
ਚੰਡੀਗੜ੍ਹ, 04 ਨਵੰਬਰ (ਹਿੰ.ਸ.)| ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ 4 ਤੋਂ 6 ਦਸੰਬਰ ਤੱਕ ਤਿੰਨ ਰੋਜ਼ਾ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ। ਇਸ ਸਬੰਧੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕਰਕੇ ਸਮਾਗਮਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਵਿੱਤ ਮੰਤਰੀ ਨੇ ਕਿਹਾ ਕਿ ਇਹ ਤਿੰਨ ਦਿਨਾ ਸਮਾਗਮ 650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦਾ ਮੁੱਖ ਆਕਰਸ਼ਣ ਹੋਵੇਗਾ। ਇਸ ਵਿੱਚ ਪੰਜਾਬ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਮੂਲੀਅਤ ਕਰਨਗੀਆਂ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਸੰਗਤਾਂ ਲਈ ਸੁਚੱਜੇ ਪ੍ਰਬੰਧ ਕਰਨ ਦੇ ਨਾਲ-ਨਾਲ ਗੁਰੂ ਸਾਹਿਬ ਦੇ ਬਰਾਬਰੀ, ਮਨੁੱਖੀ ਮਾਣ-ਸਨਮਾਨ, ਸਮਾਜਿਕ ਨਿਆਂ ਅਤੇ ਭਾਈਚਾਰਕ ਸਾਂਝ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣਾ ਹੈ।
ਚੀਮਾ ਨੇ ਦੱਸਿਆ ਕਿ ਸਮਾਗਮਾਂ ਦੀ ਲੜੀ ਤਹਿਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਸਜਾਈਆਂ ਜਾ ਰਹੀਆਂ ਚਾਰ ਪ੍ਰਮੁੱਖ ਸ਼ੋਭਾ ਯਾਤਰਾਵਾਂ 3 ਦਸੰਬਰ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਪਹੁੰਚਣਗੀਆਂ। ਇਨ੍ਹਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ ਅਤੇ ਸਰਬ-ਸਾਂਝੇ ਸੰਦੇਸ਼ ਦਾ ਪ੍ਰਚਾਰ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ 4 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ 6 ਦਸੰਬਰ ਨੂੰ ਭੋਗ ਪਾਏ ਜਾਣਗੇ। ਇਸ ਮੌਕੇ ਮੁੱਖ ਦੀਵਾਨ, ਧਾਰਮਿਕ ਰਹੁ-ਰੀਤਾਂ, ਸਾਫ਼-ਸਫ਼ਾਈ, ਆਵਾਜਾਈ, ਟਰੈਫਿਕ, ਸੁਰੱਖਿਆ, ਸਿਹਤ ਸਹੂਲਤਾਂ ਅਤੇ ਪੀਣ ਵਾਲੇ ਪਾਣੀ ਦੇ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ।
ਵਿੱਤ ਮੰਤਰੀ ਨੇ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਬਜ਼ੁਰਗਾਂ, ਔਰਤਾਂ ਅਤੇ ਬੱਚਿਆਂ ਦੀ ਸਹੂਲਤ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ।
ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ ਨੂੰ ਧਾਰਮਿਕ, ਸੱਭਿਆਚਾਰਕ ਅਤੇ ਵਿਦਿਅਕ ਉਪਰਾਲਿਆਂ ਰਾਹੀਂ ਹਰ ਘਰ ਤੱਕ ਪਹੁੰਚਾਉਣ ਲਈ ਵਚਨਬੱਧ ਹੈ। ਇਹ ਸਮਾਗਮ ਸਮਾਨਤਾ, ਦਇਆ, ਸਮਾਜਿਕ ਨਿਆਂ ਅਤੇ ਆਪਸੀ ਭਾਈਚਾਰੇ ਦੀਆਂ ਕਦਰਾਂ-ਕੀਮਤਾਂ ਨੂੰ ਹੋਰ ਮਜ਼ਬੂਤ ਕਰਨ ਦਾ ਮੌਕਾ ਹੋਣਗੇ। ਮੀਟਿੰਗ ਵਿੱਚ ਦੀਪਕ ਬਾਲੀ, ਪ੍ਰਸ਼ਾਸਕੀ ਸਕੱਤਰ ਕੁਮਾਰ ਅਮਿਤ, ਡਾਇਰੈਕਟਰ ਸੰਜੀਵ ਕੁਮਾਰ ਤਿਵਾੜੀ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH