
ਸ੍ਰੀ ਮੁਕਤਸਰ ਸਾਹਿਬ, 11 ਮਾਰਚ (ਹਿੰ.ਸ.)। ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਦੇ ਕੈਂਪ ਟ੍ਰੇਨਿੰਗ ਅਫਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਦੀਆਂ ਆਸਾਮੀਆਂ ਲਈ ਮਿਤੀ 10 ਮਾਰਚ ਤੋਂ ਆਨਲਾਈਨ ਰਜਿਸਟਰੇਸ਼ਨ ਸ਼ੁਰੂ ਕਰ ਦਿੱਤੀ ਗਈ ਹੈ ਅਤੇ 16 ਮਾਰਚ 2026 ਤੋਂ ਤਿਆਰੀ ਸ਼ੁਰੂ ਕਰਵਾਈ ਜਾਵੇਗੀ।
ਉਨ੍ਹਾਂ ਕਿਹਾ ਕਿ ਮੁਕਤਸਰ, ਫਰੀਦਕੋਟ, ਫਿਰੋਜ਼ਪੁਰ, ਫਾਜ਼ਿਲਕਾ, ਅਤੇ ਮੋਗਾ ਜ਼ਿਲ੍ਹਿਆਂ ਦੇ ਚਾਹਵਾਨ ਨੌਜਵਾਨ ਜੋ ਪੰਜਾਬ ਪੁਲਿਸ ਵਿੱਚ ਭਰਤੀ ਹੋਣ ਲਈ ਲਿਖਤੀ ਪੇਪਰ ਅਤੇ ਫਿਜ਼ੀਕਲ ਟੈਸਟ ਦੀ ਤਿਆਰੀ ਕਰਨਾ ਚਾਹੁੰਦੇ ਹਨ ਉਹ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਸਵੇਰੇ 9 ਵਜੇ ਪਹੁੰਚ ਕੇ ਰਿਪੋਰਟ ਕਰਨ ਅਤੇ ਪੰਜਾਬ ਸਰਕਾਰ ਦੁਆਰਾ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਉਠਾਉਣ ।
ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਂਪ ਵਿੱਚ ਆਉਣ ਸਮੇਂ ਆਨ ਲਾਈਨ ਅਪਲਾਈ ਦੀ ਇੱਕ ਕਾਪੀ, 10ਵੀਂ ਦਾ ਅਸਲ ਸਰਟੀਫਿਕੇਟ, 10+2 ਪਾਸ ਅਤੇ ਇਸ ਤੋਂ ਵੱਧ ਪੜ੍ਹਾਈ ਦੇ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ, ਪੰਜਾਬ ਰੈਜ਼ੀਡੈਂਸ ਸਰਟੀਫਿਕੇਟ ਦੀ ਫੋਟੋਕਾਪੀ, ਜਾਤੀ ਸਰਟੀਫਿਕੇਟ, ਆਧਾਰ ਕਾਰਡ ਦੀ ਫੋਟੋ ਕਾਪੀ,ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਦੋ ਪਾਸਪੋਰਟ ਸਾਈਜ਼ ਫੋਟੋਆਂ, ਇੱਕ ਕਾਪੀ, ਇੱਕ ਪੈੱਨ, ਖਾਣਾ ਖਾਣ ਲਈ ਬਰਤਨ ਅਤੇ ਰਹਿਣ ਲਈ ਬਿਸਤਰਾ ਨਾਲ ਲਿਆਉਣਾ ਲਾਜ਼ਮੀ ਹੈ।
ਉਨ੍ਹਾਂ ਦੱਸਿਆ ਕਿ ਕੋਰਸ ਦੌਰਾਨ ਖਾਣਾ ਅਤੇ ਰਿਹਾਇਸ਼ ਦੀ ਸੁਵਿਧਾ ਵੀ ਪੂਰੀ ਤਰ੍ਹਾਂ ਮੁਫ਼ਤ ਪ੍ਰਦਾਨ ਕੀਤੀ ਜਾਵੇਗੀ ਅਤੇ ਫਿਜੀਕਲ ਤੇ ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫੀਸ ਨਹੀਂ ਲਈ ਜਾਵੇਗੀ। ਵਧੇਰੇ ਜਾਣਕਾਰੀ ਲਈ 73476-66557 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ