

ਚੰਡੀਗੜ੍ਹ/ਅੰਮ੍ਰਿਤਸਰ, 10 ਫਰਵਰੀ (ਹਿੰ.ਸ.)। ਪੰਜਾਬ ਸਰਕਾਰ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਸ਼ਾਮ ਸਿੰਘ ਅਟਾਰੀ ਵਾਲਾ ਦਾ 180ਵਾਂ ਸ਼ਹੀਦੀ ਦਿਹਾੜਾ ਅੱਜ ਇੰਡੀਆ ਗੇਟ ਅਤੇ ਅਟਾਰੀ ਸਮਾਧ ਵਿਖੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਰਾਜ ਪੱਧਰੀ ਸ਼ਹੀਦੀ ਸਮਾਗਮ ਮੌਕੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਮੁੱਖ ਮਹਿਮਾਨ ਅਤੇ ਜਸਵਿੰਦਰ ਸਿੰਘ ਰਮਦਾਸ ਹਲਕਾ ਵਿਧਾਇਕ ਅਟਾਰੀ ਤੇ ਡਾ. ਜਸਬੀਰ ਸਿੰਘ ਸੰਧੂ ਵਿਧਾਇਕ ਅੰਮ੍ਰਿਤਸਰ ਪੱਛਮੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।
ਇਸ ਮੌਕੇ ਇੰਡੀਆ ਗੇਟ ਵਿਖੇ ਬਣਾਏ ਗਏ ਮਹਾਨ ਜਰਨੈਲ ਸ਼ਾਮ ਸਿੰਘ ਅਟਾਰੀ ਵਾਲਾ ਦੇ ਸਮਾਰਕ ’ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਵਿਧਾਇਕ ਡਾ. ਜਸਬੀਰ ਸਿੰਘ ਸੰਧੂ, ਬ੍ਰਿਗੇਡੀਅਰ ਐੱਸ.ਐੱਸ. ਜਾਮਵਾਲ, ਕਮਾਂਡਰ 54 ਇੰਨਫੈਂਟਰੀ ਬ੍ਰਿਗੇਡ, ਕਰਨਲ ਸੁਮਿਤ ਸ਼ਰਮਾ, ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਐੱਸ.ਡੀ.ਐੱਮ. ਮਨਕੰਵਲ ਸਿੰਘ ਚਾਹਲ, ਕਰਨਲ ਹਰਿੰਦਰ ਸਿੰਘ, ਕਰਨਲ ਕੁਲਦੀਪ ਸਿੰਘ ਨੇ ਸ਼ਹੀਦ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੇ ਬੁੱਤ ’ਤੇ ਸ਼ਰਧਾਂਜਲੀਆਂ ਭੇਟ ਕੀਤੀਆਂ। ਇਸ ਮੌਕੇ ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਮਹਾਨ ਜਰਨੈਲ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਨੂੰ ਹਥਿਆਰ ਉਲਟੇ ਕਰਕੇ ਸਾਲਾਮੀ ਵੀ ਦਿੱਤੀ ਗਈ।
ਇਸ ਉਪਰੰਤ ਅਟਾਰੀ ਵਿਖੇ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੀ ਸਮਾਧ ਵਿਖੇ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾ ਕੇ ਧਾਰਮਿਕ ਦੀਵਾਨ ਸਜਾਏ ਗਏ। ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਜੀਤ ਸਿੰਘ ਬੈਂਕਾ ਵੱਲੋਂ ਗੁਰੂ ਜਸ ਗਾਇਨ ਕੀਤਾ ਗਿਆ ਅਤੇ ਭਾਈ ਗੁਰਪ੍ਰੀਤ ਸਿੰਘ ਭੰਗੂ ਦੇ ਢਾਡੀ ਜਥੇ ਵੱਲੋਂ ਜਰਨੈਲ ਸ਼ਾਮ ਸਿੰਘ ਅਟਾਰੀ ਵਾਲਾ ਦੇ ਜੀਵਨ ਅਤੇ ਉਨ੍ਹਾਂ ਦੀ ਸ਼ਹਾਦਤ ਦਾ ਬਿਰਤਾਂਤ ਸੰਗਤਾਂ ਨਾਲ ਸਾਂਝਾ ਕੀਤਾ। ਵੱਡੀ ਗਿਣਤੀ ’ਚ ਲੋਕਾਂ ਨੇ ਅਟਾਰੀ ਵਿਖੇ ਪਹੁੰਚ ਕੇ ਮਹਾਨ ਜਰਨੈਲ ਸ਼ਾਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਸਰਦਾਰ ਸ਼ਾਮ ਸਿੰਘ ਅਟਾਰੀ ਵਾਲਾ ਜੀ ਦੀ ਸਮਾਧ ਉੱਪਰ ਨਤਮਸਤਕ ਹੋ ਕੇ ਉਨ੍ਹਾਂ ਨੂੰ ਆਪਣੀ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਇਸ ਮੌਕੇ ਉਨ੍ਹਾਂ ਵੱਲੋਂ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਮਿਊਜ਼ੀਅਮ ਦਾ ਦੌਰਾ ਵੀ ਕੀਤਾ। ਉਪਰੰਤ ਧਾਰਮਿਕ ਦੀਵਾਨ ਵਿੱਚ ਨੂੰ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਸਿੱਖ ਕੌਮ ਦੇ ਮਹਾਨ ਜਰਨੈਲ ਹੋਏ ਹਨ ਅਤੇ ਐਂਗਲੋ-ਸਿੱਖ ਯੁੱਧ ਦੌਰਾਨ ਸਭਰਾਉਂ ਦੀ ਜੰਗ ਵਿੱਚ ਆਖ਼ਰੀ ਦਮ ਤੱਕ ਜੂਝਣ ਲਈ ਉਨ੍ਹਾਂ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੀ ਬਹਾਦਰੀ ਤੇ ਸ਼ਹਾਦਤ ਦੀ ਪ੍ਰਸੰਸਾ ਅੰਗਰੇਜ਼ਾਂ ਨੇ ਵੀ ਕੀਤੀ ਹੈ।
---------------
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ