
ਪਟਿਆਲਾ ਜ਼ਿਲ੍ਹੇ ਵਿੱਚ 16,600 ਕੁਇੰਟਲ ਬੀਜ ਉਪਲਬਧ; ਪਹਿਲਾਂ ਆਓ, ਪਹਿਲਾਂ ਪਾਓ ਦੇ ਆਧਾਰ ’ਤੇ ਮਿਲੇਗੀ ਸਹੂਲਤ
ਪਟਿਆਲਾ, 04 ਨਵੰਬਰ (ਹਿੰ.ਸ.)| ਹਾੜ੍ਹੀ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਣਕ ਦੀ ਬਿਜਾਈ ਲਈ ਤਸਦੀਕਸ਼ੁਦਾ ਬੀਜ ਮੁਹੱਈਆ ਕਰਵਾਉਣ ਵਾਸਤੇ ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ਦੀ ਸਹੂਲਤ ਦਿੱਤੀ ਜਾ ਰਹੀ ਹੈ। ਵਿੱਤੀ ਸਾਲ 2026-27 ਦੌਰਾਨ ਐਨ.ਐਫ.ਐਸ.ਐਨ.ਐਮ. (ਸੀਡ ਕੰਪੋਨੈਂਟ) ਸਕੀਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਲਈ 16,600 ਕੁਇੰਟਲ ਕਣਕ ਦਾ ਬੀਜ ਉਪਲਬਧ ਕਰਵਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਦਾਰਾ ਸਿੰਘ ਨੇ ਦੱਸਿਆ ਕਿ ਕਣਕ ਦੀਆਂ ਵੱਖ-ਵੱਖ ਕਿਸਮਾਂ ਦੇ ਤਸਦੀਕਸ਼ੁਦਾ ਬੀਜ ’ਤੇ 2,000 ਰੁਪਏ ਪ੍ਰਤੀ ਕੁਇੰਟਲ ਸਬਸਿਡੀ ਦਿੱਤੀ ਜਾ ਰਹੀ ਹੈ। ਇਹ ਰਕਮ ਬੀਜ ਦੀ ਖਰੀਦ ਸਮੇਂ ਹੀ ਕੀਮਤ ਵਿੱਚੋਂ ਘਟਾ ਦਿੱਤੀ ਜਾਵੇਗੀ, ਜਿਸ ਨਾਲ ਕਿਸਾਨਾਂ ਨੂੰ ਸਿੱਧਾ ਲਾਭ ਮਿਲੇਗਾ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਆਧਾਰ ਕਾਰਡ ਲੈ ਕੇ ਸਬੰਧਤ ਬਲਾਕ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਵਿਖੇ ਪਹੁੰਚ ਕਰਨ ਅਤੇ ਆਪਣੇ ਰਜਿਸਟਰਡ ਮੋਬਾਈਲ ਨੰਬਰ ’ਤੇ ਪ੍ਰਾਪਤ ਓ.ਟੀ.ਪੀ. ਰਾਹੀਂ ਰਜਿਸਟ੍ਰੇਸ਼ਨ ਕਰਵਾਉਣ। ਉਨ੍ਹਾਂ ਦੱਸਿਆ ਕਿ ਇਹ ਸਹੂਲਤ ਪਹਿਲਾਂ ਆਓ, ਪਹਿਲਾਂ ਪਾਓ ਦੇ ਆਧਾਰ ’ਤੇ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਜਿਨ੍ਹਾਂ ਕਿਸਾਨਾਂ ਨੇ ਪਿਛਲੇ ਦੋ ਸਾਲਾਂ ਦੌਰਾਨ ਕਣਕ ਦਾ ਬੀਜ ਸਬਸਿਡੀ ’ਤੇ ਪ੍ਰਾਪਤ ਕੀਤਾ ਹੈ, ਉਨ੍ਹਾਂ ਨੂੰ ਇਸ ਸਕੀਮ ਤਹਿਤ ਮੁੜ ਸਬਸਿਡੀ ਲਈ ਵਿਚਾਰਿਆ ਨਹੀਂ ਜਾਵੇਗਾ।
ਹਿੰਦੂਸਥਾਨ ਸਮਾਚਾਰ / GURSHARAN SINGH