ਪੰਜਾਬ ਸਰਕਾਰ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸੋਧ ਐਕਟ ਨਾ ਕਰੇ ਲਾਗੂ: ਸ੍ਰੀ ਅਕਾਲ ਤਖ਼ਤ ਸਾਹਿਬ ਦੀ ਕਮੇਟੀ
ਸ੍ਰੀ ਅਕਾਲ ਤਖ਼ਤ ਸਾਹਿਬ ਦੀ ਕਮੇਟੀ ਨੇ ਸਰਕਾਰ ਅੱਗੇ ਰੱਖੀਆਂ ਸ਼ਰਤਾਂ ਚੰਡੀਗੜ੍ਹ, 07 ਨਵੰਬਰ (ਹਿੰ.ਸ.)| ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨਾਲ ਸਬੰਧਤ ਪੰਜਾਬ ਸਰਕਾਰ ਦੇ ''ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026'' ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ
ਪੰਜਾਬ ਸਰਕਾਰ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸੋਧ ਐਕਟ ਨਾ ਕਰੇ ਲਾਗੂ: ਸ੍ਰੀ ਅਕਾਲ ਤਖ਼ਤ ਸਾਹਿਬ ਦੀ ਕਮੇਟੀ


ਸ੍ਰੀ ਅਕਾਲ ਤਖ਼ਤ ਸਾਹਿਬ ਦੀ ਕਮੇਟੀ ਨੇ ਸਰਕਾਰ ਅੱਗੇ ਰੱਖੀਆਂ ਸ਼ਰਤਾਂ

ਚੰਡੀਗੜ੍ਹ, 07 ਨਵੰਬਰ (ਹਿੰ.ਸ.)| ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨਾਲ ਸਬੰਧਤ ਪੰਜਾਬ ਸਰਕਾਰ ਦੇ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026' ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨੇ ਅਹਿਮ ਫੈਸਲਾ ਲਿਆ ਹੈ। ਕਮੇਟੀ ਨੇ ਪੰਜਾਬ ਸਰਕਾਰ ਨੂੰ ਇਸ ਕਾਨੂੰਨ ਦੇ ਅਮਲ 'ਤੇ ਪੂਰੀ ਤਰ੍ਹਾਂ ਰੋਕ ਲਗਾਉਣ ਲਈ ਕਿਹਾ ਹੈ। ਕਮੇਟੀ ਨੇ ਸਪੱਸ਼ਟ ਕੀਤਾ ਹੈ ਕਿ ਇਸ ਤੋਂ ਬਾਅਦ ਹੀ ਸਰਕਾਰ ਨਾਲ ਅਗਲੀ ਗੱਲਬਾਤ ਕੀਤੀ ਜਾਵੇਗੀ। ਇਸ ਦੇ ਨਾਲ ਹੀ 29 ਜੂਨ 2026 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੁਕਮਾਂ 'ਤੇ ਹੁਣ ਤੱਕ ਕੀਤੀ ਗਈ ਕਾਰਵਾਈ ਦੀ ਰਿਪੋਰਟ ਵੀ ਮੰਗੀ ਗਈ ਹੈ।

ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਕਾਨੂੰਨੀ ਮਾਹਿਰਾਂ ਅਤੇ ਸਿੱਖ ਵਿਦਵਾਨਾਂ ਦੀ ਕਮੇਟੀ ਦੀ ਅਹਿਮ ਮੀਟਿੰਗ ਸ਼ਨੀਵਾਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਈ। ਮੀਟਿੰਗ ਵਿੱਚ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸੇਵਾਮੁਕਤ ਜਸਟਿਸ ਰੁਪਿੰਦਰ ਸਿੰਘ ਸੋਢੀ, ਸੇਵਾਮੁਕਤ ਜਸਟਿਸ ਮਹਿੰਦਰ ਮੋਹਨ ਸਿੰਘ ਬੇਦੀ, ਸੀਨੀਅਰ ਐਡਵੋਕੇਟ ਪੂਰਨ ਸਿੰਘ ਹੁੰਦਲ, ਸਿੱਖ ਵਿਦਵਾਨ ਡਾ. ਕੇਹਰ ਸਿੰਘ ਅਤੇ ਪ੍ਰੋ. ਜਗਮੋਹਨ ਸਿੰਘ ਸ਼ਾਮਲ ਹੋਏ।

ਜਿਕਰਯੋਗ ਹੈ ਕਿ 23 ਅਕਤੂਬਰ 2026 ਨੂੰ ਪੰਜਾਬ ਸਰਕਾਰ ਵੱਲੋਂ ਇਸ ਕਾਨੂੰਨ ਸਬੰਧੀ ਬਣਾਈ ਗਈ ਤਾਲਮੇਲ ਕਮੇਟੀ ਦੇ ਨੋਡਲ ਅਧਿਕਾਰੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਨੂੰ ਪੱਤਰ ਲਿਖ ਕੇ ਮਾਹਿਰ ਕਮੇਟੀ ਨਾਲ ਗੱਲਬਾਤ ਕਰਨ ਦੀ ਇੱਛਾ ਜ਼ਾਹਰ ਕੀਤੀ ਸੀ। ਇਸ ਤੋਂ ਬਾਅਦ ਸਕੱਤਰੇਤ ਵੱਲੋਂ ਇਹ ਜਾਣਕਾਰੀ ਕਮੇਟੀ ਦੇ ਕੋਆਰਡੀਨੇਟਰ ਨੂੰ ਭੇਜੀ ਗਈ ਅਤੇ ਇਸੇ ਮਾਮਲੇ 'ਤੇ ਸ਼ਨੀਵਾਰ ਨੂੰ ਮੀਟਿੰਗ ਸੱਦੀ ਗਈ।

ਵਿਚਾਰ-ਵਟਾਂਦਰੇ ਤੋਂ ਬਾਅਦ ਕਮੇਟੀ ਨੇ ਫੈਸਲਾ ਕੀਤਾ ਕਿ ਸਰਕਾਰ ਪਹਿਲਾਂ ਸੋਧ ਐਕਟ ਦੇ ਅਮਲ 'ਤੇ ਪੂਰੀ ਤਰ੍ਹਾਂ ਰੋਕ ਲਗਾਏ ਅਤੇ 29 ਜੂਨ ਨੂੰ ਜਾਰੀ ਹੁਕਮਾਂ ਦੀ ਪਾਲਣਾ ਸਬੰਧੀ ਵਿਸਥਾਰਤ ਰਿਪੋਰਟ ਪੇਸ਼ ਕਰੇ।

ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ 7 ਅਗਸਤ 2026 ਨੂੰ ਵੀ ਪ੍ਰੈੱਸ ਬਿਆਨ ਜਾਰੀ ਕਰਕੇ ਪੰਜਾਬ ਸਰਕਾਰ ਤੋਂ ਹੁਕਮਾਂ ਦੀ ਪਾਲਣਾ ਸਬੰਧੀ ਰਿਪੋਰਟ ਮੰਗੀ ਗਈ ਸੀ, ਪਰ ਸਰਕਾਰ ਵੱਲੋਂ ਹੁਣ ਤੱਕ ਇਹ ਰਿਪੋਰਟ ਪੇਸ਼ ਨਹੀਂ ਕੀਤੀ ਗਈ। ਕਮੇਟੀ ਨੇ ਕਿਹਾ ਕਿ ਜਦੋਂ ਤੱਕ ਇਸ ਕਾਨੂੰਨ ਨੂੰ ਲਾਗੂ ਕਰਨ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਹਿਮਤੀ ਨਹੀਂ ਬਣਦੀ, ਉਦੋਂ ਤੱਕ ਇਸ ਨੂੰ ਲਾਗੂ ਨਹੀਂ ਕੀਤਾ ਜਾਣਾ ਚਾਹੀਦਾ।

ਕਮੇਟੀ ਨੇ ਇਹ ਵੀ ਕਿਹਾ ਕਿ 8 ਮਈ ਨੂੰ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ 29 ਜੂਨ ਨੂੰ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ ਤੇ ਵਿਧਾਇਕਾਂ ਨੂੰ ਦਿੱਤੇ ਗਏ ਹੁਕਮਾਂ ਦੇ ਬਾਵਜੂਦ ਸਰਕਾਰ ਨੇ ਸੋਧ ਐਕਟ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਭਾਵਨਾਵਾਂ ਅਨੁਸਾਰ ਕੋਈ ਠੋਸ ਕਦਮ ਨਹੀਂ ਚੁੱਕਿਆ।

ਕਮੇਟੀ ਮੁਤਾਬਕ ਸਰਕਾਰ ਦੀ ਗੰਭੀਰਤਾ ਇਸ ਗੱਲ ਤੋਂ ਸਾਬਤ ਹੋਵੇਗੀ ਕਿ ਉਹ ਪਹਿਲਾਂ ਇਸ ਕਾਨੂੰਨ ਦੇ ਅਮਲ 'ਤੇ ਪੂਰੀ ਤਰ੍ਹਾਂ ਰੋਕ ਲਗਾਏ ਅਤੇ ਪਹਿਲਾਂ ਜਾਰੀ ਕੀਤੇ ਹੁਕਮਾਂ ਦੀ ਪਾਲਣਾ ਸਬੰਧੀ ਰਿਪੋਰਟ ਪੇਸ਼ ਕਰੇ। ਇਸ ਤੋਂ ਬਾਅਦ ਹੀ ਸਰਕਾਰ ਨਾਲ ਅਗਲੀ ਗੱਲਬਾਤ ਬਾਰੇ ਵਿਚਾਰ ਕੀਤਾ ਜਾਵੇਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande