ਕੇਂਦਰ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਕਾਰਨ ਕਿਰਤੀ ਕਾਮਿਆਂ ਦਾ ਭਵਿੱਖ ਖ਼ਤਰੇ ਵਿੱਚ: ਡਾ. ਅਵਤਾਰ ਸਿੰਘ ਕਰੀਮਪੁਰੀ
ਮਜ਼ਦੂਰਾਂ ਤੋਂ 8 ਦੀ ਬਜਾਏ 12 ਘੰਟੇ ਕੰਮ ਲੈਣਾ ਵੱਡੇ ਉਦਯੋਗਪਤੀਆਂ ਨੂੰ ਲਾਭ ਪਹੁੰਚਾਉਣ ਦੀ ਸਾਜ਼ਿਸ਼: ਬਸਪਾ ਪੰਜਾਬ ਪ੍ਰਧਾਨ ਗੜ੍ਹਸ਼ੰਕਰ, 09 ਨਵੰਬਰ (ਹਿੰ.ਸ.)| ਬਹੁਜਨ ਸਮਾਜ ਪਾਰਟੀ (ਬਸਪਾ) ਦੇ ਪੰਜਾਬ ਪ੍ਰਧਾਨ, ਸਾਬਕਾ ਸੰਸਦ ਮੈਂਬਰ ਅਤੇ ਸਾਬਕਾ ਵਿਧਾਇਕ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਕੇਂਦਰ ਸਰਕਾਰ
ਬਸਪਾ ਦੇ ਪੰਜਾਬ ਪ੍ਰਧਾਨ, ਸਾਬਕਾ ਸੰਸਦ ਮੈਂਬਰ ਅਤੇ ਸਾਬਕਾ ਵਿਧਾਇਕ ਡਾ. ਅਵਤਾਰ ਸਿੰਘ ਕਰੀਮਪੁਰੀ ਜਾਣਕਾਰੀ ਦਿੰਦੇ ਹੋਏ


ਮਜ਼ਦੂਰਾਂ ਤੋਂ 8 ਦੀ ਬਜਾਏ 12 ਘੰਟੇ ਕੰਮ ਲੈਣਾ ਵੱਡੇ ਉਦਯੋਗਪਤੀਆਂ ਨੂੰ ਲਾਭ ਪਹੁੰਚਾਉਣ ਦੀ ਸਾਜ਼ਿਸ਼: ਬਸਪਾ ਪੰਜਾਬ ਪ੍ਰਧਾਨ

ਗੜ੍ਹਸ਼ੰਕਰ, 09 ਨਵੰਬਰ (ਹਿੰ.ਸ.)| ਬਹੁਜਨ ਸਮਾਜ ਪਾਰਟੀ (ਬਸਪਾ) ਦੇ ਪੰਜਾਬ ਪ੍ਰਧਾਨ, ਸਾਬਕਾ ਸੰਸਦ ਮੈਂਬਰ ਅਤੇ ਸਾਬਕਾ ਵਿਧਾਇਕ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਕੇਂਦਰ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਇਨ੍ਹਾਂ ਨੀਤੀਆਂ ਕਾਰਨ ਕਿਰਤੀ ਕਾਮਿਆਂ ਦਾ ਭਵਿੱਖ ਖ਼ਤਰੇ ਵਿੱਚ ਪੈ ਗਿਆ ਹੈ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਦੇ ਕੰਮ ਕਰਨ ਦਾ ਸਮਾਂ 8 ਘੰਟਿਆਂ ਤੋਂ ਵਧਾ ਕੇ 12 ਘੰਟੇ ਕਰਨਾ ਮਜ਼ਦੂਰਾਂ ਦੇ ਸ਼ੋਸ਼ਣ ਨੂੰ ਵਧਾਉਣ ਵਾਲਾ ਕਦਮ ਹੈ ਅਤੇ ਇਸ ਨਾਲ ਵੱਡੇ ਉਦਯੋਗਪਤੀਆਂ ਨੂੰ ਫਾਇਦਾ ਪਹੁੰਚੇਗਾ।

ਬਾਬਾ ਵਿਸ਼ਵਕਰਮਾ ਦਿਵਸ ਮੌਕੇ ਸਮਾਗਮ ਵਿੱਚ ਪਹੁੰਚੇ ਡਾ. ਕਰੀਮਪੁਰੀ ਨੇ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਅਤੇ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਕਿਰਤੀ ਅਤੇ ਮਜ਼ਦੂਰ ਵਰਗ ਦੇਸ਼ ਦੀ ਤਰੱਕੀ ਵਿੱਚ ਅਹਿਮ ਯੋਗਦਾਨ ਪਾਉਂਦਾ ਹੈ, ਪਰ ਅੱਜ ਹੱਡ-ਭੰਨਵੀਂ ਮਿਹਨਤ ਕਰਨ ਦੇ ਬਾਵਜੂਦ ਮਜ਼ਦੂਰ ਆਪਣੇ ਪਰਿਵਾਰ ਦੀਆਂ ਮੁੱਢਲੀਆਂ ਲੋੜਾਂ ਪੂਰੀਆਂ ਕਰਨ ਤੋਂ ਵੀ ਅਸਮਰੱਥ ਹਨ।

ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਵੱਡੇ ਉਦਯੋਗਿਕ ਘਰਾਣਿਆਂ ਨੂੰ ਲਾਭ ਪਹੁੰਚਾਉਣ ਵਾਲੀਆਂ ਹਨ, ਜਦਕਿ ਛੋਟੇ ਉਦਯੋਗਾਂ ਨੂੰ ਆਰਥਿਕ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਮਜ਼ਦੂਰਾਂ, ਛੋਟੇ ਕਿਸਾਨਾਂ ਅਤੇ ਸਮਾਲ ਸਕੇਲ ਇੰਡਸਟਰੀ ਨਾਲ ਜੁੜੇ ਲੋਕਾਂ ਦੀ ਹਾਲਤ ਲਗਾਤਾਰ ਖ਼ਰਾਬ ਹੋ ਰਹੀ ਹੈ।

ਡਾ. ਕਰੀਮਪੁਰੀ ਨੇ ਕਿਹਾ ਕਿ ਬਹੁਜਨ ਸਮਾਜ ਪਾਰਟੀ ਵੱਲੋਂ ਚਲਾਈ ਜਾ ਰਹੀ 'ਪੰਜਾਬ ਸੰਭਾਲੋ ਮੁਹਿੰਮ' ਦਾ ਮੁੱਖ ਉਦੇਸ਼ ਮਜ਼ਦੂਰਾਂ, ਕਿਰਤੀ ਕਾਮਿਆਂ, ਛੋਟੇ ਕਿਸਾਨਾਂ ਅਤੇ ਛੋਟੇ ਉਦਯੋਗਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨਾ ਹੈ। ਉਨ੍ਹਾਂ ਕਿਹਾ ਕਿ ਬਸਪਾ ਇਨ੍ਹਾਂ ਵਰਗਾਂ ਦੇ ਸੁਰੱਖਿਅਤ ਅਤੇ ਬਿਹਤਰ ਭਵਿੱਖ ਲਈ ਵਚਨਬੱਧ ਹੈ।

ਉਨ੍ਹਾਂ ਪੰਜਾਬ ਦੇ ਸਮੂਹ ਮਜ਼ਦੂਰਾਂ, ਕਿਰਤੀ ਕਾਮਿਆਂ, ਛੋਟੇ ਕਿਸਾਨਾਂ ਅਤੇ ਸਮਾਲ ਸਕੇਲ ਇੰਡਸਟਰੀ ਦੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਹੱਕਾਂ ਦੀ ਰਾਖੀ ਅਤੇ ਪੰਜਾਬ ਦੇ ਸੁਨਹਿਰੀ ਭਵਿੱਖ ਲਈ ਬਸਪਾ ਦਾ ਸਾਥ ਦੇਣ। ਉਨ੍ਹਾਂ ਕਿਹਾ ਕਿ ਬਸਪਾ ਦੀ ਸਰਕਾਰ ਬਣਨ ’ਤੇ ਆਮ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਲੋਕ ਭਲਾਈ ਦੇ ਕਦਮ ਚੁੱਕੇ ਜਾਣਗੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande