ਪੰਜਾਬ ਦੀਆਂ 520 ਰਜਿਸਟਰਡ ਗਊਸ਼ਾਲਾਵਾਂ ਨੂੰ ਮਿਲੇਗੀ 100 ਕਰੋੜ ਦੀ ਗ੍ਰਾਂਟ, ਮੁੱਖ ਮੰਤਰੀ ਮਾਨ ਨੇ ਦਿੱਤੀ ਮਨਜ਼ੂਰੀ
ਅਗਲੇ 2-3 ਦਿਨਾਂ ਵਿੱਚ ਗਊਸ਼ਾਲਾਵਾਂ ਦੇ ਖਾਤਿਆਂ ਵਿੱਚ ਟਰਾਂਸਫਰ ਹੋਵੇਗੀ ਰਾਸ਼ੀ, 2.20 ਲੱਖ ਪਸ਼ੂਆਂ ਨੂੰ ਮਿਲੇਗਾ ਲਾਭ: ਅਮਨ ਅਰੋੜਾ ਚੰਡੀਗੜ੍ਹ, 27 ਨਵੰਬਰ (ਹਿੰ.ਸ.)| ਪੰਜਾਬ ਵਿੱਚ ਬੇਸਹਾਰਾ ਪਸ਼ੂਧਨ ਦੀ ਦੇਖਭਾਲ ਅਤੇ ਪਸ਼ੂ ਭਲਾਈ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੀਆਂ
'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਜਾਣਕਾਰੀ ਦਿੰਦੇ ਹੋਏ।


ਅਗਲੇ 2-3 ਦਿਨਾਂ ਵਿੱਚ ਗਊਸ਼ਾਲਾਵਾਂ ਦੇ ਖਾਤਿਆਂ ਵਿੱਚ ਟਰਾਂਸਫਰ ਹੋਵੇਗੀ ਰਾਸ਼ੀ, 2.20 ਲੱਖ ਪਸ਼ੂਆਂ ਨੂੰ ਮਿਲੇਗਾ ਲਾਭ: ਅਮਨ ਅਰੋੜਾ

ਚੰਡੀਗੜ੍ਹ, 27 ਨਵੰਬਰ (ਹਿੰ.ਸ.)| ਪੰਜਾਬ ਵਿੱਚ ਬੇਸਹਾਰਾ ਪਸ਼ੂਧਨ ਦੀ ਦੇਖਭਾਲ ਅਤੇ ਪਸ਼ੂ ਭਲਾਈ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੀਆਂ 520 ਰਜਿਸਟਰਡ ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਵਿੱਚ 500 ਗਊਸ਼ਾਲਾਵਾਂ ਅਤੇ 20 ਸਰਕਾਰੀ ਕੈਟਲ ਪੌਂਡ ਸ਼ਾਮਲ ਹਨ। ਇਹ ਰਾਸ਼ੀ ਇੱਕੋ ਕਿਸ਼ਤ ਵਿੱਚ ਜਾਰੀ ਕੀਤੀ ਜਾਵੇਗੀ।

ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਉਦਯੋਗ ਅਤੇ ਵਣਜ ਮੰਤਰੀ ਤੇ 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਦੱਸਿਆ ਕਿ ਅਗਲੇ ਦੋ-ਤਿੰਨ ਦਿਨਾਂ ਵਿੱਚ ਇਹ ਗ੍ਰਾਂਟ ਸਬੰਧਤ ਗਊਸ਼ਾਲਾਵਾਂ ਦੇ ਖਾਤਿਆਂ ਵਿੱਚ ਟਰਾਂਸਫਰ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਸੂਬੇ ਦੀਆਂ ਸ਼ਹਿਰੀ ਅਤੇ ਪੇਂਡੂ ਗਊਸ਼ਾਲਾਵਾਂ ਨੂੰ ਵਿੱਤੀ ਸਹਾਇਤਾ ਮਿਲੇਗੀ।

ਅਮਨ ਅਰੋੜਾ ਨੇ ਦੱਸਿਆ ਕਿ ਪਹਿਲਾਂ ਸਰਕਾਰੀ ਸਹਾਇਤਾ ਸਿਰਫ਼ ਸ਼ਹਿਰੀ ਖੇਤਰਾਂ ਦੀਆਂ 228 ਗਊਸ਼ਾਲਾਵਾਂ ਤੱਕ ਸੀਮਤ ਸੀ, ਜਦਕਿ ਪੇਂਡੂ ਖੇਤਰਾਂ ਦੀਆਂ 272 ਗਊਸ਼ਾਲਾਵਾਂ ਨੂੰ ਸਰਕਾਰੀ ਫੰਡ ਨਹੀਂ ਮਿਲਦੇ ਸਨ। ਹੁਣ ਸਰਕਾਰ ਨੇ ਇਹ ਅਸਮਾਨਤਾ ਖ਼ਤਮ ਕਰਦਿਆਂ ਸਾਰੀਆਂ ਰਜਿਸਟਰਡ ਗਊਸ਼ਾਲਾਵਾਂ ਨੂੰ ਸਹਾਇਤਾ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਮੁਤਾਬਕ, ਇਸ 100 ਕਰੋੜ ਰੁਪਏ ਦੀ ਗ੍ਰਾਂਟ ਨਾਲ ਗਊਸ਼ਾਲਾਵਾਂ ਵਿੱਚ ਰੱਖੇ ਲਗਭਗ 2.20 ਲੱਖ ਪਸ਼ੂਆਂ ਨੂੰ ਸਿੱਧਾ ਲਾਭ ਮਿਲੇਗਾ। ਇਸ ਰਾਸ਼ੀ ਦੀ ਵਰਤੋਂ ਪਸ਼ੂਆਂ ਲਈ ਪੌਸ਼ਟਿਕ ਚਾਰਾ, ਦਵਾਈਆਂ, ਇਲਾਜ ਅਤੇ ਹੋਰ ਜ਼ਰੂਰੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੀਤੀ ਜਾਵੇਗੀ।

ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਪਹਿਲਾਂ ਹੀ ਗਊਸ਼ਾਲਾਵਾਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਜਾ ਰਹੀ ਹੈ ਅਤੇ 100 ਕਰੋੜ ਰੁਪਏ ਤੋਂ ਵੱਧ ਦੇ ਪੁਰਾਣੇ ਬਿਜਲੀ ਬਿੱਲ ਵੀ ਮੁਆਫ਼ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਗਊ ਰਕਸ਼ਾ ਦਲਾਂ ਅਤੇ ਗਊਸ਼ਾਲਾ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਵਿੱਤੀ ਸਹਾਇਤਾ ਦੀ ਮੰਗ ਰੱਖੀ ਗਈ ਸੀ, ਜਿਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ।

ਅਮਨ ਅਰੋੜਾ ਨੇ ਕਿਹਾ ਕਿ ਗਊਸ਼ਾਲਾਵਾਂ ਅਤੇ ਪਸ਼ੂ ਭਲਾਈ ਲਈ ਕੰਮ ਕਰਨ ਵਾਲੀਆਂ ਸਮਾਜਿਕ ਸੰਸਥਾਵਾਂ ਦਾ ਯੋਗਦਾਨ ਬੇਹੱਦ ਮਹੱਤਵਪੂਰਨ ਹੈ। ਪੰਜਾਬ ਸਰਕਾਰ ਬੇਸਹਾਰਾ ਪਸ਼ੂਆਂ ਦੀ ਸੁਰੱਖਿਆ ਅਤੇ ਦੇਖਭਾਲ ਲਈ ਹਰ ਸੰਭਵ ਸਹਿਯੋਗ ਜਾਰੀ ਰੱਖੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande