ਭਗਤ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਵਾਰਾਣਸੀ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ
20 ਜਨਵਰੀ 2027 ਨੂੰ ਗੁਰਦੁਆਰਾ ਗੁਰੂ ਬਾਗ ਤੋਂ ਹੋਵੇਗੀ ਸ਼ੁਰੂਆਤ, 11 ਦਿਨਾਂ ਦਾ ਸਫ਼ਰ ਤੈਅ ਕਰਕੇ ਪਹੁੰਚੇਗਾ ਸ੍ਰੀ ਅਨੰਦਪੁਰ ਸਾਹਿਬ ਅੰਮ੍ਰਿਤਸਰ, 28 ਨਵੰਬਰ (ਹਿੰ.ਸ.)| ਭਗਤ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਦੀ ਜਨਮ ਭੂਮੀ ਵਾ
ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ।


20 ਜਨਵਰੀ 2027 ਨੂੰ ਗੁਰਦੁਆਰਾ ਗੁਰੂ ਬਾਗ ਤੋਂ ਹੋਵੇਗੀ ਸ਼ੁਰੂਆਤ, 11 ਦਿਨਾਂ ਦਾ ਸਫ਼ਰ ਤੈਅ ਕਰਕੇ ਪਹੁੰਚੇਗਾ ਸ੍ਰੀ ਅਨੰਦਪੁਰ ਸਾਹਿਬ

ਅੰਮ੍ਰਿਤਸਰ, 28 ਨਵੰਬਰ (ਹਿੰ.ਸ.)| ਭਗਤ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਦੀ ਜਨਮ ਭੂਮੀ ਵਾਰਾਣਸੀ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਸਬੰਧੀ ਤਿਆਰੀਆਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਵਾਰਾਣਸੀ ਦੇ ਗੁਰਦੁਆਰਾ ਗੁਰੂ ਬਾਗ ਵਿਖੇ ਸਥਾਨਕ ਸਿੱਖ ਆਗੂਆਂ ਅਤੇ ਪ੍ਰਬੰਧਕਾਂ ਨਾਲ ਮੀਟਿੰਗ ਕੀਤੀ ਅਤੇ ਪ੍ਰਬੰਧਾਂ ਬਾਰੇ ਵਿਚਾਰ-ਵਟਾਂਦਰਾ ਕੀਤਾ।

ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ ਅਤੇ ਭਾਈ ਅਜੈਬ ਸਿੰਘ ਅਭਿਆਸੀ ਦੀ ਅਗਵਾਈ ਹੇਠ ਪਹੁੰਚੇ ਵਫ਼ਦ ਵਿੱਚ ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ ਅਤੇ ਸਿੱਖ ਮਿਸ਼ਨ ਹਾਪੜ ਦੇ ਇੰਚਾਰਜ ਬ੍ਰਿਜਪਾਲ ਸਿੰਘ ਵੀ ਸ਼ਾਮਲ ਸਨ।

ਭਾਈ ਰਾਜਿੰਦਰ ਸਿੰਘ ਮਹਿਤਾ ਅਤੇ ਭਾਈ ਅਜੈਬ ਸਿੰਘ ਅਭਿਆਸੀ ਨੇ ਦੱਸਿਆ ਕਿ ਭਗਤ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਧਾਰਮਿਕ ਸਮਾਗਮ ਉਲੀਕੇ ਗਏ ਹਨ। ਇਸੇ ਲੜੀ ਤਹਿਤ 20 ਜਨਵਰੀ 2027 ਨੂੰ ਗੁਰਦੁਆਰਾ ਗੁਰੂ ਬਾਗ, ਵਾਰਾਣਸੀ ਤੋਂ ਵਿਸ਼ਾਲ ਨਗਰ ਕੀਰਤਨ ਆਰੰਭ ਹੋਵੇਗਾ।

ਇਹ ਨਗਰ ਕੀਰਤਨ ਵੱਖ-ਵੱਖ ਸ਼ਹਿਰਾਂ ਵਿੱਚੋਂ ਹੁੰਦਾ ਹੋਇਆ ਕਰੀਬ 11 ਦਿਨਾਂ ਦਾ ਸਫ਼ਰ ਤੈਅ ਕਰਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਵੇਗਾ। ਇਸ ਦੇ ਪ੍ਰਬੰਧਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਅਧਿਕਾਰੀਆਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ ਹਨ, ਜੋ ਰਸਤੇ ਵਿੱਚ ਪੈਣ ਵਾਲੇ ਪੜਾਵਾਂ 'ਤੇ ਸਥਾਨਕ ਸੰਗਤਾਂ ਅਤੇ ਪ੍ਰਬੰਧਕਾਂ ਨਾਲ ਤਾਲਮੇਲ ਕਰਨਗੇ।

ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਨੁਸਾਰ ਨਗਰ ਕੀਰਤਨ ਵਾਰਾਣਸੀ ਤੋਂ ਸ਼ੁਰੂ ਹੋ ਕੇ ਪ੍ਰਯਾਗਰਾਜ, ਰਾਏਬਰੇਲੀ, ਲਖਨਊ, ਕਾਨਪੁਰ, ਅਲੀਗੜ੍ਹ, ਆਗਰਾ ਅਤੇ ਦਿੱਲੀ ਤੋਂ ਹੁੰਦਾ ਹੋਇਆ ਹਰਿਆਣਾ ਰਾਹੀਂ ਸ੍ਰੀ ਅਨੰਦਪੁਰ ਸਾਹਿਬ ਪਹੁੰਚੇਗਾ।

ਉਨ੍ਹਾਂ ਦੱਸਿਆ ਕਿ ਇਸ ਧਾਰਮਿਕ ਯਾਤਰਾ ਦਾ ਉਦੇਸ਼ ਭਗਤ ਰਵਿਦਾਸ ਜੀ ਦੀ ਬਾਣੀ, ਵਿਚਾਰਧਾਰਾ ਅਤੇ ਮਨੁੱਖਤਾ ਨੂੰ ਦਿੱਤੇ ਬਰਾਬਰੀ ਤੇ ਭਾਈਚਾਰਕ ਸਾਂਝ ਦੇ ਸੰਦੇਸ਼ ਨੂੰ ਵੱਧ ਤੋਂ ਵੱਧ ਸੰਗਤਾਂ ਤੱਕ ਪਹੁੰਚਾਉਣਾ ਹੈ। ਉਨ੍ਹਾਂ ਸਮੂਹ ਸੰਗਤਾਂ ਨੂੰ ਪਰਿਵਾਰਾਂ ਸਮੇਤ ਨਗਰ ਕੀਰਤਨ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।

ਵਫ਼ਦ ਨੇ ਕਿਹਾ ਕਿ ਵਾਰਾਣਸੀ ਦਾ ਸਿੱਖ ਇਤਿਹਾਸ ਵਿੱਚ ਵਿਸ਼ੇਸ਼ ਸਥਾਨ ਹੈ। ਇੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਚਰਨ ਪਾਏ ਸਨ ਅਤੇ ਲੋਕਾਈ ਨੂੰ ਨਾਮ ਸਿਮਰਨ, ਸੱਚੇ ਆਚਰਣ ਅਤੇ ਪਾਖੰਡ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ ਸੀ। ਇਸ ਧਰਤੀ ਦਾ ਭਗਤ ਕਬੀਰ ਜੀ ਅਤੇ ਭਗਤ ਰਵਿਦਾਸ ਜੀ ਨਾਲ ਵੀ ਡੂੰਘਾ ਸਬੰਧ ਹੈ। ਇਸ ਮੌਕੇ ਵਾਰਾਣਸੀ ਦੇ ਸਥਾਨਕ ਸਿੱਖ ਆਗੂਆਂ, ਗੁਰਦੁਆਰਾ ਪ੍ਰਬੰਧਕਾਂ ਅਤੇ ਹੈੱਡ ਗ੍ਰੰਥੀ ਭਾਈ ਰਣਜੀਤ ਸਿੰਘ ਜੌਹਰ ਸਮੇਤ ਕਈ ਸ਼ਖ਼ਸੀਅਤਾਂ ਮੌਜੂਦ ਸਨ। ਉਨ੍ਹਾਂ ਨਗਰ ਕੀਰਤਨ ਦੇ ਪ੍ਰਬੰਧਾਂ ਵਿੱਚ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande