
ਫਿਰੋਜ਼ਪੁਰ/ਚੰਡੀਗੜ੍ਹ, 10 ਫਰਵਰੀ (ਹਿੰ.ਸ.)। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਅਕਾਲੀ ਦਲ 2027 ਵਿਚ ਪੰਜਾਬ ਵਿਚ ਸਰਕਾਰ ਬਣਨ ’ਤੇ ਨਸ਼ਿਆਂ ਅਤੇ ਗੈਂਗਸਟਰਵਾਦ ਦੇ ਖ਼ਾਤਮੇ ਲਈ ਦ੍ਰਿੜ੍ਹ ਸੰਕਲਪ ਹੈ ਅਤੇ ਪਾਰਟੀ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਮੁਹਿੰਮ ਸ਼ੁਰੂ ਕਰਨ ਦੀ ਪਹਿਲਕਦਮੀ ਕਰਨ ਦੀ ਸ਼ਲਾਘਾ ਕੀਤੀ।
ਮੰਗਲਵਾਰ ਨੂੰ ਰਾਜਪਾਲ ਵੱਲੋਂ ਨਸ਼ਾ ਮੁਕਤ ਮੁਹਿੰਮ ਦੀ ਸ਼ੁਰੂਆਤ ਦੇ ਸਮਾਗਮ ਵਿਚ ਭਾਗ ਲੈਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਰਾਜਪਾਲ ਲੋਕਾਂ ਦੀ ਨਬਜ਼ ਪਛਾਣਦੇ ਹਨ ਅਤੇ ਇਸ ਬੁਰਾਈ ਖਿਲਾਫ ਪਿੰਡ-ਪਿੰਡ, ਸ਼ਹਿਰ-ਸ਼ਹਿਰ ਘੁੰਮ ਰਹੇ ਹਨ। ਉਹਨਾਂ ਕਿਹਾ ਕਿ ਨਸ਼ਾ ਸੂਬੇ ਵਿਚ ਵੱਡੀ ਅਲਾਮਤ ਬਣ ਗਿਆ ਹੈ ਤੇ ਇਹ ਸਾਡੀ ਸਮੁੱਚੀ ਪੀੜੀ ਦੇ ਭਵਿੱਖ ਨੂੰ ਪ੍ਰਭਾਵਤ ਕਰ ਰਿਹਾ ਹੈ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਇਹ ਵੀ ਬਹੁਤ ਸ਼ਲਾਘਾਯੋਗ ਗੱਲ ਹੈ ਕਿ ਰਾਜਪਾਲ ਨੇ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਅਸਫਲਤਾ ਮਗਰੋਂ ਨਸ਼ਿਆਂ ਦੇ ਖਿਲਾਫ ਇਹ ਮੁਹਿੰਮ ਆਰੰਭਣ ਦੀ ਪਹਿਲਕਦਮੀ ਕੀਤੀ ਹੈ। ਉਹਨਾਂ ਕਿਹਾ ਕਿ ਉਹ ਰਾਜਪਾਲ ਦਾ ਧੰਨਵਾਦ ਕਰਨਾ ਚਾਹੁੰਦੇ ਹਨ ਜਿਹਨਾਂ ਨੇ ਇਸ ਲੋਕ ਮੁਹਿੰਮ ਵਾਸਤੇ ਸਾਰੀਆਂ ਪਾਰਟੀਆਂ ਤੇ ਸਮਾਜਿਕ ਸੰਗਠਨਾਂ ਤੇ ਵਿਦਿਅਕ ਸੰਸਥਾਵਾਂ ਨੂੰ ਸੱਦਾ ਦਿੱਤਾ ਹੈ।
ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਪਿਛਲੇ 9 ਸਾਲਾਂ ਦੌਰਾਨ ਨਸ਼ਿਆਂ ਦੇ ਖ਼ਾਤਮੇ ਲਈ ਇਕ ਸੰਜੀਦਾ ਯਤਨ ਇਸ ਕਰ ਕੇ ਨਹੀਂ ਕੀਤਾ ਜਾ ਸਕਿਆ ਕਿਉਂਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਇਸ ਮਾਮਲੇ ’ਤੇ ਰਾਜਨੀਤੀ ਕਰਦੇ ਰਹੇ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਚਾਰ ਹਫਤਿਆਂ ਵਿਚ ਨਸ਼ਾ ਖਤਮ ਕਰਨ ਵਾਸਤੇ ’ਗੁਟਕਾ ਸਾਹਿਬ’ ਦੀ ਝੂਠੀ ਸਹੁੰ ਖਾਧੀ ਜਦੋਂ ਕਿ ਅਰਵਿੰਦ ਕੇਜਰੀਵਾਲ ਨੇ ਆਖਿਆ ਕਿ ਇਸਨੂੰ ਕੁਝ ਮਹੀਨੇ ਲੱਗ ਜਾਣਗੇ।
ਬਾਦਲ ਨੇ ਕਿਹਾ ਕਿ ਦੋਵਾਂ ਸਰਕਾਰਾਂ ਨੇ ਸੂਬੇ ਦੇ ਲੋਕਾਂ ਨੂੰ ਅਸਫਲ ਕੀਤਾ ਹੈ। ਉਹਨਾਂ ਕਿਹਾ ਕਿ ਇਸਦਾ ਮੁੱਖ ਕਾਰਨ ਇਹ ਸੀ ਕਿ ਸਿਆਸੀ ਆਗੂ ਨਸ਼ਾ ਤਸਕਰਾਂ ਨਾਲ ਰਲ ਗਏ ਸਨ। ਉਹਨਾਂ ਕਿਹਾ ਕਿ ਮੈਨੂੰ ਦੱਸਿਆ ਗਿਆ ਹੈ ਕਿ ਆਪ ਦੇ ਆਗੂ ਨਸ਼ਾ ਤਸਕਰਾਂ ਤੋਂ ਮਹੀਨੇ ਲੈਂਦੇ ਹਨ ਜਿਸ ਕਾਰਨ ਨਾ ਸਿਰਫ ਉਹ ਉਹਨਾਂ ਦੀ ਪੁਸ਼ਤਪਨਾਹੀ ਕਰ ਰਹੇ ਹਨ ਸਗੋਂ ਉਹਨਾਂ ਦੀਆਂ ਗ੍ਰਿਫਤਾਰੀਆਂ ਵੀ ਰੋਕ ਰਹੇ ਹਨ। ਉਹਨਾਂ ਕਿਹਾ ਕਿ ਨਸ਼ਾ ਕਰਨ ਵਾਲੇ ਅਤੇ ਵੇਚਣ ਵਾਲੇ ਤਾਂ ਫੜੇ ਜਾ ਰਹੇ ਹਨ ਪਰ ਨਸ਼ੇ ਦੇ ਸੌਦਾਗਰ ਸ਼ਰ੍ਹੇਆਮ ਤੇ ਖੁੱਲ੍ਹੇਆਮ ਘੁੰਮ ਰਹੇ ਹਨ।
ਬਾਦਲ ਨੇ ਕਿਹਾ ਕਿ 2027 ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਨਸ਼ਿਆਂ ਦੀ ਬੁਰਾਈ ਦੇ ਨਾਲ-ਨਾਲ ਗੈਂਗਸਟਰਾਂ ਦਾ ਵੀ ਖ਼ਾਤਮਾ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਅਸੀਂ ਨਸ਼ਾ ਮਾਫੀਆ ਤੇ ਗੈਂਗਸਟਰਾਂ ਦੀ ਆਪਸੀ ਮਿਲੀਭੁਗਤ ਦਾ ਵੀ ਅਧਿਐਨ ਕਰਾਂਗੇ। ਅਸੀਂ ਹੇਠੋਂ ਲੈ ਕੇ ਉਪਰ ਤੱਕ ਇਹਨਾਂ ਦਾ ਖ਼ਾਤਮਾ ਕਰਾਂਗੇ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ