

ਕਾਨੂੰਨ ਵਿਵਸਥਾ ਦੀ ਸਮੀਖਿਆ ਕਰਕੇ ਦਿੱਤੇ ਨਿਰਦੇਸ਼, ਪੇਸ਼ੇਵਰ ਪੁਲਿਸਿੰਗ ਅਤੇ ਜਵਾਬਦੇਹੀ ਯਕੀਨੀ ਬਣਾਉਣ 'ਤੇ ਦਿੱਤਾ ਜ਼ੋਰ
ਫਰੀਦਕੋਟ, 28 ਨਵੰਬਰ (ਹਿੰ.ਸ.)| ਫਰੀਦਕੋਟ ਜ਼ਿਲ੍ਹੇ ਦੇ ਨਵ-ਨਿਯੁਕਤ ਐੱਸਐੱਸਪੀ ਡਾ. ਅੰਕੁਰ ਗੁਪਤਾ ਨੇ ਅਹੁਦਾ ਸੰਭਾਲਣ ਤੋਂ ਅਗਲੇ ਹੀ ਦਿਨ ਪੁਲਿਸ ਪ੍ਰਸ਼ਾਸਨ ਦੀ ਕਾਰਜਪ੍ਰਣਾਲੀ ਦੀ ਸਮੀਖਿਆ ਕੀਤੀ। ਇਸ ਸਬੰਧੀ ਉਨ੍ਹਾਂ ਨੇ ਜ਼ਿਲ੍ਹੇ ਦੇ ਸਾਰੇ ਗਜ਼ਟਿਡ ਪੁਲਿਸ ਅਧਿਕਾਰੀਆਂ, ਐੱਸਐੱਚਓਜ਼, ਪੁਲਿਸ ਚੌਕੀ ਇੰਚਾਰਜਾਂ ਅਤੇ ਵੱਖ-ਵੱਖ ਯੂਨਿਟਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਅਤੇ ਪੁਲਿਸਿੰਗ ਦੀਆਂ ਤਰਜੀਹਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ।
ਮੀਟਿੰਗ ਦੌਰਾਨ ਐੱਸਐੱਸਪੀ ਡਾ. ਅੰਕੁਰ ਗੁਪਤਾ ਨੇ ਅਧਿਕਾਰੀਆਂ ਨੂੰ ਆਪਣੇ-ਆਪਣੇ ਖੇਤਰਾਂ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਲਗਾਤਾਰ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਕਾਇਮ ਰੱਖਣਾ ਪੁਲਿਸ ਦੀ ਮੁੱਖ ਜ਼ਿੰਮੇਵਾਰੀ ਹੈ। ਇਸ ਮਕਸਦ ਦੀ ਪ੍ਰਾਪਤੀ ਲਈ ਸਾਰੇ ਅਧਿਕਾਰੀਆਂ ਨੂੰ ਗੰਭੀਰਤਾ, ਪੂਰੀ ਜ਼ਿੰਮੇਵਾਰੀ ਅਤੇ ਆਪਸੀ ਤਾਲਮੇਲ ਨਾਲ ਕੰਮ ਕਰਨਾ ਹੋਵੇਗਾ।
ਡਾ. ਗੁਪਤਾ ਨੇ ਪੇਸ਼ੇਵਰ ਪੁਲਿਸਿੰਗ ਦੇ ਨਾਲ-ਨਾਲ ਪੁਲਿਸ ਅਧਿਕਾਰੀਆਂ ਦੀ ਜਵਾਬਦੇਹੀ ਯਕੀਨੀ ਬਣਾਉਣ 'ਤੇ ਵਿਸ਼ੇਸ਼ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰ ਤੋਂ ਲੈ ਕੇ ਥਾਣਿਆਂ ਅਤੇ ਪੁਲਿਸ ਚੌਕੀਆਂ ਤੱਕ ਬਿਹਤਰ ਤਾਲਮੇਲ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਇਮਾਨਦਾਰੀ, ਨਿਸ਼ਠਾ ਅਤੇ ਪਾਰਦਰਸ਼ਤਾ ਨਾਲ ਨਿਭਾਉਣ। ਇਸ ਦੇ ਨਾਲ ਹੀ ਪੁਲਿਸ ਪ੍ਰਬੰਧ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਪੁਲਿਸਿੰਗ ਨਾਲ ਜੁੜੇ ਵੱਖ-ਵੱਖ ਮੁੱਦਿਆਂ ਸਬੰਧੀ ਵੀ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ ਗਏ।
ਜ਼ਿਕਰਯੋਗ ਹੈ ਕਿ ਡਾ. ਅੰਕੁਰ ਗੁਪਤਾ ਨੇ ਇੱਕ ਦਿਨ ਪਹਿਲਾਂ ਹੀ ਫਰੀਦਕੋਟ ਦੇ ਐੱਸਐੱਸਪੀ ਵਜੋਂ ਅਹੁਦਾ ਸੰਭਾਲਿਆ ਹੈ। ਇਸ ਤੋਂ ਪਹਿਲਾਂ ਉਹ ਐੱਸਐੱਸਪੀ ਲੁਧਿਆਣਾ ਦਿਹਾਤੀ ਵਜੋਂ ਤਾਇਨਾਤ ਸਨ। ਉਨ੍ਹਾਂ ਦਾ ਤਬਾਦਲਾ ਫਰੀਦਕੋਟ ਦੇ ਸਾਬਕਾ ਐੱਸਐੱਸਪੀ ਗੁਰਬੰਸ ਸਿੰਘ ਬੈਂਸ ਦੀ ਥਾਂ ਕੀਤਾ ਗਿਆ ਹੈ। ਗੁਰਬੰਸ ਸਿੰਘ ਬੈਂਸ ਦਾ ਤਬਾਦਲਾ ਵਿਜੀਲੈਂਸ ਵਿਭਾਗ ਵਿੱਚ ਕੀਤਾ ਗਿਆ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH