
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਮਿਲ ਰਹੀਆਂ ਮੁਫ਼ਤ ਸਹੂਲਤਾਂ
ਆਵਾਜਾਈ, ਰਹਿਣ-ਸਹਿਣ ਅਤੇ ਭੋਜਨ ਦਾ ਖਰਚ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ
ਬਟਾਲਾ, 04 ਨਵੰਬਰ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਮੁਫ਼ਤ ਦਰਸ਼ਨ ਕਰਵਾਉਣ ਦੀ ਲੜੀ ਜਾਰੀ ਹੈ। ਇਸੇ ਤਹਿਤ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਦੇ ਵਾਰਡ ਨੰਬਰ 41 ਤੋਂ ਮਥੁਰਾ ਅਤੇ ਵ੍ਰਿੰਦਾਵਨ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ਗਈ।
ਇਸ ਮੌਕੇ ਨਗਰ ਨਿਗਮ ਬਟਾਲਾ ਦੇ ਮੇਅਰ ਭੁਪਿੰਦਰ ਸਿੰਘ ਬਾਜਵਾ, ਸੀਨੀਅਰ ਆਗੂ ਸੁਭਾਸ਼ ਮਹਿਤਾ ਅਤੇ ਚੇਅਰਮੈਨ ਮਾਨਿਕ ਮਹਿਤਾ ਨੇ ਸ਼ਰਧਾਲੂਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
ਇਸ ਮੌਕੇ ਆਗੂਆਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਦਾ ਵਿਸਥਾਰ ਕੀਤਾ ਗਿਆ ਹੈ। ਪਹਿਲੀ ਅਗਸਤ ਤੋਂ ਇਸ ਯੋਜਨਾ ਤਹਿਤ ਤਿੰਨ ਹੋਰ ਧਾਰਮਿਕ ਰੂਟ ਸ਼ੁਰੂ ਕੀਤੇ ਗਏ ਹਨ, ਜਿਨ੍ਹਾਂ ਵਿੱਚ ਖਾਟੂ ਸ਼ਿਆਮ ਜੀ ਅਤੇ ਸਾਲਾਸਰ ਜੀ, ਹਰਿਦੁਆਰ ਅਤੇ ਰਿਸ਼ੀਕੇਸ਼, ਅਤੇ ਮਥੁਰਾ ਤੇ ਵ੍ਰਿੰਦਾਵਨ ਸ਼ਾਮਲ ਹਨ।
ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਸ਼ਰਧਾਲੂਆਂ ਲਈ ਆਵਾਜਾਈ, ਰਹਿਣ-ਸਹਿਣ ਅਤੇ ਭੋਜਨ ਦਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਪੂਰੀ ਤਰ੍ਹਾਂ ਮੁਫ਼ਤ ਕੀਤਾ ਜਾਂਦਾ ਹੈ, ਤਾਂ ਜੋ ਯਾਤਰਾ ਦੌਰਾਨ ਕਿਸੇ ਨੂੰ ਵੀ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
ਆਗੂਆਂ ਨੇ ਕਿਹਾ ਕਿ ਵਧਦੀ ਉਮਰ ਕਾਰਨ ਕਈ ਬਜ਼ੁਰਗ ਸ਼ਰਧਾਲੂ ਆਰਥਿਕ ਅਤੇ ਹੋਰ ਮੁਸ਼ਕਲਾਂ ਕਰਕੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਤੋਂ ਵਾਂਝੇ ਰਹਿ ਜਾਂਦੇ ਸਨ। ਇਸ ਯੋਜਨਾ ਦਾ ਮੁੱਖ ਉਦੇਸ਼ ਬਜ਼ੁਰਗਾਂ ਅਤੇ ਧਾਰਮਿਕ ਸ਼ਰਧਾਲੂਆਂ ਨੂੰ ਆਸਾਨ, ਸੁਰੱਖਿਅਤ ਅਤੇ ਮੁਫ਼ਤ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕਰਨਾ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਇਸ ਉਪਰਾਲੇ ਨਾਲ ਸੰਗਤਾਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋ ਰਿਹਾ ਹੈ।
ਇਸ ਮੌਕੇ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਅਤੇ ਖੁਸ਼ੀ ਦੇਖਣ ਨੂੰ ਮਿਲੀ। ਸ਼ਰਧਾਲੂਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕੀਤਾ।
ਹਿੰਦੂਸਥਾਨ ਸਮਾਚਾਰ / GURSHARAN SINGH