
ਫਾਜ਼ਿਲਕਾ ਵਿੱਚ ਨਸ਼ਾ ਛੁਡਾਉਣ ਲਈ ਮੁਫ਼ਤ ਇਲਾਜ ਦੀ ਸਹੂਲਤ ਜਨਵਰੀ ਤੋਂ ਹੁਣ ਤੱਕ 5,076 ਵਿਅਕਤੀਆਂ ਦੀ ਰਜਿਸਟ੍ਰੇਸ਼ਨ, 879 ਮਰੀਜ਼ ਪੁਨਰਵਾਸ ਕੇਂਦਰ ਵਿੱਚ ਦਾਖ਼ਲ
ਫਾਜ਼ਿਲਕਾ, 04 ਨਵੰਬਰ (ਹਿੰ.ਸ.)| ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ‘ਰੰਗਲਾ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸੂਬੇ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਡਿਪਟੀ ਕਮਿਸ਼ਨਰ ਅਮਰਪ੍ਰੀਤ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਫਾਜ਼ਿਲਕਾ ਜ਼ਿਲ੍ਹੇ ਵਿੱਚ ਸਿਹਤ ਵਿਭਾਗ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣ ਦੇ ਨਾਲ-ਨਾਲ ਨਸ਼ਾ ਪੀੜਤਾਂ ਦਾ ਮੁਫ਼ਤ ਇਲਾਜ ਕਰਵਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਕਵਿਤਾ ਸਿੰਘ ਨੇ ਦੱਸਿਆ ਕਿ ਸਿਵਲ ਹਸਪਤਾਲ ਫਾਜ਼ਿਲਕਾ ਅਤੇ ਅਬੋਹਰ ਵਿਖੇ ਨਸ਼ਾ ਛੁਡਾਉ ਕੇਂਦਰ ਸਥਾਪਤ ਕੀਤੇ ਗਏ ਹਨ, ਜਿੱਥੇ ਨਸ਼ਾ ਪੀੜਤਾਂ ਨੂੰ ਮਾਹਿਰ ਡਾਕਟਰਾਂ ਦੀ ਨਿਗਰਾਨੀ ਹੇਠ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾਂਦਾ ਹੈ। ਇਨ੍ਹਾਂ ਕੇਂਦਰਾਂ ਵਿੱਚ ਦਵਾਈਆਂ ਅਤੇ ਲੋੜੀਂਦੇ ਟੈਸਟਾਂ ਦੀ ਸਹੂਲਤ ਵੀ ਮੁਫ਼ਤ ਹੈ। ਉਨ੍ਹਾਂ ਦੱਸਿਆ ਕਿ ਮਰੀਜ਼ ਨੂੰ 5 ਤੋਂ 15 ਦਿਨਾਂ ਤੱਕ ਕੇਂਦਰ ਵਿੱਚ ਦਾਖ਼ਲ ਰੱਖ ਕੇ ਇਲਾਜ ਕੀਤਾ ਜਾ ਸਕਦਾ ਹੈ। ਇਸ ਤੋਂ ਬਾਅਦ ਡਾਕਟਰ ਦੀ ਸਲਾਹ ਅਨੁਸਾਰ ਦਵਾਈਆਂ ਲੈ ਕੇ ਘਰ ਵਿੱਚ ਰਹਿੰਦਿਆਂ ਵੀ ਨਸ਼ਾ ਛੱਡਣ ਦੀ ਪ੍ਰਕਿਰਿਆ ਜਾਰੀ ਰੱਖੀ ਜਾ ਸਕਦੀ ਹੈ।
ਉਨ੍ਹਾਂ ਦੱਸਿਆ ਕਿ ਲੋੜ ਪੈਣ ’ਤੇ ਮਰੀਜ਼ ਜੱਟਵਾਲੀ ਸਥਿਤ ਪੁਨਰਵਾਸ ਕੇਂਦਰ ਵਿੱਚ ਵੀ ਦਾਖ਼ਲ ਹੋ ਸਕਦਾ ਹੈ। ਇੱਥੇ 2 ਤੋਂ 6 ਮਹੀਨਿਆਂ ਤੱਕ ਰਹਿਣ ਦੀ ਸਹੂਲਤ ਹੈ। ਮਾਹਿਰ ਕਾਊਂਸਲਰਾਂ ਵੱਲੋਂ ਰੋਜ਼ਾਨਾ ਕਾਊਂਸਲਿੰਗ ਕੀਤੀ ਜਾਂਦੀ ਹੈ ਤਾਂ ਜੋ ਮਰੀਜ਼ ਮੁੜ ਨਸ਼ੇ ਵੱਲ ਨਾ ਪਰਤਣ। ਇਸ ਦੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਮਰੀਜ਼ਾਂ ਨੂੰ ਕਿੱਤਾ ਮੁਖੀ ਸਿਖਲਾਈ ਅਤੇ ਰੋਜ਼ਗਾਰ ਦੇ ਮੌਕਿਆਂ ਵੱਲ ਪ੍ਰੇਰਿਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮਾਹਿਰ ਡਾਕਟਰਾਂ ਦੀ ਸਹਾਇਤਾ ਨਾਲ ਕਿਸੇ ਵੀ ਤਰ੍ਹਾਂ ਦੇ ਨਸ਼ੇ ਦੀ ਲਤ ਤੋਂ ਛੁਟਕਾਰਾ ਪਾਉਣ ਲਈ ਇਲਾਜ ਕਰਵਾਇਆ ਜਾ ਸਕਦਾ ਹੈ ਅਤੇ ਨਸ਼ਾ ਪੀੜਤਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਵਾਪਸ ਲਿਆਉਣ ਲਈ ਯਤਨ ਕੀਤੇ ਜਾ ਰਹੇ ਹਨ।
ਡਿਪਟੀ ਮੈਡੀਕਲ ਕਮਿਸ਼ਨਰ ਡਾ. ਏਰਿਕ ਨੇ ਦੱਸਿਆ ਕਿ ਜਿਹੜੇ ਵਿਅਕਤੀ ਹਸਪਤਾਲ ਵਿੱਚ ਦਾਖ਼ਲ ਹੋ ਕੇ ਇਲਾਜ ਨਹੀਂ ਕਰਵਾ ਸਕਦੇ, ਉਨ੍ਹਾਂ ਲਈ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਵੱਲੋਂ 10 ਓਟ ਸੈਂਟਰ ਚਲਾਏ ਜਾ ਰਹੇ ਹਨ। ਇਨ੍ਹਾਂ ਕੇਂਦਰਾਂ ਵਿੱਚ ਬਿਨਾਂ ਦਾਖ਼ਲ ਹੋਏ ਨਸ਼ਾ ਛੱਡਣ ਦੇ ਚਾਹਵਾਨਾਂ ਨੂੰ ਮੁਫ਼ਤ ਦਵਾਈ ਦਿੱਤੀ ਜਾਂਦੀ ਹੈ। ਇਹ ਸੈਂਟਰ ਅਬੋਹਰ, ਫਾਜ਼ਿਲਕਾ, ਸੀਤੋ ਗੁੰਨੋ, ਜਲਾਲਾਬਾਦ, ਖੂਈ ਖੇੜਾ, ਡੱਬਵਾਲਾ ਕਲਾਂ, ਜੰਡਵਾਲਾ ਭੀਮੇਸ਼ਾਹ, ਕਰਨੀ ਖੇੜਾ, ਵਹਾਬਵਾਲਾ ਦੀਆਂ ਸਿਹਤ ਸੰਸਥਾਵਾਂ ਅਤੇ ਜ਼ਿਲ੍ਹਾ ਜੇਲ੍ਹ ਫਾਜ਼ਿਲਕਾ ਵਿੱਚ ਚੱਲ ਰਹੇ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ 2 ਸਰਕਾਰੀ ਅਤੇ 4 ਨਿੱਜੀ ਨਸ਼ਾ ਮੁਕਤੀ ਕੇਂਦਰਾਂ ਦੇ ਨਾਲ ਇਕ ਪੁਨਰਵਾਸ ਕੇਂਦਰ ਵੀ ਚਲਾਇਆ ਜਾ ਰਿਹਾ ਹੈ।
ਸਿਹਤ ਵਿਭਾਗ ਦੇ ਅੰਕੜਿਆਂ ਅਨੁਸਾਰ ਜਨਵਰੀ 2026 ਤੋਂ ਹੁਣ ਤੱਕ ਨਸ਼ਾ ਛੱਡਣ ਦੇ ਚਾਹਵਾਨ 5,076 ਵਿਅਕਤੀਆਂ ਦੀ ਰਜਿਸਟ੍ਰੇਸ਼ਨ ਕੀਤੀ ਗਈ ਹੈ। ਇਸ ਸਮੇਂ ਦੌਰਾਨ 879 ਮਰੀਜ਼ਾਂ ਨੂੰ ਪੁਨਰਵਾਸ ਕੇਂਦਰ ਵਿੱਚ ਦਾਖ਼ਲ ਕਰਵਾਇਆ ਗਿਆ। ਸਰਕਾਰੀ ਨਸ਼ਾ ਮੁਕਤੀ ਕੇਂਦਰਾਂ ਵਿੱਚ 22,043 ਨਸ਼ਾ ਪੀੜਤਾਂ ਨੂੰ ਇਲਾਜ ਮੁਹੱਈਆ ਕਰਵਾਇਆ ਗਿਆ, ਜਦਕਿ 437 ਮਰੀਜ਼ਾਂ ਨੂੰ ਦਾਖ਼ਲ ਕਰਕੇ ਨਸ਼ਿਆਂ ਦੇ ਪ੍ਰਭਾਵ ਤੋਂ ਬਾਹਰ ਕੱਢਣ ਅਤੇ ਮੁੜ ਸਮਾਜ ਵਿੱਚ ਵਿਚਰਨ ਯੋਗ ਬਣਾਉਣ ਦੇ ਯਤਨ ਕੀਤੇ ਗਏ।
ਡਰੱਗ ਬ੍ਰਾਂਚ ਵੱਲੋਂ ਕੀਤੀ ਗਈ ਕਾਰਵਾਈ ਬਾਰੇ ਦੱਸਿਆ ਗਿਆ ਕਿ ਕੁੱਲ 319 ਨਿਰੀਖਣ ਕੀਤੇ ਗਏ ਅਤੇ 65 ਦਵਾਈਆਂ ਦੇ ਨਮੂਨੇ ਲਏ ਗਏ। ਇਸ ਦੌਰਾਨ 20 ਮੈਡੀਕਲ ਲਾਇਸੈਂਸ ਮੁਅੱਤਲ ਕੀਤੇ ਗਏ ਅਤੇ 8 ਕਿਸਮਾਂ ਦੀਆਂ ਦਵਾਈਆਂ ਜ਼ਬਤ ਕੀਤੀਆਂ ਗਈਆਂ, ਜਿਨ੍ਹਾਂ ਦੀ ਕੁੱਲ ਕੀਮਤ 14,32,506 ਰੁਪਏ ਦੱਸੀ ਗਈ ਹੈ।
ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੀਆਂ ਗਤੀਵਿਧੀਆਂ ਅਤੇ ਸੰਗਤ ’ਤੇ ਪੂਰਾ ਧਿਆਨ ਰੱਖਣ। ਬੱਚਿਆਂ ਦੇ ਵਿਵਹਾਰ ਵਿੱਚ ਆਉਣ ਵਾਲੇ ਬਦਲਾਅ ਬਾਰੇ ਅਧਿਆਪਕਾਂ ਨਾਲ ਗੱਲਬਾਤ ਕਰਨ ਅਤੇ ਉਨ੍ਹਾਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣ। ਬੱਚਿਆਂ ਨੂੰ ਖੇਡਾਂ ਅਤੇ ਹੋਰ ਉਸਾਰੂ ਗਤੀਵਿਧੀਆਂ ਵੱਲ ਪ੍ਰੇਰਿਤ ਕਰਨ ਦੀ ਵੀ ਅਪੀਲ ਕੀਤੀ ਗਈ। ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਵਾਲੇ ਸਮਾਜ ਵਿਰੋਧੀ ਅਨਸਰਾਂ ਬਾਰੇ ਪੁਲਿਸ ਜਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਜਾਵੇ।
ਹਿੰਦੂਸਥਾਨ ਸਮਾਚਾਰ / GURSHARAN SINGH