
ਫਗਵਾੜਾ ਵਿਖੇ ਭਗਵਾਨ ਵਿਸ਼ਵਕਰਮਾ ਪੂਜਾ ਮਹੋਤਸਵ ਵਿੱਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ, ਕਿਹਾ- ਜੋ ਹਰਿਆਣਾ ਵਿੱਚ ਹੋ ਸਕਦਾ ਹੈ, ਉਹ ਪੰਜਾਬ ਵਿੱਚ ਕਿਉਂ ਨਹੀਂ?
ਫਗਵਾੜਾ, 09 ਨਵੰਬਰ (ਹਿੰ.ਸ.)| ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੇ ਲੋਕਾਂ ਨੂੰ ਸੱਦਾ ਦਿੱਤਾ ਹੈ ਕਿ ਸਾਰੇ ਮਿਲ ਕੇ ਪੰਜਾਬ ਨੂੰ ਨਸ਼ਾਮੁਕਤ, ਸੱਭਿਅਕ ਅਤੇ ਸ਼ਾਨਦਾਰ ਸੂਬਾ ਬਣਾਉਣ ਲਈ ਯਤਨ ਕਰਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਇੱਕ ਕੁਸ਼ਲ ਕਾਰੀਗਰ ਆਪਣੀ ਕਲਾ ਨਾਲ ਕਿਸੇ ਚੀਜ਼ ਨੂੰ ਸੁੰਦਰ ਰੂਪ ਦਿੰਦਾ ਹੈ, ਉਸੇ ਤਰ੍ਹਾਂ ਸਾਨੂੰ ਵੀ ਮਿਲ ਕੇ ਪੰਜਾਬ ਨੂੰ ਮੁੜ ਤਰੱਕੀ ਦੀਆਂ ਲੀਹਾਂ 'ਤੇ ਲਿਆਉਣਾ ਚਾਹੀਦਾ ਹੈ।
ਉਹ ਫਗਵਾੜਾ ਵਿਖੇ ਸ਼੍ਰੀ ਵਿਸ਼ਵਕਰਮਾ ਪੂਜਾ ਮਹੋਤਸਵ ਮੌਕੇ ਕਰਵਾਏ ਗਏ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨੇ ਸਮੂਹ ਸੰਗਤਾਂ ਨੂੰ ਗੋਵਰਧਨ ਪੂਜਾ ਅਤੇ ਭਗਵਾਨ ਵਿਸ਼ਵਕਰਮਾ ਪੂਜਾ ਦੀਆਂ ਵਧਾਈਆਂ ਵੀ ਦਿੱਤੀਆਂ।
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ 116 ਸਾਲ ਪੁਰਾਣੇ ਇਤਿਹਾਸਕ ਮੰਦਰ ਵਿੱਚ ਭਗਵਾਨ ਵਿਸ਼ਵਕਰਮਾ ਜੀ ਦੇ ਚਰਨਾਂ ਵਿੱਚ ਸੀਸ ਨਿਵਾਇਆ। ਉਨ੍ਹਾਂ ਕਿਹਾ ਕਿ ਭਗਵਾਨ ਸ਼੍ਰੀ ਕ੍ਰਿਸ਼ਨ ਨੇ ਗੋਵਰਧਨ ਪਰਬਤ ਚੁੱਕ ਕੇ ਸਮਾਜ ਦੀ ਰੱਖਿਆ ਕੀਤੀ, ਜਦਕਿ ਭਗਵਾਨ ਵਿਸ਼ਵਕਰਮਾ ਨੇ ਦੁਆਰਕਾ ਨਗਰੀ ਦੀ ਰਚਨਾ ਕਰਕੇ ਸਮਾਜ ਨੂੰ ਰਹਿਣ ਲਈ ਘਰ ਦਿੱਤਾ। ਉਨ੍ਹਾਂ ਕਿਹਾ ਕਿ ਰੱਖਿਆ ਅਤੇ ਰਚਨਾ ਭਾਰਤੀ ਸੰਸਕ੍ਰਿਤੀ ਦੇ ਅਹਿਮ ਪ੍ਰਤੀਕ ਹਨ। ਉਨ੍ਹਾਂ ਮੰਦਰ ਕਮੇਟੀ ਵੱਲੋਂ ਕੀਤੇ ਜਾ ਰਹੇ ਸਮਾਜ ਭਲਾਈ ਦੇ ਕਾਰਜਾਂ ਦੀ ਸ਼ਲਾਘਾ ਕੀਤੀ।
ਇਸ ਮੌਕੇ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਸਵਾਲ ਕਰਦਿਆਂ ਕਿਹਾ ਕਿ ਜੋ ਕੰਮ ਹਰਿਆਣਾ ਵਿੱਚ ਹੋ ਸਕਦਾ ਹੈ, ਉਹ ਪੰਜਾਬ ਵਿੱਚ ਕਿਉਂ ਨਹੀਂ ਹੋ ਸਕਦਾ? ਉਨ੍ਹਾਂ ਹਰਿਆਣਾ ਸਰਕਾਰ ਵੱਲੋਂ ਸਿਹਤ ਸਹੂਲਤਾਂ ਅਤੇ ਮਜ਼ਦੂਰਾਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਦੱਸਿਆ ਕਿ ਹਰਿਆਣਾ ਦੇ ਸਰਕਾਰੀ ਹਸਪਤਾਲਾਂ ਵਿੱਚ ਗਰੀਬ ਮਰੀਜ਼ਾਂ ਨੂੰ ਮੁਫ਼ਤ ਡਾਇਲਸਿਸ ਦੀ ਸਹੂਲਤ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸਿਲੀਕੋਸਿਸ ਤੋਂ ਪੀੜਤ ਮਜ਼ਦੂਰਾਂ ਦੇ ਮੁੜ ਵਸੇਬੇ ਲਈ ਨੀਤੀ ਬਣਾਉਣ ਵਾਲਾ ਹਰਿਆਣਾ ਦੇਸ਼ ਦਾ ਪਹਿਲਾ ਸੂਬਾ ਬਣਿਆ ਹੈ।
ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੀਐੱਮ ਵਿਸ਼ਵਕਰਮਾ ਯੋਜਨਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਯੋਜਨਾ ਰਾਹੀਂ ਕਾਰੀਗਰਾਂ ਦੇ ਹੁਨਰ ਨੂੰ ਹੀ ਉਨ੍ਹਾਂ ਦੀ ਗਰੰਟੀ ਬਣਾਇਆ ਗਿਆ ਹੈ। ਯੋਜਨਾ ਤਹਿਤ ਸਿਖਲਾਈ ਦੌਰਾਨ 500 ਰੁਪਏ ਰੋਜ਼ਾਨਾ ਭੱਤਾ, 15 ਹਜ਼ਾਰ ਰੁਪਏ ਤੱਕ ਦੀ ਟੂਲਕਿੱਟ ਅਤੇ ਬਿਨਾਂ ਗਰੰਟੀ 3 ਲੱਖ ਰੁਪਏ ਤੱਕ ਦਾ ਕਰਜ਼ਾ 5 ਫੀਸਦੀ ਵਿਆਜ ਦਰ 'ਤੇ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਹਰਿਆਣਾ ਸਰਕਾਰ ਵੱਲੋਂ ਮੁੱਖ ਮੰਤਰੀ ਵਿਸ਼ਵਕਰਮਾ ਸਨਮਾਨ ਯੋਜਨਾ ਤਹਿਤ 5 ਹਜ਼ਾਰ ਰੁਪਏ ਦੀ ਵਾਧੂ ਸਹਾਇਤਾ ਵੀ ਦਿੱਤੀ ਜਾ ਰਹੀ ਹੈ। ਇਸ ਯੋਜਨਾ ਦਾ ਚਾਰ ਸਾਲਾਂ ਦਾ ਟੀਚਾ ਦੋ ਸਾਲਾਂ ਵਿੱਚ ਪੂਰਾ ਕਰ ਲਿਆ ਗਿਆ ਹੈ ਅਤੇ ਹੁਣ ਤੱਕ 30 ਲੱਖ ਕਾਰੀਗਰ ਇਸ ਨਾਲ ਜੁੜ ਚੁੱਕੇ ਹਨ। ਸਮਾਗਮ ਵਿੱਚ ਸੰਸਦ ਮੈਂਬਰ ਅਸ਼ੋਕ ਮਿੱਤਲ, ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਅਤੇ ਸੋਮ ਪ੍ਰਕਾਸ਼ ਸਮੇਤ ਕਈ ਪਤਵੰਤੇ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH