਜਾਵੇ।
ਖਹਿਰਾ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਿਆਸੀ ਗੱਠਜੋੜਾਂ ਪਿੱਛੇ ਲੁਕੇ ਮਨਸੂਬਿਆਂ ਨੂੰ ਸਮਝਣ ਅਤੇ ਸੂਬੇ ਦੇ ਹਿੱਤਾਂ ਨਾਲ ਜੁੜੇ ਮੁੱਦਿਆਂ ’ਤੇ ਸੁਚੇਤ ਰਹਿਣ। ਇਸ ਮੌਕੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਰਾਜਿੰਦਰ ਬੇਰੀ, ਰਣਜੀਤ ਸਿੰਘ ਮਿੱਠਾ ਅਤੇ ਹੋਰ ਕਾਂਗਰਸੀ ਆਗੂ ਮੌਜੂਦ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH