
ਡੇਰਾ ਬਾਬਾ ਨਾਨਕ, 09 ਨਵੰਬਰ (ਹਿੰ.ਸ.)| ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ 'ਮੇਰਾ ਘਰ ਮੇਰੇ ਨਾਮ' ਯੋਜਨਾ ਤਹਿਤ ਪਿੰਡ ਕੋਠਾ, ਕਾਲਾ ਗੋਰਾਇਆ ਅਤੇ ਪਿੰਡ ਮਾਸ਼ਾਣਾ ਵਿਖੇ ਲਾਭਪਾਤਰੀ ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਵੰਡੇ ਗਏ। ਇਸ ਮੌਕੇ ਪਿੰਡ ਵਾਸੀਆਂ ਨਾਲ ਗੱਲਬਾਤ ਵੀ ਕੀਤੀ ਅਤੇ ਉਨ੍ਹਾਂ ਨੂੰ ਇਸ ਯੋਜਨਾ ਦੇ ਮਹੱਤਵ ਬਾਰੇ ਜਾਣੂ ਕਰਵਾਇਆ।
ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਲੋਕ-ਹਿਤੈਸ਼ੀ ਪਹਿਲਕਦਮੀ ਦਾ ਮੁੱਖ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕਾਂ ਦਾ ਕਾਨੂੰਨੀ ਸਬੂਤ ਮੁਹੱਈਆ ਕਰਵਾਉਣਾ ਹੈ, ਤਾਂ ਜੋ ਉਹ ਆਪਣੇ ਘਰਾਂ ਸਬੰਧੀ ਹੱਕਾਂ ਨੂੰ ਸੁਰੱਖਿਅਤ ਕਰ ਸਕਣ ਅਤੇ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸਹੂਲਤ, ਸਨਮਾਨ ਅਤੇ ਹੱਕਾਂ ਦੀ ਰਾਖੀ ਲਈ ਲਗਾਤਾਰ ਵਚਨਬੱਧ ਹੈ।
ਉਨ੍ਹਾਂ ਨੇ ਕਿਹਾ ਇਹ ਯੋਜਨਾ ਨਾ ਸਿਰਫ਼ ਕਾਨੂੰਨੀ ਮਾਨਤਾ ਪ੍ਰਦਾਨ ਕਰਦੀ ਹੈ, ਸਗੋਂ ਲਾਲ ਲਕੀਰ ਦੇ ਵਸੀਆਂ ਨੂੰ ਆਰਥਿਕ ਤਰੱਕੀ ਲਈ ਆਪਣੀ ਜਾਇਦਾਦ ਦੀ ਵਰਤੋਂ ਕਰਨ ਦੇ ਸਾਧਨ ਵੀ ਦਿੰਦੀ ਹੈ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 'ਮੇਰਾ ਘਰ ਮੇਰੇ ਨਾਮ' ਸਕੀਮ ਨੂੰ ਲਾਗੂ ਕਰਨ ਦਾ ਮੁੱਖ ਉਦੇਸ਼ ਲਾਲ ਲਕੀਰ ਦੇ ਅੰਦਰ ਘਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਮਾਲਕੀ ਅਧਿਕਾਰ ਪ੍ਰਦਾਨ ਕਰਨਾ ਹੈ। ਇਸ ਯੋਜਨਾ ਦੇ ਤਹਿਤ ਲਾਲ ਲਕੀਰ ਦੇ ਅੰਦਰ ਰਹਿਣ ਵਾਲੇ ਲੋਕ ਜਿਨ੍ਹਾਂ ਨੂੰ ਅੱਜ ਜਾਇਦਾਦ ਦੇ ਅਧਿਕਾਰ ਮਿਲ ਗਏ ਹਨ, ਉਹ ਆਪਣੀ ਜਾਇਦਾਦ ਵੇਚ ਸਕਣਗੇ ਅਤੇ ਆਪਣੇ ਘਰਾਂ ’ਤੇ ਕਰਜ਼ਾ ਲੈ ਸਕਣਗੇ।
ਹਿੰਦੂਸਥਾਨ ਸਮਾਚਾਰ / GURSHARAN SINGH