
13 ਸਕੂਲਾਂ ਦੇ 820 ਵਿਦਿਆਰਥੀਆਂ ਨੇ ਦਸਤਾਰ ਮੁਕਾਬਲਿਆਂ ’ਚ ਲਿਆ ਹਿੱਸਾ, ਗਿਆਨੀ ਰਾਜਦੀਪ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੁੜਨ ਦੀ ਕੀਤੀ ਪ੍ਰੇਰਨਾ
ਅੰਮ੍ਰਿਤਸਰ, 04 ਨਵੰਬਰ (ਹਿੰ.ਸ.)| ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸੰਗਤਾਂ ਨੂੰ ਗੁਰਬਾਣੀ, ਸਿੱਖ ਰਹਿਤ ਮਰਯਾਦਾ ਅਤੇ ਗੁਰਮਤਿ ਜੀਵਨ ਨਾਲ ਜੋੜਨ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਚਲਦਾ ਵਹੀਰ ਗੁਰਮਤਿ ਪ੍ਰਚਾਰ ਤੇ ਅੰਮ੍ਰਿਤ ਸੰਚਾਰ ਲਹਿਰ’ ਤਹਿਤ ਗੁਰਦੁਆਰਾ ਪਾਤਸ਼ਾਹੀ ਪਹਿਲੀ ਅੱਚਲ ਸਾਹਿਬ, ਬਟਾਲਾ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰਬਾਣੀ ਦਾ ਲਾਹਾ ਪ੍ਰਾਪਤ ਕੀਤਾ।
ਸਮਾਗਮ ਵਿੱਚ ਵਿਸ਼ੇਸ਼ ਤੌਰ ’ਤੇ ਪਹੁੰਚੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਦੇ ਉਪਦੇਸ਼ਾਂ ਅਨੁਸਾਰ ਜੀਵਨ ਬਤੀਤ ਕਰਨ ਅਤੇ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਗੁਰੂ ਵਾਲੇ ਬਣਨ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਕਿਹਾ ਕਿ ਗੁਰਬਾਣੀ ਮਨੁੱਖ ਨੂੰ ਸੱਚ, ਸੇਵਾ, ਸਿਮਰਨ, ਨਿਮਰਤਾ ਅਤੇ ਪਰਉਪਕਾਰ ਦੇ ਮਾਰਗ ’ਤੇ ਚੱਲਣ ਦੀ ਸੇਧ ਦਿੰਦੀ ਹੈ।
ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਦਰਸਾਏ ਜੀਵਨ ਮਾਰਗ ਨੂੰ ਅਪਣਾ ਕੇ ਮਨੁੱਖ ਆਪਣੇ ਜੀਵਨ ਨੂੰ ਆਤਮਿਕ ਤੌਰ ’ਤੇ ਉੱਚਾ ਚੁੱਕਣ ਦੇ ਨਾਲ-ਨਾਲ ਸਮਾਜ ਦੀ ਬਿਹਤਰੀ ਵਿੱਚ ਵੀ ਯੋਗਦਾਨ ਪਾ ਸਕਦਾ ਹੈ। ਅੱਜ ਦੇ ਸਮੇਂ ਵਿੱਚ ਬੱਚਿਆਂ ਨੂੰ ਸਿੱਖੀ ਦੀਆਂ ਕਦਰਾਂ-ਕੀਮਤਾਂ ਨਾਲ ਜੋੜਨਾ ਅਤੇ ਸਿੱਖ ਰਹਿਤ ਮਰਯਾਦਾ ਅਨੁਸਾਰ ਜੀਵਨ ਜਿਊਣ ਲਈ ਪ੍ਰੇਰਿਤ ਕਰਨਾ ਬੇਹੱਦ ਜ਼ਰੂਰੀ ਹੈ।
ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਦਸਤਾਰ ਮੁਕਾਬਲੇ ਵੀ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ 13 ਸਕੂਲਾਂ ਦੇ ਲਗਭਗ 820 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਮੁਕਾਬਲੇ ਦੋ ਵਰਗਾਂ ਵਿੱਚ ਕਰਵਾਏ ਗਏ।
ਪਹਿਲੇ ਵਰਗ ਵਿੱਚ ਕਾਕਾ ਨਵਜੋਤ ਸਿੰਘ ਨੇ ਪਹਿਲਾ, ਕਾਕਾ ਅਭੀਜੋਤ ਸਿੰਘ ਨੇ ਦੂਜਾ ਅਤੇ ਕਾਕਾ ਸਹਿਬਾਜ਼ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਦੂਜੇ ਵਰਗ ਵਿੱਚ ਕਾਕਾ ਬਲਜੀਤ ਸਿੰਘ ਪਹਿਲੇ, ਕਾਕਾ ਕੁਲਜੀਤ ਸਿੰਘ ਦੂਜੇ ਅਤੇ ਕਾਕਾ ਸਹਿਜਪ੍ਰੀਤ ਸਿੰਘ ਤੀਜੇ ਸਥਾਨ ’ਤੇ ਰਹੇ।
ਇਸ ਮੌਕੇ ਪ੍ਰਚਾਰਕਾਂ, ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਸਿੱਖ ਇਤਿਹਾਸ ਨਾਲ ਸੰਗਤਾਂ ਨੂੰ ਜੋੜਿਆ। ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸੁਰਜੀਤ ਸਿੰਘ ਤੁਗਲਵਾਲ, ਮੈਂਬਰ ਗੁਰਨਾਮ ਸਿੰਘ ਜੱਸਲ, ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ ਅਤੇ ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਨੇ ਵੀ ਸੰਗਤਾਂ ਨੂੰ ਸੰਬੋਧਨ ਕੀਤਾ।
ਇਸ ਮੌਕੇ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ, ਸਤਬੀਰ ਸਿੰਘ, ਸਾਹਬਾਜ਼ ਸਿੰਘ, ਹਰਭਜਨ ਸਿੰਘ ਵਕਤਾ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਮੇਜ਼ਰ ਸਿੰਘ ਅਰਜਨ ਮਾਂਗਾ, ਮੈਨੇਜਰ ਮਲਕੀਤ ਸਿੰਘ ਸਮੇਤ ਵੱਖ-ਵੱਖ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ। ਸਮਾਗਮ ਦਾ ਮੁੱਖ ਉਦੇਸ਼ ਸਿੱਖ ਨੌਜਵਾਨ ਪੀੜ੍ਹੀ ਨੂੰ ਗੁਰਬਾਣੀ, ਸਿੱਖ ਇਤਿਹਾਸ, ਦਸਤਾਰ ਅਤੇ ਗੁਰਮਤਿ ਜੀਵਨ ਨਾਲ ਜੋੜਨਾ ਰਿਹਾ।
ਹਿੰਦੂਸਥਾਨ ਸਮਾਚਾਰ / GURSHARAN SINGH