

- ਪੰਜਾਬ ਵਿੱਚ ਕਾਂਗਰਸ ਦੀ ਜਿੱਤ ਹੋਈ ਤਾਂ ਪੂਰੇ ਦੇਸ਼ ਭਰ ’ਚ ਜਿੱਤਾਂਗੇ : ਖੜਗੇ
ਚੰਡੀਗੜ੍ਹ, 04 ਨਵੰਬਰ (ਹਿੰ.ਸ.)। ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੇਸ਼ ਦੇ ਭਖਦੇ ਮੁੱਦਿਆਂ 'ਤੇ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੱਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੋਦੀ ਸਰਕਾਰ ਇੱਕ ਸਾਲ ਦੇ ਅੰਦਰ ਖਤਮ ਹੋ ਜਾਵੇਗੀ ਅਤੇ ਤਿੰਨ ਸਾਲਾਂ ਬਾਅਦ ਅਮਿਤ ਸ਼ਾਹ ਵੀ ਕੇਂਦਰੀ ਗ੍ਰਹਿ ਮੰਤਰੀ ਨਹੀਂ ਰਹਿਣਗੇ।
ਰਾਹੁਲ ਗਾਂਧੀ ਬੁੱਧਵਾਰ ਨੂੰ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਫੱਗੂਵਾਲਾ ਵਿੱਚ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਦੀ ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ ਪਾਰਟੀ ਦੀ ਪਹਿਲੀ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨੇ ਨਸ਼ਿਆਂ ਦੇ ਮੁੱਦੇ 'ਤੇ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ 'ਤੇ ਹਮਲਾ ਬੋਲਦਿਆਂ ਕਿਹਾ ਕਿ ਨਸ਼ਾ ਅਤੇ ਗੈਂਗਸਟਰਵਾਦ ਸੂਬੇ ਦੀਆਂ ਸਭ ਤੋਂ ਵੱਡੀਆਂ ਸਮੱਸਿਆਵਾਂ ਹਨ। ਨਸ਼ਿਆਂ ਦੀ ਸਮੱਸਿਆ ਨੂੰ ਖਤਮ ਕਰਨ ਦੇ ਨਾਮ 'ਤੇ ਲੋਕਾਂ ਨੂੰ ਗੁੰਮਰਾਹ ਕਰਨ ਵਾਲੀ 'ਆਪ' ਸਰਕਾਰ ਹਰ ਮੋਰਚੇ 'ਤੇ ਅਸਫਲ ਰਹੀ ਹੈ।
ਰਾਹੁਲ ਗਾਂਧੀ ਨੇ ਕਿਹਾ ਕਿ ਪੰਜਾਬ ਨੂੰ ਅਜਿਹੇ ਮੁੱਖ ਮੰਤਰੀ ਦੀ ਲੋੜ ਹੈ ਜੋ ਇੱਥੋਂ ਦੇ ਲੋਕਾਂ ਦੇ ਦਰਦ ਨੂੰ ਸਮਝੇ, ਪੂਰੀ ਤਾਕਤ ਨਾਲ ਨਸ਼ਿਆਂ ਵਿਰੁੱਧ ਲੜੇ ਅਤੇ ਨੌਜਵਾਨਾਂ ਦੇ ਭਵਿੱਖ ਦੀ ਰੱਖਿਆ ਕਰੇ। ਉਨ੍ਹਾਂ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਜ਼ਿਕਰ ਕਰਦਿਆਂ ਨੇ ਉਨ੍ਹਾਂ ਦੇ ਪਿਤਾ ਨੂੰ ਆਪਣੇ ਕੋਲ ਸਟੇਜ 'ਤੇ ਸੱਦਾ ਦਿੱਤਾ। ਰਾਹੁਲ ਗਾਂਧੀ ਨੇ ਕਿਹਾ ਕਿ ਮੂਸੇਵਾਲਾ ਬਹੁਤ ਹੀ ਪ੍ਰਤਿਭਾਸ਼ਾਲੀ ਅਤੇ ਊਰਜਾਵਾਨ ਨੌਜਵਾਨ ਸਨ। ਇੱਕ ਪਿਤਾ ਨੂੰ ਆਪਣੇ ਜਵਾਨ ਪੁੱਤਰ ਦੀ ਅਰਥੀ ਨੂੰ ਦੇਖਣਾ ਪਵੇ, ਦੁਨੀਆ ਵਿੱਚ ਇਸ ਤੋਂ ਵੱਡਾ ਕੋਈ ਦਰਦ ਨਹੀਂ ਹੈ।
ਰਾਹੁਲ ਗਾਂਧੀ ਨੇ ਕਿਹਾ ਕਿ ਜਦੋਂ ਤੱਕ ਪੰਜਾਬ ਵਿੱਚ ਉਦਯੋਗ, ਫੈਕਟਰੀਆਂ ਅਤੇ ਖੇਤੀਬਾੜੀ ਮਜ਼ਬੂਤ ਨਹੀਂ ਹੁੰਦੀ, ਉਦੋਂ ਤੱਕ ਨਸ਼ੇ ਅਤੇ ਗੈਂਗਸਟਰਵਾਦ ਨੂੰ ਖਤਮ ਕਰਨਾ ਅਸੰਭਵ ਹੋਵੇਗਾ। ਉਨ੍ਹਾਂ ਨੇ 'ਆਪ' ਸਰਕਾਰ ਨੂੰ ਸਵਾਲ ਕੀਤਾ ਕਿ ਇਸਨੇ ਪੰਜਾਬ ਦੇ ਕਿਹੜੇ ਕੋਨੇ ਵਿੱਚ ਨਸ਼ੇ ਨੂੰ ਖਤਮ ਕੀਤਾ ਹੈ।
'ਆਪ' ਸਰਕਾਰ ਦੇ ਵਾਅਦਿਆਂ 'ਤੇ ਨਿਸ਼ਾਨਾ ਸਾਧਦੇ ਹੋਏ, ਰਾਹੁਲ ਗਾਂਧੀ ਨੇ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ), ਔਰਤਾਂ ਨੂੰ ਨਕਦ ਰਾਸ਼ੀ ਦੇਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਬਾਰੇ ਜਨਤਾ ਨਾਲ ਵੱਡੇ-ਵੱਡੇ ਵਾਅਦੇ ਕੀਤੇ ਗਏ ਸਨ, ਪਰ ਇਨ੍ਹਾਂ ਵਿੱਚੋਂ ਇੱਕ ਵੀ ਪੂਰਾ ਨਹੀਂ ਹੋਇਆ। ਇਸ ਨਾਲ ਜਨਤਾ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੀ ਹੈ।
ਰਾਹੁਲ ਗਾਂਧੀ ਨੇ ਕਿਹਾ ਕਿ ਖੇਤੀਬਾੜੀ ਅਤੇ ਉਦਯੋਗ ਦੀ ਰੱਖਿਆ ਕੀਤੇ ਬਿਨਾਂ, ਨਾ ਤਾਂ ਨਸ਼ਿਆਂ ਦੀ ਬੁਰਾਈ ਨੂੰ ਖਤਮ ਕੀਤਾ ਜਾ ਸਕਦਾ ਹੈ ਅਤੇ ਨਾ ਹੀ ਗੈਂਗਸਟਰਾਂ ਵਿਰੁੱਧ ਲੜਾਈ ਜਿੱਤੀ ਜਾ ਸਕਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਿਰਫ਼ ਕਾਂਗਰਸ ਕੋਲ ਹੀ ਕਿਸਾਨਾਂ ਦੀ ਰੱਖਿਆ ਕਰਨ ਅਤੇ ਉਦਯੋਗਾਂ ਨੂੰ ਵਾਪਸ ਪਟੜੀ 'ਤੇ ਲਿਆਉਣ ਦੀ ਸਮਰੱਥਾ ਹੈ।
ਰੈਲੀ ਨੂੰ ਸੰਬੋਧਨ ਕਰਦਿਆਂ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਅੱਜ ਪੰਜਾਬ ਲਈ ਸ਼ੁਭ ਦਿਨ ਹੈ। ਪੰਜਾਬ ਦੀ ਧਰਤੀ 'ਤੇ ਇਨਸਾਫ਼ ਦੀ ਆਵਾਜ਼ ਬੁਲੰਦ ਹੋਈ ਹੈ। ਸਾਰੇ ਕਾਂਗਰਸੀ ਆਗੂ ਇਕਜੁੱਟ ਹਨ, ਅਤੇ ਰੈਲੀ ਵਿੱਚ ਭਾਰੀ ਇਕੱਠ ਇਸ ਗੱਲ ਦਾ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਪਾਰਟੀ ਅੰਦਰ ਏਕਤਾ ਬਣਾਈ ਰੱਖਣਾ ਜ਼ਰੂਰੀ ਹੈ। ਰਾਹੁਲ ਗਾਂਧੀ ਨੇ ਵੋਟ ਚੋਰੀ ਦਾ ਮੁੱਦਾ ਉਠਾ ਕੇ ਸਾਰੀਆਂ ਪਾਰਟੀਆਂ ਨੂੰ ਇਕਜੁੱਟ ਕੀਤਾ ਹੈ। ਖੜਗੇ ਨੇ ਦੋਸ਼ ਲਗਾਇਆ ਕਿ ਦਿੱਲੀ ਸਰਕਾਰ ਵੋਟ ਚੋਰੀ ਰਾਹੀਂ ਬਣਾਈ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜੇਕਰ ਕਾਂਗਰਸ ਪੰਜਾਬ ਚੋਣਾਂ ਜਿੱਤਦੀ ਹੈ, ਤਾਂ ਇਹ ਦੇਸ਼ ਭਰ ਵਿੱਚ ਜਿੱਤੇਗੀ।
ਇਸ ਮੌਕੇ ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ, ਸੂਬਾ ਕਾਂਗਰਸ ਪ੍ਰਧਾਨ ਪ੍ਰਗਟ ਸਿੰਘ, ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸੀਨੀਅਰ ਨੇਤਾ ਵਿਜੇਇੰਦਰ ਸਿੰਗਲਾ, ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਕਈ ਆਗੂਆਂ ਨੇ ਵੀ ਸੰਬੋਧਨ ਕੀਤਾ। ---------------
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ