ਜ਼ਿਲ੍ਹਾ ਭਾਸ਼ਾ ਦਫ਼ਤਰ, ਐੱਸ.ਏ.ਐੱਸ. ਨਗਰ ਵੱਲੋਂ 'ਪੰਜਾਬੀ ਮਾਹ-2026' ਤਹਿਤ ਪ੍ਰੋ. ਹਰਪਾਲ ਸਿੰਘ ਪੰਨੂ ਨਾਲ 'ਰੂ-ਬ-ਰੂ' ਆਯੋਜਿਤ
ਪੰਜਾਬੀ ਭਾਸ਼ਾ ਸਾਡੀ ਪਛਾਣ, ਇਤਿਹਾਸ ਅਤੇ ਸੱਭਿਆਚਾਰਕ ਵਿਰਸੇ ਦੀ ਵਾਹਕ ਹੈ: ਪ੍ਰੋ. ਹਰਪਾਲ ਸਿੰਘ ਪੰਨੂ ਮੋਹਾਲੀ, 08 ਨਵੰਬਰ (ਹਿੰ.ਸ.)| ਪੰਜਾਬ ਸਰਕਾਰ ਦੀ ਯੋਗ ਰਹਿਨੁਮਾਈ ਅਤੇ ਭਾਸ਼ਾ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਐੱਸ.ਏ.ਐੱਸ. ਨਗਰ ਵੱਲੋਂ ਸ਼ਨੀਵਾਰ ਦੇਰ ਸ
ਸੰਬੋਧਨ ਕਰਦੇ ਹੋਏ  ਪ੍ਰੋ. ਹਰਪਾਲ ਸਿੰਘ ਪੰਨੂ


ਪੰਜਾਬੀ ਭਾਸ਼ਾ ਸਾਡੀ ਪਛਾਣ, ਇਤਿਹਾਸ ਅਤੇ ਸੱਭਿਆਚਾਰਕ ਵਿਰਸੇ ਦੀ ਵਾਹਕ ਹੈ: ਪ੍ਰੋ. ਹਰਪਾਲ ਸਿੰਘ ਪੰਨੂ

ਮੋਹਾਲੀ, 08 ਨਵੰਬਰ (ਹਿੰ.ਸ.)| ਪੰਜਾਬ ਸਰਕਾਰ ਦੀ ਯੋਗ ਰਹਿਨੁਮਾਈ ਅਤੇ ਭਾਸ਼ਾ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਐੱਸ.ਏ.ਐੱਸ. ਨਗਰ ਵੱਲੋਂ ਸ਼ਨੀਵਾਰ ਦੇਰ ਸ਼ਾਮ ‘ਪੰਜਾਬੀ ਮਾਹ-2026’ ਦੀ ਸਮਾਗਮ ਲੜੀ ਤਹਿਤ ‘ਰੂ-ਬ-ਰੂ’ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਉੱਘੇ ਵਿਦਵਾਨ ਪ੍ਰੋ. ਹਰਪਾਲ ਸਿੰਘ ਪੰਨੂ ਨੇ ਬਤੌਰ ਮੁੱਖ ਵਕਤਾ ਸ਼ਿਰਕਤ ਕੀਤੀ।

ਸਮਾਗਮ ਦਾ ਆਰੰਭ ਭਾਸ਼ਾ ਵਿਭਾਗ, ਪੰਜਾਬ ਦੀ ਵਿਭਾਗੀ ਧੁਨੀ ‘ਧਨੁ ਲੇਖਾਰੀ ਨਾਨਕਾ’ ਨਾਲ ਕੀਤਾ ਗਿਆ। ਖੋਜ ਅਫ਼ਸਰ ਡਾ. ਦਰਸ਼ਨ ਕੌਰ ਨੇ ਸਮੂਹ ਹਾਜ਼ਰੀਨ ਨੂੰ ‘ਜੀ ਆਇਆਂ ਨੂੰ’ ਆਖਦਿਆਂ ਕਿਹਾ ਕਿ ਪੰਜਾਬੀ ਮਾਹ ਮਨਾਉਣ ਦਾ ਉਦੇਸ਼ ਕੇਵਲ ਪੰਜਾਬੀ ਭਾਸ਼ਾ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੀ ਨਹੀਂ, ਸਗੋਂ ਪੰਜਾਬੀ ਸਾਹਿਤ ਅਤੇ ਸੱਭਿਆਚਾਰ ਦੀਆਂ ਅਮੀਰ ਪਰੰਪਰਾਵਾਂ ਨਾਲ ਨਵੀਂ ਪੀੜ੍ਹੀ ਦੀ ਸਾਂਝ ਨੂੰ ਹੋਰ ਮਜ਼ਬੂਤ ਕਰਨਾ ਵੀ ਹੈ। ਉਨ੍ਹਾਂ ਦੱਸਿਆ ਕਿ ਪ੍ਰੋ. ਹਰਪਾਲ ਸਿੰਘ ਪੰਨੂ ਨੇ ਵਿਸ਼ਵ-ਦਰਸ਼ਨ, ਇਤਿਹਾਸ ਅਤੇ ਸਿੱਖ-ਚਿੰਤਨ ਦੇ ਖੇਤਰ ਵਿੱਚ ਆਪਣੇ ਡੂੰਘੇ ਅਧਿਐਨ ਅਤੇ ਖੋਜਮਈ ਲੇਖਣੀ ਰਾਹੀਂ ਵਿਸ਼ੇਸ਼ ਪਛਾਣ ਸਥਾਪਿਤ ਕੀਤੀ ਹੈ।

ਇਸ ਉਪਰੰਤ ਮੁੱਖ ਵਕਤਾ ਪ੍ਰੋ. ਹਰਪਾਲ ਸਿੰਘ ਪੰਨੂ ਨੇ ਸਰੋਤਿਆਂ ਦੇ ਰੂ-ਬ-ਰੂ ਹੁੰਦਿਆਂ ਆਪਣੇ ਵਿਚਾਰਾਂ ਅਤੇ ਅਨੁਭਵਾਂ ਦੀ ਸਾਂਝ ਪਾਈ। ਉਨ੍ਹਾਂ ਪੰਜਾਬੀ ਭਾਸ਼ਾ, ਸਾਹਿਤ, ਇਤਿਹਾਸ, ਦਰਸ਼ਨ ਅਤੇ ਸਿੱਖ-ਚਿੰਤਨ ਨਾਲ ਜੁੜੇ ਵੱਖ-ਵੱਖ ਪਹਿਲੂਆਂ ਬਾਰੇ ਵਿਸਥਾਰ ਸਹਿਤ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਭਾਸ਼ਾ ਕਿਸੇ ਵੀ ਕੌਮ ਦੇ ਸੱਭਿਆਚਾਰਕ ਵਿਰਸੇ ਦਾ ਅਹਿਮ ਆਧਾਰ ਹੁੰਦੀ ਹੈ। ਆਪਣੀ ਮਾਤ-ਭਾਸ਼ਾ ਨਾਲ ਜੁੜੇ ਰਹਿਣ ਲਈ ਇਸ ਦੇ ਸਾਹਿਤ, ਇਤਿਹਾਸ ਅਤੇ ਗਿਆਨ-ਪਰੰਪਰਾਵਾਂ ਦਾ ਅਧਿਐਨ ਕਰਨਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਨੇ ਆਪਣੇ ਵਿਦਵਤਾ ਭਰਪੂਰ ਵਿਚਾਰਾਂ ਰਾਹੀਂ ਵੱਖ-ਵੱਖ ਸਾਹਿਤਕ ਅਤੇ ਦਾਰਸ਼ਨਿਕ ਸਰੋਕਾਰਾਂ ਬਾਰੇ ਸਰੋਤਿਆਂ ਨਾਲ ਸੰਵਾਦ ਰਚਾਇਆ।

ਇਸ ਮੌਕੇ ਹਾਜ਼ਰ ਸਾਹਿਤ-ਪ੍ਰੇਮੀਆਂ, ਵਿਦਵਾਨਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸਵਾਲ-ਜਵਾਬ ਸੈਸ਼ਨ ਦੌਰਾਨ ਮੁੱਖ ਵਕਤਾ ਨਾਲ ਵਿਚਾਰਾਂ ਦਾ ਖੁੱਲ੍ਹਾ ਆਦਾਨ-ਪ੍ਰਦਾਨ ਕੀਤਾ। ਪ੍ਰੋ. ਹਰਪਾਲ ਸਿੰਘ ਪੰਨੂ ਨੇ ਸਰੋਤਿਆਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਵਿਸਥਾਰਪੂਰਵਕ ਅਤੇ ਸਪੱਸ਼ਟ ਜਵਾਬ ਦਿੱਤੇ।

ਸਮਾਗਮ ਦੇ ਅੰਤ ਵਿੱਚ ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਪ੍ਰੋ. ਹਰਪਾਲ ਸਿੰਘ ਪੰਨੂ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਡਾ. ਦਰਸ਼ਨ ਕੌਰ, ਖੋਜ ਅਫ਼ਸਰ ਨੇ ਹਾਜ਼ਰ ਮਹਿਮਾਨਾਂ ਅਤੇ ਸਰੋਤਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬੀ ਮਾਂ-ਬੋਲੀ, ਸਾਹਿਤ ਅਤੇ ਚਿੰਤਨ ਦੀ ਅਮੀਰੀ ਲਈ ਪ੍ਰੋ. ਹਰਪਾਲ ਸਿੰਘ ਪੰਨੂ ਦਾ ਯੋਗਦਾਨ ਸਦਾ ਯਾਦ ਰੱਖਿਆ ਜਾਵੇਗਾ। ਮੰਚ ਦਾ ਸੰਚਾਲਨ ਦਿਲਪ੍ਰੀਤ ਵੱਲੋਂ ਬਾਖ਼ੂਬੀ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ।

ਇਸ ਰੂ-ਬ-ਰੂ ਸਮਾਗਮ ਵਿੱਚ ਕੇ.ਐੱਸ. ਗੁਰੂ (ਰਿਟਾ. ਆਈ.ਏ.ਐੱਸ.), ਪ੍ਰੋ. ਕੇਵਲਜੀਤ ਸਿੰਘ ‘ਕੰਵਲ’, ਮਨਦੀਪ ਰਿੰਪੀ, ਜਗਤਾਰ ਸਿੰਘ ਜੋਗ, ਐਡਵੋਕੇਟ ਪਰਮਿੰਦਰ ਸਿੰਘ ਗਿੱਲ, ਸੁਰਜੀਤ ਸੁਮਨ, ਦਿਲਾਵਰ ਸਿੰਘ, ਡਾ. ਜਗਮੋਹਨ ਸਿੰਘ, ਬਲਜੀਤ ਕੌਰ ਬੁੱਟਰ, ਅਮਰਜੀਤ ਸਿੰਘ ਧਨੋਆ, ਹਰਜਿੰਦਰ ਕੌਰ ਧਨੋਆ, ਧਰਮਿੰਦਰ ਸਿੰਘ, ਤਰਲੋਚਨ ਸਿੰਘ, ਲਖਵੀਕ ਸਿੰਘ, ਬਲਵਿੰਦਰ ਸਿੰਘ ਢਿੱਲੋਂ, ਮਨਜੀਤਪਾਲ ਸਿੰਘ, ਗੁਰਚਰਨ ਸਿੰਘ, ਜਤਿੰਦਰਪਾਲ ਸਿੰਘ, ਸੁਨੀਲਮ ਮੰਡ, ਮਨਜੀਤ ਸਿੰਘ ਅਤੇ ਸਟੈਨੋਗ੍ਰਾਫੀ ਦੇ ਸਿਖਿਆਰਥੀਆਂ ਨੇ ਵੀ ਸ਼ਿਰਕਤ ਕੀਤੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande