
ਗੁਰਦਾਸਪੁਰ, 10 ਮਾਰਚ (ਹਿੰ.ਸ.)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦਹਾਕਿਆਂ ਤੋਂ ਚੱਲੇ ਆ ਰਹੇ ਸਿਆਸੀ ਸ਼ੋਸ਼ਣ ਤੋਂ ਵਿਕਾਸ, ਸਿੱਖਿਆ ਸੁਧਾਰ ਅਤੇ ਲੋਕ ਭਲਾਈ ਅਧਾਰਿਤ ਸ਼ਾਸਨ ਦੇ ਯੁੱਗ ਵੱਲ ਫੈਸਲਾਕੁੰਨ ਤਬਦੀਲੀ ਦਾ ਗਵਾਹ ਬਣ ਰਿਹਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੂਬੇ ਦੇ ਲੋਕ ਇਕ ਵਾਰ ਫਿਰ ਕਾਂਗਰਸ ਅਤੇ ਅਕਾਲੀ ਦਲ-ਭਾਜਪਾ ਦਾ ਹੂੰਝਾ ਫੇਰਨ ਲਈ 'ਝਾੜੂ' ਦੀ ਵਰਤੋਂ ਕਰਨਗੇ, ਜਿਨ੍ਹਾਂ ਨੇ ਲੋਕ ਭਲਾਈ ਨੂੰ ਨਜ਼ਰਅੰਦਾਜ਼ ਕਰਦੇ ਹੋਏ ਵਾਰੋ-ਵਾਰੀ ਪੰਜਾਬ 'ਤੇ ਰਾਜ ਕੀਤਾ।
ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਦੇ ਕਾਦੀਆਂ ਵਿੱਚ 168.44 ਕਰੋੜ ਰੁਪਏ ਦੀਆਂ 237 ਪੇਂਡੂ ਲਿੰਕ ਸੜਕਾਂ ਦੇ ਨਵੀਨੀਕਰਨ ਲਈ ਨੀਂਹ ਪੱਥਰ ਰੱਖਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪੇਂਡੂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰ ਰਹੀ ਹੈ, ਰੋਜ਼ਗਾਰ ਦੇ ਮੌਕੇ ਪੈਦਾ ਕਰ ਰਹੀ ਹੈ ਅਤੇ ਸਰਕਾਰੀ ਸਕੂਲਾਂ ਦੀ ਕਾਇਆਕਲਪ ਰਹੀ ਹੈ, ਨਾਲ ਹੀ ਇਹ ਵੀ ਖੁਲਾਸਾ ਕੀਤਾ ਕਿ ਕਿਵੇਂ ਪਹਿਲੀਆਂ ਸਰਕਾਰਾਂ ਨੇ ਆਮ ਲੋਕਾਂ ਦੀਆਂ ਜ਼ਰੂਰਤਾਂ ਨਾਲੋਂ ਕਮਿਸ਼ਨਾਂ ਅਤੇ ਸੱਤਾ ਭੋਗਣ ਦੀ ਸਿਆਸਤ ਨੂੰ ਤਰਜੀਹ ਦਿੱਤੀ ਸੀ।
ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਰਕਾਰੀ ਸਕੂਲ ਬੰਦ ਕਰ ਦਿੱਤੇ ਸਨ ਅਤੇ ਸਰਹੱਦੀ ਖੇਤਰਾਂ ਨੂੰ ਅਣਗੌਲਿਆ ਕੀਤਾ ਸੀ, ਪਰ ਪੰਜਾਬ ਸਰਕਾਰ ਨਵੇਂ ਆਧੁਨਿਕ ਸਕੂਲ ਬਣਾ ਰਹੀ ਹੈ, ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜ ਰਹੀ ਹੈ ਤਾਂ ਜੋ ਪੰਜਾਬ ਦੇ ਬੱਚਿਆਂ ਨੂੰ ਸਿੱਖਿਆ ਲਈ ਵਿਦੇਸ਼ ਨਾ ਜਾਣਾ ਪਵੇ, 1.50 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵਾਂ ਨੂੰ ਆਕਰਸ਼ਿਤ ਕੀਤਾ ਜਾ ਰਿਹਾ ਹੈ ਜਿਸ ਨਾਲ 5.20 ਲੱਖ ਨੌਕਰੀਆਂ ਪੈਦਾ ਹੋਣ ਦੀ ਉਮੀਦ ਹੈ ਤੇ ਪੰਜਾਬ ਦੇ ਹਰ ਕੋਨੇ ਵਿੱਚ ਵਿਕਾਸ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਹਨੂੰਵਾਨ ਨੂੰ ਸਬ ਡਿਵੀਜ਼ਨ ਬਣਾਉਣ ਦਾ ਫੈਸਲਾ ਕੀਤਾ ਹੈ ਤਾਂ ਜੋ ਸਾਰੇ ਮੁੱਖ ਸਰਕਾਰੀ ਦਫ਼ਤਰਾਂ ਨੂੰ ਇਕ ਛੱਤ ਹੇਠ ਲਿਆਂਦਾ ਜਾ ਸਕੇ।
ਵਿਰੋਧੀਆਂ ’ਤੇ ਹਮਲਾ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਸੱਤਾ ਦੀ ਲਾਲਸਾ ਵਿੱਚ ਹਮੇਸ਼ਾ ਲੋਕਾਂ ਨੂੰ ਮੂਰਖ ਬਣਾਇਆ ਹੈ। ਇਨ੍ਹਾਂ ਪਾਰਟੀਆਂ ਕੋਲ ਸੂਬੇ ਦਾ ਸਰਮਾਇਆ ਲੁੱਟਣ ਅਤੇ ਆਮ ਆਦਮੀ ਦਾ ਸ਼ੋਸ਼ਣ ਕਰਨ ਤੋਂ ਇਲਾਵਾ ਹੋਰ ਕੋਈ ਏਜੰਡਾ ਨਹੀਂ। ਮੁੱਖ ਮੰਤਰੀ ਨੇ ਕਿਹਾ ਕਿ ਮਾਝਾ ਖੇਤਰ ਦੀ ਲੰਬੇ ਸਮੇਂ ਤੋਂ ਨੁਮਾਇੰਦਗੀ ਕਰਨ ਵਾਲੇ ਤਸਕਰਾਂ ਨੇ ਸਾਡੀਆਂ ਪੀੜ੍ਹੀਆਂ ਬਰਬਾਦ ਕਰ ਦਿੱਤੀਆਂ, ਜਿਸ ਲਈ ਅਜਿਹੇ ਲੋਕਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸਬਕ ਸਿਖਾਉਣਾ ਚਾਹੀਦਾ ਹੈ।
ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਕੋਲ ਆਮ ਆਦਮੀ ਦੀ ਸੇਵਾ ਕਰਨ ਦਾ ਕੋਈ ਏਜੰਡਾ ਨਹੀਂ ਹੈ ਅਤੇ ਸਿਰਫ਼ ਸੱਤਾ ਹਾਸਲ ਕਰਨ ਦੀ ਅੰਨ੍ਹੀ ਦੌੜ ਵਿੱਚ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਵਿਧਾਨ ਸਭਾ, ਰਾਜ ਸਭਾ ਅਤੇ ਲੋਕ ਸਭਾ ਵਿੱਚ ਇਸ ਇਲਾਕੇ ਦੀ ਨੁਮਾਇੰਦਗੀ ਕੀਤੀ ਹੈ, ਉਨ੍ਹਾਂ ਨੇ ਕਦੇ ਵੀ ਇਸ ਦੇ ਵਿਕਾਸ ਵੱਲ ਧਿਆਨ ਨਹੀਂ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਦਿੱਗਜ਼ ਆਗੂਆਂ ਦਾ ਘਰ ਵੀ ਦੋ ਪਾਰਟੀਆਂ ਵਿੱਚ ਵੰਡਿਆ ਹੋਇਆ ਹੈ ਕਿਉਂਕਿ ਇਨ੍ਹਾਂ ਆਗੂਆਂ ਦੇ ਘਰ 'ਤੇ ਦੋ ਪਾਰਟੀਆਂ ਦੇ ਝੰਡੇ ਲੱਗੇ ਹੋਏ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਵਿੱਚ ਹਰ ਆਗੂ ਸੂਬੇ ਦਾ ਮੁਖੀ ਬਣਨਾ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਚੋਣਾਂ ਵਿੱਚ ਕੰਮ ਕਰਨ ਲਈ ਆਮ ਵਰਕਰਾਂ ਨਾਲੋਂ ਮੁੱਖ ਮੰਤਰੀ ਦੇ ਚਿਹਰੇ ਜ਼ਿਆਦਾ ਹਨ। ਮਾਨ ਨੇ ਕਿਹਾ ਕਿ ਇਨ੍ਹਾਂ ਕਾਂਗਰਸੀ ਆਗੂਆਂ ਕੋਲ ਸੂਬੇ ਦੇ ਵਿਕਾਸ ਲਈ ਕੋਈ ਦ੍ਰਿਸ਼ਟੀਕੋਣ ਨਹੀਂ ਹੈ ਅਤੇ ਉਨ੍ਹਾਂ ਦਾ ਇੱਕੋ-ਇੱਕ ਉਦੇਸ਼ ਸੱਤਾ ਸੰਭਾਲ ਕੇ ਪੰਜਾਬ ਦੀ ਦੌਲਤ ਨੂੰ ਲੁੱਟਣਾ ਹੈ ਪਰ ਉਨ੍ਹਾਂ ਦੇ ਸੁਪਨੇ ਕਦੇ ਵੀ ਪੂਰੇ ਨਹੀਂ ਹੋਣਗੇ।
ਅਕਾਲੀ ਲੀਡਰਸ਼ਿਪ 'ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੂੰ ਆਪਣੀ ਪਾਰਟੀ ਦੀ ਕਮੇਟੀ ਬਣਾਉਣ ਲਈ 11 ਮੈਂਬਰ ਵੀ ਨਹੀਂ ਮਿਲ ਰਹੇ, ਉਹ ਸੂਬੇ ਵਿੱਚ 117 ਸੀਟਾਂ ਜਿੱਤਣ ਦੇ ਸੁਪਨੇ ਦੇਖ ਰਹੇ ਹਨ। ਇਨ੍ਹਾਂ ਆਗੂਆਂ ਨੇ ਸੂਬੇ ਵਿੱਚ ਗੈਂਗਸਟਰਾਂ ਨੂੰ ਸਰਪ੍ਰਸਤੀ ਦਿੱਤੀ ਹੈ ਅਤੇ ਨਸ਼ਾ ਤਸਕਰਾਂ ਨੂੰ ਬਚਾ ਕੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਸੁੱਟ ਦਿੱਤਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਚੱਲੇ ਹੋਏ ਕਾਰਤੂਸਾਂ ਦੀ ਪਾਰਟੀ ਹੈ ਜਿਨ੍ਹਾਂ ਨੂੰ ਲੋਕਾਂ ਨੇ ਵਾਰ-ਵਾਰ ਸੱਤਾ ਤੋਂ ਬਾਹਰ ਦਾ ਰਾਸਤਾ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਧਰਮ ਦੀ ਦੁਰਵਰਤੋਂ ਕਰ ਸਕਦੇ ਹਨ ਪਰ ਲੋਕ ਹੁਣ ਇਨ੍ਹਾਂ ਦੇ ਝਾਂਸੇ ਵਿੱਚ ਨਹੀਂ ਆਉਣਗੇ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਦਾਅਵਾ ਕਰਦੇ ਹਨ ਕਿ ਸੂਬੇ ਦਾ ਪੂਰਾ ਵਿਕਾਸ ਉਨ੍ਹਾਂ ਦੇ ਕਾਰਜਕਾਲ ਦੌਰਾਨ ਹੋਇਆ ਹੈ ਪਰ ਉਹ ਸੂਬੇ ਵਿੱਚ ਉਨ੍ਹਾਂ ਦੇ ਕਾਰਜਕਾਲ ਦੌਰਾਨ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਦਾ ਜ਼ਿਕਰ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਇਹ ਆਗੂ ਸਭ ਤੋਂ ਵੱਧ ਮੌਕਾਪ੍ਰਸਤ ਆਗੂ ਹਨ ਜੋ ਸੂਬੇ ਦੀ ਚਿੰਤਾ ਕਰਨ ਦੀ ਬਜਾਏ ਸਿਰਫ਼ ਆਪਣੇ ਸੌੜੇ ਹਿੱਤਾਂ ਦੀ ਪੂਰਤੀ ਲਈ ਕੰਮ ਕਰਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ ਸੂਬਾ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਬੇਮਿਸਾਲ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਨੂੰ ਲੋਕਾਂ ਦੀ ਭਲਾਈ ਜਾਂ ਲੋਕਾਂ ਦੀ ਖੁਸ਼ਹਾਲੀ ਦੀ ਕੋਈ ਪ੍ਰਵਾਹ ਨਹੀਂ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਦਾ ਉਦੇਸ਼ ਸਿਰਫ਼ ਸੱਤਾ ਹੜੱਪਣ ਤੱਕ ਸੀਮਿਤ ਹੈ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ