ਅਕਾਲੀ ਦਲ ਨੂੰ ਮਿਲੀ ਮਜ਼ਬੂਤੀ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸਾਬਕਾ ਵਿਧਾਇਕ ਹਰਿੰਦਰਪਾਲ ਚੰਦੂਮਾਜਰਾ ਮੁੜ ਪਾਰਟੀ ਵਿੱਚ ਸ਼ਾਮਲ
ਸੁਖਬੀਰ ਬਾਦਲ ਨੇ ਹਰਿੰਦਰਪਾਲ ਚੰਦੂਮਾਜਰਾ ਨੂੰ ਸਨੌਰ ਹਲਕੇ ਦਾ ਇੰਚਾਰਜ ਕੀਤਾ ਨਿਯੁਕਤ, ਕਿਹਾ- ਆਉਣ ਵਾਲੇ ਦਿਨਾਂ ਵਿੱਚ ਹੋਰ ਆਗੂ ਵੀ ਕਰਨਗੇ ਘਰ ਵਾਪਸ ਪਟਿਆਲਾ, 06 ਨਵੰਬਰ (ਹਿੰ.ਸ.)|ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਨਵੀਂ ਸਿਆਸੀ ਮਜ਼ਬੂਤੀ ਮਿਲੀ ਜਦੋਂ ਸੀਨੀਅਰ ਅਕਾਲੀ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮ
ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੂੰ ਅਕਾਲੀ ਦਲ ’ਚ ਸ਼ਾਮਲ ਕਰਵਾਉਂਦੇ ਹੋਏ ਸੁਖਬੀਰ ਸਿੰਘ ਬਾਦਲ।


ਸੁਖਬੀਰ ਬਾਦਲ ਨੇ ਹਰਿੰਦਰਪਾਲ ਚੰਦੂਮਾਜਰਾ ਨੂੰ ਸਨੌਰ ਹਲਕੇ ਦਾ ਇੰਚਾਰਜ ਕੀਤਾ ਨਿਯੁਕਤ, ਕਿਹਾ- ਆਉਣ ਵਾਲੇ ਦਿਨਾਂ ਵਿੱਚ ਹੋਰ ਆਗੂ ਵੀ ਕਰਨਗੇ ਘਰ ਵਾਪਸ

ਪਟਿਆਲਾ, 06 ਨਵੰਬਰ (ਹਿੰ.ਸ.)|ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਨਵੀਂ ਸਿਆਸੀ ਮਜ਼ਬੂਤੀ ਮਿਲੀ ਜਦੋਂ ਸੀਨੀਅਰ ਅਕਾਲੀ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਉਨ੍ਹਾਂ ਦੇ ਪੁੱਤਰ ਤੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਆਪਣੇ ਸਾਥੀਆਂ ਸਮੇਤ ਮੁੜ ਪਾਰਟੀ ਵਿੱਚ ਸ਼ਮੂਲੀਅਤ ਕਰ ਲਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।

ਚੰਦੂਮਾਜਰਾ ਪਰਿਵਾਰ ਦੇ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ ਅਤੇ ਪੁਨਰ ਸੁਰਜੀਤ ਅਕਾਲੀ ਦਲ ਦੀ ਪਟਿਆਲਾ ਤੇ ਫਤਿਹਗੜ੍ਹ ਸਾਹਿਬ ਦੀ ਸਮੁੱਚੀ ਲੀਡਰਸ਼ਿਪ ਦੇ ਕਈ ਆਗੂ ਵੀ ਮੁੜ ਅਕਾਲੀ ਦਲ ਵਿੱਚ ਸ਼ਾਮਲ ਹੋਏ। ਇਸ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੇ ਪੁਨਰ ਸੁਰਜੀਤ ਅਕਾਲੀ ਦਲ ਤੋਂ ਅਸਤੀਫ਼ੇ ਦੇ ਕੇ ਅਕਾਲੀ ਏਕਤਾ ਦਾ ਸੱਦਾ ਦਿੱਤਾ ਸੀ।

ਪਾਰਟੀ ਵਿੱਚ ਵਾਪਸੀ ਦਾ ਸਵਾਗਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੂੰ ਸਨੌਰ ਵਿਧਾਨ ਸਭਾ ਹਲਕੇ ਦਾ ਇੰਚਾਰਜ ਨਿਯੁਕਤ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਜਿਹੜੇ ਆਗੂ ਕਿਸੇ ਕਾਰਨ ਕਰਕੇ ਪਾਰਟੀ ਤੋਂ ਵੱਖ ਹੋ ਗਏ ਸਨ, ਉਹ ਪੰਜਾਬ ਅਤੇ ਪੰਥ ਦੇ ਹਿੱਤਾਂ ਲਈ ਆਪਣੀ ਮਾਂ ਪਾਰਟੀ ਵਿੱਚ ਵਾਪਸ ਆਉਣ।

ਸੁਖਬੀਰ ਬਾਦਲ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਕਈ ਅਕਾਲੀ ਆਗੂ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਦਾਅਵਾ ਕੀਤਾ ਕਿ ਪੁਰਾਣੀ ਟੀਮ ਦੀ ਵਾਪਸੀ ਨਾਲ 'ਨਵਾਂ ਚੁੱਲ੍ਹਾ ਦਲ' ਹੁਣ ਖ਼ਤਮ ਹੋ ਗਿਆ ਹੈ। ਉਨ੍ਹਾਂ ਪਟਿਆਲਾ ਜ਼ਿਲ੍ਹੇ ਦੀਆਂ ਸਾਰੀਆਂ ਸੀਟਾਂ 'ਤੇ ਪਾਰਟੀ ਦੀ ਜਿੱਤ ਦਾ ਭਰੋਸਾ ਵੀ ਪ੍ਰਗਟਾਇਆ।

ਇਸ ਮੌਕੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਪੰਥਕ ਏਕਤਾ ਲਈ ਕੀਤੀਆਂ ਜਾ ਰਹੀਆਂ ਅਪੀਲਾਂ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੇ ਪਾਰਟੀ ਵਿੱਚ ਵਾਪਸੀ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 2 ਦਸੰਬਰ 2024 ਨੂੰ ਜਾਰੀ ਹੁਕਮਨਾਮੇ ਵਿੱਚ ਵੀ ਸਾਰੇ ਅਕਾਲੀ ਧੜਿਆਂ ਨੂੰ ਇਕਜੁੱਟ ਹੋਣ ਦਾ ਸੱਦਾ ਦਿੱਤਾ ਗਿਆ ਸੀ।

ਉਨ੍ਹਾਂ ਹੋਰ ਵਿਛੜੇ ਅਕਾਲੀ ਆਗੂਆਂ ਨੂੰ ਵੀ ਪਾਰਟੀ ਵਿੱਚ ਵਾਪਸ ਆਉਣ ਦੀ ਅਪੀਲ ਕੀਤੀ। ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਸੁਖਬੀਰ ਬਾਦਲ ਨੂੰ ਭਰੋਸਾ ਦਿੱਤਾ ਕਿ ਉਹ ਸਨੌਰ ਹਲਕੇ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੰਮ ਕਰਨਗੇ।

ਇਸ ਮੌਕੇ ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਨਾਲ ਸਬੰਧਤ ਕਈ ਸੀਨੀਅਰ ਆਗੂ, ਸਾਬਕਾ ਅਹੁਦੇਦਾਰ, ਬਲਾਕ ਸੰਮਤੀ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਹਾਜ਼ਰ ਸਨ। ਇਸ ਸਿਆਸੀ ਘਟਨਾਕ੍ਰਮ ਨੂੰ ਪੰਜਾਬ ਵਿੱਚ ਅਕਾਲੀ ਦਲ ਦੀ ਜਥੇਬੰਦਕ ਸਰਗਰਮੀ ਅਤੇ ਪੰਥਕ ਏਕਤਾ ਦੀਆਂ ਕੋਸ਼ਿਸ਼ਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande