ਕੱਚੇ ਮੁਲਾਜ਼ਮ ਪੱਕੇ ਕਰਨ ਦੀ ਗਾਰੰਟੀ ਦੇ ਕੇ ‘ਆਪ’ ਨੇ ਐਨਐਚਐਮ ਕਾਮਿਆਂ ਦੀ ਪਿੱਠ ’ਚ ਮਾਰਿਆ ਛੁਰਾ: ਸ਼ਵੇਤ ਮਲਿਕ
14 ਹਜ਼ਾਰ ਤੋਂ ਵੱਧ ਸਿਹਤ ਕਾਮਿਆਂ ਨੂੰ ਰੈਗੂਲਰ ਕਰੇ ਮਾਨ ਸਰਕਾਰ, ਬਰਾਬਰ ਕੰਮ ਲਈ ਬਰਾਬਰ ਤਨਖ਼ਾਹ ਦੇਣ ਦੀ ਕੀਤੀ ਮੰਗ 21 ਦਿਨਾਂ ਤੋਂ ਹੜਤਾਲ ਕਾਰਨ ਸਿਹਤ ਸੇਵਾਵਾਂ ਪ੍ਰਭਾਵਿਤ, ਕੇਜਰੀਵਾਲ ਤੇ ਮਾਨ ਦੇ ਚੋਣ ਵਾਅਦੇ ਝੂਠੇ ਸਾਬਤ ਹੋਏ: ਮਲਿਕ ਅੰਮ੍ਰਿਤਸਰ, 27 ਨਵੰਬਰ (ਹਿੰ.ਸ.)| ਭਾਰਤੀ ਜਨਤਾ ਪਾਰਟੀ ਦੇ ਸੀਨ
ਕੱਚੇ ਮੁਲਾਜ਼ਮ ਪੱਕੇ ਕਰਨ ਦੀ ਗਾਰੰਟੀ ਦੇ ਕੇ ‘ਆਪ’ ਨੇ ਐਨਐਚਐਮ ਕਾਮਿਆਂ ਦੀ ਪਿੱਠ ’ਚ ਮਾਰਿਆ ਛੁਰਾ: ਸ਼ਵੇਤ ਮਲਿਕ


14 ਹਜ਼ਾਰ ਤੋਂ ਵੱਧ ਸਿਹਤ ਕਾਮਿਆਂ ਨੂੰ ਰੈਗੂਲਰ ਕਰੇ ਮਾਨ ਸਰਕਾਰ, ਬਰਾਬਰ ਕੰਮ ਲਈ ਬਰਾਬਰ ਤਨਖ਼ਾਹ ਦੇਣ ਦੀ ਕੀਤੀ ਮੰਗ

21 ਦਿਨਾਂ ਤੋਂ ਹੜਤਾਲ ਕਾਰਨ ਸਿਹਤ ਸੇਵਾਵਾਂ ਪ੍ਰਭਾਵਿਤ, ਕੇਜਰੀਵਾਲ ਤੇ ਮਾਨ ਦੇ ਚੋਣ ਵਾਅਦੇ ਝੂਠੇ ਸਾਬਤ ਹੋਏ: ਮਲਿਕ

ਅੰਮ੍ਰਿਤਸਰ, 27 ਨਵੰਬਰ (ਹਿੰ.ਸ.)| ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ, ਸਾਬਕਾ ਸੂਬਾ ਪ੍ਰਧਾਨ ਅਤੇ ਸਾਬਕਾ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਕੌਮੀ ਸਿਹਤ ਮਿਸ਼ਨ (ਐਨਐਚਐਮ) ਅਧੀਨ ਕੰਮ ਕਰ ਰਹੇ 14 ਹਜ਼ਾਰ ਤੋਂ ਵੱਧ ਕੱਚੇ ਸਿਹਤ ਮੁਲਾਜ਼ਮਾਂ ਨਾਲ ਬੇਇਨਸਾਫ਼ੀ ਕਰਨ ਦੇ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਗਾਰੰਟੀ ਦੇ ਕੇ ਸੱਤਾ ਵਿੱਚ ਆਈ ‘ਆਪ’ ਸਰਕਾਰ ਨੇ ਇਨ੍ਹਾਂ ਮੁਲਾਜ਼ਮਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ।

ਸ਼ਵੇਤ ਮਲਿਕ ਨੇ ਕਿਹਾ ਕਿ ਐਨਐਚਐਮ ਅਧੀਨ ਕੰਮ ਕਰ ਰਹੇ ਡਾਕਟਰ, ਕਮਿਊਨਿਟੀ ਹੈਲਥ ਅਫ਼ਸਰ, ਸਟਾਫ਼ ਨਰਸਾਂ, ਏਐਨਐਮ ਅਤੇ ਲੈਬ ਟੈਕਨੀਸ਼ੀਅਨ ਰੈਗੂਲਰ ਮੁਲਾਜ਼ਮਾਂ ਦੇ ਬਰਾਬਰ ਡਿਊਟੀਆਂ ਨਿਭਾ ਰਹੇ ਹਨ, ਪਰ ਉਨ੍ਹਾਂ ਨੂੰ ਬਹੁਤ ਘੱਟ ਤਨਖ਼ਾਹ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਰੈਗੂਲਰ ਨਰਸਾਂ ਨੂੰ 60 ਤੋਂ 70 ਹਜ਼ਾਰ ਰੁਪਏ ਮਹੀਨਾ ਮਿਲਦਾ ਹੈ, ਜਦਕਿ ਐਨਐਚਐਮ ਨਰਸਾਂ ਨੂੰ ਸਿਰਫ਼ 15 ਤੋਂ 20 ਹਜ਼ਾਰ ਰੁਪਏ ਦਿੱਤੇ ਜਾ ਰਹੇ ਹਨ। ਉਨ੍ਹਾਂ ਇਸ ਨੂੰ ਬਰਾਬਰ ਕੰਮ ਬਰਾਬਰ ਤਨਖ਼ਾਹ ਦੇ ਸਿਧਾਂਤ ਦੀ ਉਲੰਘਣਾ ਕਰਾਰ ਦਿੱਤਾ।

ਉਨ੍ਹਾਂ ਕਿਹਾ ਕਿ 15 ਤੋਂ 18 ਸਾਲਾਂ ਦੀ ਸੇਵਾ ਦੇ ਬਾਵਜੂਦ ਇਨ੍ਹਾਂ ਮੁਲਾਜ਼ਮਾਂ ਨੂੰ ਨਾ ਤਾਂ ਪੱਕਾ ਕੀਤਾ ਗਿਆ ਹੈ ਅਤੇ ਨਾ ਹੀ ਗ੍ਰੈਚੁਟੀ, ਪੈਨਸ਼ਨ ਅਤੇ ਮੈਡੀਕਲ ਬੀਮੇ ਵਰਗੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਕਮਿਊਨਿਟੀ ਹੈਲਥ ਅਫ਼ਸਰਾਂ ਦੇ ਪਰਫਾਰਮੈਂਸ ਬੇਸਡ ਇਨਸੈਂਟਿਵ ਵਿੱਚ ਵੀ ਕਟੌਤੀਆਂ ਕੀਤੀਆਂ ਜਾ ਰਹੀਆਂ ਹਨ।

ਭਾਜਪਾ ਆਗੂ ਨੇ ਕਿਹਾ ਕਿ 27 ਨਵੰਬਰ 2021 ਨੂੰ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਮੋਹਾਲੀ ਵਿਖੇ ਧਰਨੇ ਦੌਰਾਨ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਗਾਰੰਟੀ ਦਿੱਤੀ ਸੀ। ਇਸੇ ਤਰ੍ਹਾਂ 22 ਮਾਰਚ 2022 ਨੂੰ 35 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ ਵੀ ਕੀਤਾ ਗਿਆ ਸੀ, ਪਰ ਹੁਣ ਸਰਕਾਰ ਕੇਂਦਰ ਦੀ 60:40 ਫੰਡਿੰਗ ਸਕੀਮ ਦਾ ਹਵਾਲਾ ਦੇ ਕੇ ਆਪਣੀ ਜ਼ਿੰਮੇਵਾਰੀ ਤੋਂ ਪਿੱਛੇ ਹਟ ਰਹੀ ਹੈ।

ਮਲਿਕ ਨੇ ਦਾਅਵਾ ਕੀਤਾ ਕਿ ਲੁਧਿਆਣਾ ਜ਼ਿਲ੍ਹੇ ਦੇ 236 ਆਯੁਸ਼ਮਾਨ ਅਰੋਗਿਆ ਕੇਂਦਰ ਪਿਛਲੇ 21 ਦਿਨਾਂ ਤੋਂ ਹੜਤਾਲ ਕਾਰਨ ਪ੍ਰਭਾਵਿਤ ਹਨ। ਇਸ ਕਾਰਨ ਬੱਚਿਆਂ ਦੀ ਸਕ੍ਰੀਨਿੰਗ ਅਤੇ ਟੀਬੀ ਦੇ ਟੈਸਟ ਵਰਗੀਆਂ ਸਿਹਤ ਸੇਵਾਵਾਂ ਵੀ ਪ੍ਰਭਾਵਿਤ ਹੋ ਰਹੀਆਂ ਹਨ।

ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਾਰੇ ਐਨਐਚਐਮ ਮੁਲਾਜ਼ਮਾਂ ਨੂੰ ਤੁਰੰਤ ਰੈਗੂਲਰ ਕਰਨ ਲਈ ਵਿਸ਼ੇਸ਼ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ, ਬਰਾਬਰ ਕੰਮ ਬਰਾਬਰ ਤਨਖ਼ਾਹ ਲਾਗੂ ਕੀਤੀ ਜਾਵੇ ਅਤੇ ਗ੍ਰੈਚੁਟੀ ਸਬੰਧੀ ਲਿਖਤੀ ਹੁਕਮ ਜਾਰੀ ਕੀਤੇ ਜਾਣ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande