
ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰ ਰਹੀ ਪੰਜਾਬ ਸਰਕਾਰ : ਰਜਿੰਦਰ ਸਿੰਘ ਜਾਂਗਲਾ
ਬਟਾਲਾ, 04 ਨਵੰਬਰ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਵਿਦਿਆਰਥੀਆਂ ਨੂੰ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਚਲਾਈ ਜਾ ਰਹੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਦੇ ਪਿੰਡ ਭਾਗੋਵਾਲ ਵਿਖੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿੱਚ ਨਵੇਂ ਲੈਬ ਰੂਮ ਦਾ ਉਦਘਾਟਨ ਕੀਤਾ ਗਿਆ। ਇਸ ਦਾ ਉਦਘਾਟਨ ਮਾਰਕੀਟ ਕਮੇਟੀ ਫਤਿਹਗੜ੍ਹ ਚੂੜੀਆਂ ਦੇ ਚੇਅਰਮੈਨ ਰਜਿੰਦਰ ਸਿੰਘ ਜਾਂਗਲਾ ਵੱਲੋਂ ਕੀਤਾ ਗਿਆ।
ਇਸ ਮੌਕੇ ਚੇਅਰਮੈਨ ਰਜਿੰਦਰ ਸਿੰਘ ਜਾਂਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ, ਤਾਂ ਜੋ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਨਾਲ-ਨਾਲ ਪ੍ਰੈਕਟੀਕਲ ਸਿੱਖਿਆ ਹਾਸਲ ਕਰਨ ਦੇ ਬਿਹਤਰ ਮੌਕੇ ਮਿਲ ਸਕਣ।
ਉਨ੍ਹਾਂ ਕਿਹਾ ਕਿ ਹਲਕਾ ਇੰਚਾਰਜ ਹਰਜੋਬਨਜੀਤ ਸਿੰਘ ਰੰਧਾਵਾ ਦੀ ਅਗਵਾਈ ਹੇਠ ਹਲਕਾ ਫਤਿਹਗੜ੍ਹ ਚੂੜੀਆਂ ਦੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਸਕੂਲਾਂ ਵਿੱਚ ਲੋੜੀਂਦੀਆਂ ਸਹੂਲਤਾਂ ਦਾ ਵਿਸਥਾਰ ਕੀਤਾ ਜਾ ਰਿਹਾ ਹੈ।
ਚੇਅਰਮੈਨ ਨੇ ਦੱਸਿਆ ਕਿ ਭਾਗੋਵਾਲ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿੱਚ ਲੰਮੇ ਸਮੇਂ ਤੋਂ ਲੈਬ ਰੂਮ ਦੀ ਲੋੜ ਮਹਿਸੂਸ ਕੀਤੀ ਜਾ ਰਹੀ ਸੀ, ਜਿਸ ਨੂੰ ਹੁਣ ਪੂਰਾ ਕਰ ਦਿੱਤਾ ਗਿਆ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸਕੂਲ ਦੀਆਂ ਬਾਕੀ ਰਹਿੰਦੀਆਂ ਮੰਗਾਂ ਨੂੰ ਵੀ ਜਲਦ ਪੂਰਾ ਕਰਨ ਲਈ ਯਤਨ ਕੀਤੇ ਜਾਣਗੇ।
ਇਸ ਮੌਕੇ ਬਲਾਕ ਪ੍ਰਧਾਨ ਪਲਵਿੰਦਰ ਸਿੰਘ ਭਾਗੋਵਾਲ, ਸਰਪੰਚ ਗੁਰਪ੍ਰੀਤ ਸਿੰਘ, ਦਿਲਬਾਗ ਸਿੰਘ, ਗੁਰਲੀਪ ਸਿੰਘ ਅਤੇ ਭੁਪਿੰਦਰ ਸਿੰਘ (ਮੈਂਬਰ ਪੰਚਾਇਤ), ਸਕੂਲ ਇੰਚਾਰਜ ਮੈਡਮ ਰਣਜੀਤ ਕੌਰ, ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH