
ਮੋਗਾ, 26 ਨਵੰਬਰ (ਹਿੰ.ਸ.)| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ 10 ਲੱਖ ਨਵੇਂ ਲਾਭਪਾਤਰੀਆਂ ਨੂੰ ਖੁਰਾਕ ਸੁਰੱਖਿਆ ਯੋਜਨਾ ਦਾ ਲਾਭ ਪਹੁੰਚਾਉਣ ਲਈ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬਿਨਾਂ ਕਿਸੇ ਰਿਸ਼ਵਤ, ਸਿਫ਼ਾਰਸ਼ ਜਾਂ ਸਿਆਸੀ ਦਖ਼ਲਅੰਦਾਜ਼ੀ ਦੇ ਸਿਰਫ਼ ਯੋਗ ਅਤੇ ਲੋੜਵੰਦ ਪਰਿਵਾਰਾਂ ਦੀ ਚੋਣ ਕੀਤੀ ਗਈ ਹੈ। ਇਸ ਲਈ ਪੂਰੀ ਪ੍ਰਕਿਰਿਆ ਡਿਜੀਟਲ, ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਮੁਕੰਮਲ ਕੀਤੀ ਗਈ ਹੈ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਵਿੱਚ ਮੁੱਖ ਮੰਤਰੀ ਨੇ ਨਵੇਂ ਲਾਭਪਾਤਰੀਆਂ ਨੂੰ ‘ਮੇਰੀ ਰਸੋਈ’ ਰਾਸ਼ਨ ਕਿੱਟਾਂ ਵੀ ਵੰਡੀਆਂ। ਇਨ੍ਹਾਂ ਕਿੱਟਾਂ ਵਿੱਚ ਦੋ ਕਿਲੋ ਦਾਲਾਂ, ਦੋ ਕਿਲੋ ਖੰਡ, ਇੱਕ ਕਿਲੋ ਨਮਕ, 200 ਗ੍ਰਾਮ ਹਲਦੀ ਅਤੇ ਇੱਕ ਲੀਟਰ ਸਰ੍ਹੋਂ ਦਾ ਤੇਲ ਸ਼ਾਮਲ ਹੈ। ਇਸ ਤੋਂ ਇਲਾਵਾ ਲਾਭਪਾਤਰੀਆਂ ਨੂੰ ਕੌਮੀ ਖੁਰਾਕ ਸੁਰੱਖਿਆ ਐਕਟ ਤਹਿਤ ਪ੍ਰਤੀ ਮੈਂਬਰ ਹਰ ਮਹੀਨੇ ਪੰਜ ਕਿਲੋ ਮੁਫ਼ਤ ਕਣਕ ਵੀ ਦਿੱਤੀ ਜਾਵੇਗੀ।
ਮੁੱਖ ਮੰਤਰੀ ਨੇ ਦੱਸਿਆ ਕਿ ਜੁਲਾਈ ਮਹੀਨੇ ਵਿੱਚ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਤਹਿਤ ਸਰਕਾਰ ਨੂੰ ਕੁੱਲ 19.25 ਲੱਖ ਆਨਲਾਈਨ ਅਰਜ਼ੀਆਂ ਪ੍ਰਾਪਤ ਹੋਈਆਂ ਸਨ। ਇਹ ਅਰਜ਼ੀਆਂ ਸੇਵਾ ਕੇਂਦਰਾਂ, ਕਾਮਨ ਸਰਵਿਸ ਸੈਂਟਰਾਂ ਅਤੇ ਆਨਲਾਈਨ ਪੋਰਟਲ ਰਾਹੀਂ ਦਿੱਤੀਆਂ ਗਈਆਂ ਸਨ। ਇਸ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਘਰ-ਘਰ ਜਾ ਕੇ ਤਸਦੀਕ ਕੀਤੀ ਗਈ ਅਤੇ ਯੋਗ ਪਰਿਵਾਰਾਂ ਦੀ ਪਛਾਣ ਕੀਤੀ ਗਈ।
ਉਨ੍ਹਾਂ ਕਿਹਾ ਕਿ ਸਰਕਾਰ ਨੇ ਲਾਭਪਾਤਰੀਆਂ ਦੀ ਚੋਣ ਲਈ ਡਿਜੀਟਲ ਡੇਟਾ ਅਤੇ ਨਿਰਪੱਖ ਅੰਕ ਪ੍ਰਣਾਲੀ ਦੀ ਵਰਤੋਂ ਕੀਤੀ ਹੈ, ਤਾਂ ਜੋ ਸਰਕਾਰੀ ਸਹੂਲਤਾਂ ਦਾ ਲਾਭ ਅਸਲ ਹੱਕਦਾਰਾਂ ਤੱਕ ਪਹੁੰਚ ਸਕੇ।
ਮੁੱਖ ਮੰਤਰੀ ਨੇ ਦੱਸਿਆ ਕਿ ਇਸ ਸਮੇਂ ਪੰਜਾਬ ਵਿੱਚ ਕੌਮੀ ਖੁਰਾਕ ਸੁਰੱਖਿਆ ਐਕਟ ਤਹਿਤ 39.73 ਲੱਖ ਪਰਿਵਾਰਾਂ ਦੇ ਲਗਭਗ 1.36 ਕਰੋੜ ਲੋਕ ਲਾਭ ਪ੍ਰਾਪਤ ਕਰ ਰਹੇ ਹਨ। ਨਵੇਂ ਚੁਣੇ ਗਏ ਪਰਿਵਾਰਾਂ ਨੂੰ ਉਨ੍ਹਾਂ ਦੇ ਰਜਿਸਟਰਡ ਮੋਬਾਈਲ ਨੰਬਰਾਂ ’ਤੇ ਐੱਸਐੱਮਐੱਸ, ਆਈਵੀਐੱਰਐੱਸ ਕਾਲਾਂ ਅਤੇ ਪੱਤਰਾਂ ਰਾਹੀਂ ਸੂਚਿਤ ਕੀਤਾ ਜਾ ਰਿਹਾ ਹੈ। ਲਾਭਪਾਤਰੀ ਆਪਣੇ ਅਰਜ਼ੀ ਨੰਬਰ ਰਾਹੀਂ ਆਨਲਾਈਨ ਪੋਰਟਲ ’ਤੇ ਅਰਜ਼ੀ ਦੀ ਸਥਿਤੀ ਵੀ ਦੇਖ ਸਕਦੇ ਹਨ।
ਉਨ੍ਹਾਂ ਕਿਹਾ ਕਿ ਰਾਸ਼ਨ ਕਾਰਡਾਂ ਨੂੰ ਆਨਲਾਈਨ ਰਾਸ਼ਨ ਵੰਡ ਪ੍ਰਣਾਲੀ ਨਾਲ ਜੋੜਨ ਦੀ ਪ੍ਰਕਿਰਿਆ ਜਾਰੀ ਹੈ। ਸਾਰੇ ਪਰਿਵਾਰਕ ਮੈਂਬਰਾਂ ਨੂੰ ਆਪਣੇ ਨਜ਼ਦੀਕੀ ਰਾਸ਼ਨ ਡਿਪੂ ’ਤੇ ਜਾ ਕੇ ਈ-ਕੇਵਾਈਸੀ ਕਰਵਾਉਣੀ ਲਾਜ਼ਮੀ ਹੋਵੇਗੀ।
ਮੁੱਖ ਮੰਤਰੀ ਨੇ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਦੇਰੀ ਆਪਣੀ ਈ-ਕੇਵਾਈਸੀ ਪੂਰੀ ਕਰਵਾਉਣ, ਤਾਂ ਜੋ ਮੁਫ਼ਤ ਕਣਕ ਸਮੇਤ ਹੋਰ ਸਹੂਲਤਾਂ ਲਗਾਤਾਰ ਮਿਲਦੀਆਂ ਰਹਿਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਗਰੀਬ ਅਤੇ ਕਮਜ਼ੋਰ ਵਰਗਾਂ ਦੀ ਖੁਰਾਕ ਸੁਰੱਖਿਆ ਯਕੀਨੀ ਬਣਾਉਣ ਲਈ ਵਚਨਬੱਧ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH