
ਚੰਡੀਗੜ੍ਹ, 12 ਮਾਰਚ (ਹਿੰ.ਸ.)। ਜਨਤਕ ਸਿਹਤ ਸੰਭਾਲ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਚੁੱਕਦਿਆਂ ਭਗਵੰਤ ਮਾਨ ਸਰਕਾਰ ਨੇ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਬਿਹਤਰ ਸੇਵਾਵਾਂ ਮੁਹੱਈਆ ਕਰਨ ਲਈ 672 ਸਟਾਫ਼ ਨਰਸਾਂ ਦੀ ਭਰਤੀ ਲਈ ਇਸ਼ਤਿਹਾਰ ਜਾਰੀ ਕੀਤਾ ਹੈ। ਭਰਤੀ ਸਬੰਧੀ ਇਹ ਇਸ਼ਤਿਹਾਰ ਪ੍ਰਮੁੱਖ ਅਖ਼ਬਾਰਾਂ ਵਿੱਚ ਪ੍ਰਕਾਸ਼ਿਤ ਕੀਤਾ ਗਿਆ ਹੈ, ਜਿਸ ਵਿੱਚ ਯੋਗ ਉਮੀਦਵਾਰਾਂ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਫਰੀਦਕੋਟ ਦੇ ਅਧਿਕਾਰਤ ਆਨਲਾਈਨ ਪੋਰਟਲ ਰਾਹੀਂ ਅਰਜ਼ੀ ਦੇਣੀ ਹੋਵੇਗੀ।
ਇਹ ਆਨਲਾਈਨ ਅਰਜ਼ੀ ਪੋਰਟਲ 13 ਮਾਰਚ 2026 ਤੋਂ 02 ਅਪ੍ਰੈਲ 2026 ਤੱਕ ਖੁੱਲ੍ਹਾ ਰਹੇਗਾ। ਇਹਨਾਂ ਅਸਾਮੀਆਂ ਲਈ ਉਮੀਦਵਾਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਅਧੀਨ ਆਪਣੀਆਂ ਅਰਜ਼ੀਆਂ ਯੂਨੀਵਰਸਿਟੀ ਦੀ ਅਧਿਕਾਰਤ ਵੈੱਬਸਾਈਟ ਰਾਹੀਂ ਜਮ੍ਹਾਂ ਕਰਵਾ ਸਕਦੇ ਹਨ। ਇਹ ਭਰਤੀ ਪਹਿਲਾਂ ਮਨਜ਼ੂਰ ਕੀਤੀਆਂ ਗਈਆਂ 406 ਸਟਾਫ ਨਰਸ ਅਸਾਮੀਆਂ, ਜਿਨ੍ਹਾਂ ਵਿੱਚੋਂ 275 ਅਸਾਮੀਆਂ ਲਈ ਅਪੁਆਇੰਟਮੈਂਟ ਆਰਡਰਜ਼ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ, ਤੋਂ ਵੱਖਰੀ ਹੈ। ਨਿਯੁਕਤ ਕੀਤੀਆਂ ਗਈਆਂ ਇਨ੍ਹਾਂ ਨਰਸਾਂ ਨੂੰ ਪੰਜਾਬ ਭਰ ਦੇ ਵੱਖ-ਵੱਖ ਸਬ ਡਿਵੀਜ਼ਨਲ ਹਸਪਤਾਲਾਂ ਅਤੇ ਜ਼ਿਲ੍ਹਾ ਹਸਪਤਾਲਾਂ ਵਿੱਚ ਤਾਇਨਾਤ ਕੀਤਾ ਗਿਆ ਹੈ।
ਦੱਸਣਯੋਗ ਹੈ ਕਿ 672 ਨਰਸਾਂ ਦੀ ਭਰਤੀ ਨਰਸਿੰਗ ਵਰਕਫੋਰਸ, ਖਾਸ ਕਰਕੇ ਪ੍ਰਾਇਮਰੀ ਅਤੇ ਸੈਕੰਡਰੀ ਸਿਹਤ ਸੰਭਾਲ ਪੱਧਰਾਂ 'ਤੇ, ਨੂੰ ਹੋਰ ਮਜ਼ਬੂਤ ਕਰੇਗੀ। ਇਸ ਕਦਮ ਨਾਲ ਮਰੀਜ਼ਾਂ ਦੀ ਦੇਖਭਾਲ ਵਿੱਚ ਸੁਧਾਰ ਹੋਣ ਅਤੇ ਸਰਕਾਰੀ ਹਸਪਤਾਲਾਂ ਵਿੱਚ ਕੰਮ ਦੇ ਬੋਝ ਨੂੰ ਘਟਾਉਣ ਵਿੱਚ ਸਹਾਇਤਾ ਮਿਲੇਗੀ।
ਸਿਹਤ ਸੰਭਾਲ ਵਰਕਫੋਰਸ ਨੂੰ ਮਜ਼ਬੂਤ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਸੂਬੇ ਭਰ ਵਿੱਚ ਸਿਹਤ ਸੰਭਾਲ ਬੁਨਿਆਦੀ ਢਾਂਚੇ ਅਤੇ ਵਰਕਫੋਰਸ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਪਹਿਲਾਂ ਹੀ ਡਾਕਟਰਾਂ, ਮਾਹਿਰਾਂ ਅਤੇ ਪੈਰਾ ਮੈਡੀਕਲ ਸਟਾਫ਼ ਦੀ ਭਰਤੀ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਆਪਣੇ ਸਿਹਤ ਸੰਭਾਲ ਵਰਕਫੋਰਸ ਨੂੰ ਹੋਰ ਮਜ਼ਬੂਤ ਕਰਨ ਅਤੇ ਮਰੀਜ਼ਾਂ ਦੀ ਦੇਖਭਾਲ ਨੂੰ ਯਕੀਨੀ ਬਣਾਉਣ ਲਈ ਅਸੀਂ ਹੁਣ 672 ਵਾਧੂ ਸਟਾਫ ਨਰਸਾਂ ਦੀ ਭਰਤੀ ਕਰ ਰਹੇ ਹਾਂ। ਇਹ ਕਦਮ ਪ੍ਰਾਇਮਰੀ ਅਤੇ ਸੈਕੰਡਰੀ ਸਿਹਤ ਸੰਭਾਲ ਸੇਵਾਵਾਂ ਨੂੰ ਮਜ਼ਬੂਤੀ ਪ੍ਰਦਾਨ ਕਰਨ ਦੇ ਨਾਲ-ਨਾਲ ਪੰਜਾਬ ਦੇ ਲੋਕਾਂ ਲਈ ਬਿਹਤਰ ਗੁਣਵੱਤਾ ਵਾਲਾ ਇਲਾਜ ਯਕੀਨੀ ਬਣਾਏਗਾ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ