
ਪਿਤਾ ਨੇ ਐਸਐਸਪੀ ਦੇ ਤਬਾਦਲੇ ਤੱਕ ਅੰਨ ਨਾ ਖਾਣ ਦਾ ਕੀਤਾ ਐਲਾਨ
ਮਾਨਸਾ, 07 ਨਵੰਬਰ (ਹਿੰ.ਸ.)| ਮਾਨਸਾ ਵਿੱਚ ਕਤਲ ਕੀਤੇ ਗਏ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦਾ ਅੰਤਿਮ ਸਸਕਾਰ ਭਲਕੇ ਦੀਵਾਲੀ ਵਾਲੇ ਦਿਨ ਕੀਤਾ ਜਾਵੇਗਾ। ਉਨ੍ਹਾਂ ਦੀ ਚਿਖਾ ਉਨ੍ਹਾਂ ਦੀ ਜੱਦੀ ਜ਼ਮੀਨ ਵਾਲੇ ਖੇਤ ਵਿੱਚ ਹੀ ਸਜਾਈ ਜਾਵੇਗੀ। ਚਕੇਰੀਆਂ ਰੋਡ ਸਥਿਤ ਇਸ ਜਗ੍ਹਾ 'ਤੇ ਦੁਪਹਿਰ 12 ਤੋਂ 1 ਵਜੇ ਦਰਮਿਆਨ ਉਨ੍ਹਾਂ ਨੂੰ ਅੰਤਿਮ ਵਿਦਾਈ ਦਿੱਤੀ ਜਾਵੇਗੀ।
ਐਕਸ਼ਨ ਕਮੇਟੀ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਪਹਿਲਾਂ ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਘਰ ਰੱਖੀ ਜਾਵੇਗੀ। ਇਸ ਤੋਂ ਬਾਅਦ ਉਨ੍ਹਾਂ ਦੀ ਦੇਹ ਨੂੰ ਧਰਨਾ ਸਥਾਨ 'ਤੇ ਲਿਜਾਇਆ ਜਾਵੇਗਾ, ਜਿੱਥੋਂ ਅੰਤਿਮ ਸਸਕਾਰ ਲਈ ਲਿਜਾਇਆ ਜਾਵੇਗਾ।
ਇਸ ਤੋਂ ਪਹਿਲਾਂ ਚੰਡੀਗੜ੍ਹ ਸਥਿਤ ਪੀਜੀਆਈ ਵਿੱਚ ਪਰਵਿੰਦਰ ਝੋਟਾ ਦਾ ਪੋਸਟਮਾਰਟਮ ਕੀਤਾ ਗਿਆ। ਉਨ੍ਹਾਂ ਦੀ ਮ੍ਰਿਤਕ ਦੇਹ ਸ਼ੁੱਕਰਵਾਰ ਨੂੰ ਪੀਜੀਆਈ ਪਹੁੰਚੀ ਸੀ, ਪਰ 24 ਦਿਨਾਂ ਤੱਕ ਫ੍ਰੀਜ਼ਰ ਵਿੱਚ ਰਹਿਣ ਕਾਰਨ ਦੇਹ ਦਾ ਤਾਪਮਾਨ ਆਮ ਨਹੀਂ ਹੋ ਸਕਿਆ ਸੀ। ਇਸ ਕਾਰਨ ਪੋਸਟਮਾਰਟਮ ਦੀ ਪ੍ਰਕਿਰਿਆ ਵਿੱਚ ਦੇਰੀ ਹੋਈ।
ਦੂਜੇ ਪਾਸੇ, ਪਰਵਿੰਦਰ ਝੋਟਾ ਦੀ ਪਤਨੀ ਮਨਪ੍ਰੀਤ ਕੌਰ ਨੇ ਸਰਕਾਰੀ ਨੌਕਰੀ ਅਤੇ 2 ਕਰੋੜ ਰੁਪਏ ਮੁਆਵਜ਼ਾ ਲੈਣ ਦੀ ਮੰਗ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਟ੍ਰੋਲ ਕਰਨ ਵਾਲਿਆਂ 'ਤੇ ਸਖ਼ਤ ਇਤਰਾਜ਼ ਜਤਾਇਆ ਹੈ।
ਉਨ੍ਹਾਂ ਗੁੱਸਾ ਜ਼ਾਹਰ ਕਰਦਿਆਂ ਕਿਹਾ ਕਿ ਅਜਿਹੇ ਲੋਕ 12 ਬੋਰ ਦੀ ਬੰਦੂਕ ਲੈ ਕੇ ਮਾਨਸਾ ਆਉਣ ਅਤੇ ਉਨ੍ਹਾਂ ਦੇ ਪੂਰੇ ਪਰਿਵਾਰ ਨੂੰ ਗੋਲੀਆਂ ਮਾਰ ਦੇਣ। ਉਨ੍ਹਾਂ ਕਿਹਾ ਕਿ ਪਰਿਵਾਰ ਪਹਿਲਾਂ ਹੀ ਦੁੱਖ ਦੀ ਘੜੀ ਵਿੱਚੋਂ ਲੰਘ ਰਿਹਾ ਹੈ ਅਤੇ ਅਜਿਹੀਆਂ ਟਿੱਪਣੀਆਂ ਬਹੁਤ ਦੁਖਦਾਈ ਹਨ।
ਪਰਵਿੰਦਰ ਝੋਟਾ ਦੇ ਪਿਤਾ ਭੀਮ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੁੱਤਰ ਦੇ ਅੰਤਿਮ ਸਸਕਾਰ ਤੋਂ ਪਹਿਲਾਂ ਮਾਨਸਾ ਦੇ ਐੱਸਐੱਸਪੀ ਵੈਭਵ ਚੌਧਰੀ ਦਾ ਤਬਾਦਲਾ ਕੀਤਾ ਜਾਵੇ। ਉਨ੍ਹਾਂ ਦੋਸ਼ ਲਾਇਆ ਕਿ ਇਲਾਕੇ ਵਿੱਚ ਨਸ਼ੇ ਨੂੰ ਨਾ ਰੋਕ ਸਕਣ ਕਾਰਨ ਹੀ ਉਨ੍ਹਾਂ ਦੇ ਪੁੱਤਰ ਦਾ ਕਤਲ ਹੋਇਆ।
ਭੀਮ ਸਿੰਘ ਨੇ ਐਲਾਨ ਕੀਤਾ ਕਿ ਜਦੋਂ ਤੱਕ ਐੱਸਐੱਸਪੀ ਦਾ ਤਬਾਦਲਾ ਨਹੀਂ ਕੀਤਾ ਜਾਂਦਾ, ਉਹ ਅੰਨ ਦਾ ਇੱਕ ਦਾਣਾ ਵੀ ਨਹੀਂ ਖਾਣਗੇ। ਉਨ੍ਹਾਂ ਦਾਅਵਾ ਕੀਤਾ ਕਿ ਇਸ ਸਬੰਧੀ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਹੋਈ ਮੀਟਿੰਗ ਵਿੱਚ ਵੀ ਗੱਲਬਾਤ ਕੀਤੀ ਗਈ ਸੀ।
ਜ਼ਿਕਰਯੋਗ ਹੈ ਕਿ 13 ਅਕਤੂਬਰ ਨੂੰ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਨ੍ਹਾਂ ਦੇ ਕਤਲ ਤੋਂ ਬਾਅਦ ਇਲਾਕੇ ਵਿੱਚ ਰੋਸ ਪਾਇਆ ਜਾ ਰਿਹਾ ਹੈ ਅਤੇ ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਹੁਣ ਦੀਵਾਲੀ ਵਾਲੇ ਦਿਨ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।
ਹਿੰਦੂਸਥਾਨ ਸਮਾਚਾਰ / GURSHARAN SINGH