
ਬਟਾਲਾ, 05 ਨਵੰਬਰ (ਹਿੰ.ਸ.)| ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਲਈ ਜਾਗਰੂਕ ਕਰਨ ਵਾਸਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਅਤੇ ਐੱਸਐੱਸਪੀ ਬਟਾਲਾ ਡਾ. ਮਹਿਤਾਬ ਸਿੰਘ ਵੱਲੋਂ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਪਿੰਡ ਤਾਰਾਗੜ੍ਹ ਅਤੇ ਨਿੱਜਰ ਵਿਖੇ ਲੱਗੀ ਅੱਗ ਨੂੰ ਫਾਇਰ ਬ੍ਰਿਗੇਡ ਦੀ ਮਦਦ ਨਾਲ ਮੌਕੇ ’ਤੇ ਹੀ ਬੁਝਾਇਆ ਗਿਆ।
ਦੋਵਾਂ ਅਧਿਕਾਰੀਆਂ ਨੇ ਬਟਾਲਾ, ਡੇਰਾ ਬਾਬਾ ਨਾਨਕ ਅਤੇ ਕਲਾਨੌਰ ਖੇਤਰ ਦੇ ਪਿੰਡਾਂ ਤਾਰਾਗੜ੍ਹ, ਰਾਏਚੱਕ, ਲੁਕਮਾਨੀਆ, ਦੋਲੇਵਾਲ, ਅਰਲੀਭੰਨ, ਨਿੱਜਰ, ਮੀਆਂਕੋਟ ਸਾਹਿਬ, ਰੁਡਿਆਣਾ ਅਤੇ ਕਲਾਨੌਰ ਨੇੜਲੇ ਹੋਰ ਪਿੰਡਾਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਇਸ ਮੌਕੇ ਐੱਸਪੀ ਨਵਜੋਤ ਸਿੰਘ ਸੰਧੂ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਸ਼ਹਿਬਾਜ਼ ਸਿੰਘ ਚੀਮਾ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਨੇ ਕਿਹਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਆਧੁਨਿਕ ਖੇਤੀ ਮਸ਼ੀਨਰੀ ਦੀ ਵਰਤੋਂ ਕਰਕੇ ਇਸ ਦਾ ਖੇਤਾਂ ਵਿੱਚ ਹੀ ਪ੍ਰਬੰਧਨ ਕਰਨ ਅਤੇ ਜ਼ਿਲ੍ਹੇ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ਤੋਂ ਮੁਕਤ ਬਣਾਉਣ ਵਿੱਚ ਸਹਿਯੋਗ ਦੇਣ।
ਮੁੱਖ ਖੇਤੀਬਾੜੀ ਅਫ਼ਸਰ ਡਾ. ਸ਼ਹਿਬਾਜ਼ ਸਿੰਘ ਚੀਮਾ ਨੇ ਕਿਸਾਨਾਂ ਨੂੰ ਸੁਪਰ ਸੀਡਰ ਅਤੇ ਹੈਪੀ ਸੀਡਰ ਵਰਗੀਆਂ ਆਧੁਨਿਕ ਮਸ਼ੀਨਾਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸੁਪਰ ਸੀਡਰ ਰਾਹੀਂ ਪਰਾਲੀ ਨੂੰ ਖੇਤ ਵਿੱਚ ਹੀ ਸੰਭਾਲਦਿਆਂ ਕਣਕ ਦੀ ਸਿੱਧੀ ਬਿਜਾਈ ਕੀਤੀ ਜਾ ਸਕਦੀ ਹੈ। ਇਸ ਨਾਲ ਪਰਾਲੀ ਸਾੜਨ ਦੀ ਲੋੜ ਨਹੀਂ ਪੈਂਦੀ ਅਤੇ ਹਵਾ ਪ੍ਰਦੂਸ਼ਣ ਨੂੰ ਘਟਾਉਣ ਦੇ ਨਾਲ-ਨਾਲ ਮਿੱਟੀ ਦੀ ਉਪਜਾਊ ਸ਼ਕਤੀ ਅਤੇ ਸਿਹਤ ਦੀ ਸੰਭਾਲ ਵੀ ਹੁੰਦੀ ਹੈ।
ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਕਿਸਾਨ ਨੂੰ ਪਰਾਲੀ ਪ੍ਰਬੰਧਨ ਸਬੰਧੀ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਆਪਣੇ ਨੇੜਲੇ ਖੇਤੀਬਾੜੀ ਵਿਭਾਗ ਦੇ ਦਫ਼ਤਰ, ਬਲਾਕ ਅਫ਼ਸਰ ਜਾਂ ਐੱਸਡੀਐੱਮ ਦਫ਼ਤਰ ਨਾਲ ਸੰਪਰਕ ਕਰ ਸਕਦਾ ਹੈ। ਇਸ ਤੋਂ ਇਲਾਵਾ ਕਿਸਾਨ ਹੈਲਪਲਾਈਨ ਨੰਬਰ 98781-66525 ’ਤੇ ਵੀ ਆਪਣੀ ਸਮੱਸਿਆ ਦੱਸ ਸਕਦੇ ਹਨ।
ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਵਾਤਾਵਰਨ ਦੀ ਸੰਭਾਲ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਸਿਹਤਮੰਦ ਭਵਿੱਖ ਲਈ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕੀਤਾ ਜਾਵੇ ਅਤੇ ਇਸ ਦੇ ਸੁਚੱਜੇ ਪ੍ਰਬੰਧਨ ਲਈ ਉਪਲਬਧ ਖੇਤੀ ਮਸ਼ੀਨਰੀ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ।
ਹਿੰਦੂਸਥਾਨ ਸਮਾਚਾਰ / GURSHARAN SINGH