

ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 13 ਮਾਰਚ (ਹਿੰ.ਸ.)। ਮੋਹਾਲੀ ਵਿਖੇ ਤਿੰਨ ਦਿਨ ਚੱਲਣ ਵਾਲੇ ਪੰਜਾਬ ਪ੍ਰਗਤੀਸ਼ੀਲ ਨਿਵੇਸ਼ਕ ਸੰਮੇਲਨ-2026 ਦੀ ਅੱਜ ਧਮਾਕੇਦਾਰ ਸ਼ੁਰੂਆਤ ਹੋਈ। ਸੰਮੇਲਨ ਦੇ ਪਹਿਲੇ ਦਿਨ ਦਿੱਗਜ਼ ਉਦਯੋਗਪਤੀਆਂ ਨੇ 10,000 ਕਰੋੜ ਰੁਪਏ ਦਾ ਨਿਵੇਸ਼ ਦੇ ਵਾਅਦੇ ਕਰਦਿਆਂ ਸੂਬੇ ਵਿੱਚ ਕਾਰੋਬਾਰ ਹੋਰ ਵਧਾਉਣ ਦਾ ਐਲਾਨ ਵੀ ਕੀਤਾ। ਨਿਵੇਸ਼ਕਾਰਾਂ ਅਤੇ ਉਦਯੋਗਪਤੀਆਂ ਨੂੰ ਮੁਖਾਤਿਬ ਹੁੰਦਿਆਂ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਚੀਨ ਨਾਲ ਮੁਕਾਬਲਾ ਕਰਨ ਲਈ ਪੰਜਾਬ ਸਰਕਾਰ ਉਦਯੋਗ ਨੂੰ ਹਰ ਤਰ੍ਹਾਂ ਦੀ ਸਹੂਲਤ ਦੇਵੇਗੀ। ਉਨ੍ਹਾਂ ਕਿਹਾ ਕਿ ਕਾਰੋਬਾਰ ਪੱਖੀ ਮਾਹੌਲ ਸਦਕਾ ਮਹਿਜ਼ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇਕ ਲੱਖ 50 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਆ ਚੁੱਕਾ ਹੈ।
ਉਦਯੋਗਿਕ ਖੇਤਰ ਲਈ ਵੱਡੇ ਸੁਧਾਰਾ ਦਾ ਵਿਸਥਾਰ ਵਿੱਚ ਜ਼ਿਕਰ ਕਰਦਿਆਂ 'ਆਪ' ਸੁਪਰੀਮੋ ਨੇ ਦੱਸਿਆ ਕਿ ਕਿਵੇਂ ਭਗਵੰਤ ਸਿੰਘ ਮਾਨ ਸਰਕਾਰ ਨੇ 45 ਦਿਨਾਂ ਦੀ ਸਿੰਗਲ-ਵਿੰਡੋ ਕਲੀਅਰੈਂਸ ਪ੍ਰਣਾਲੀ ਸ਼ੁਰੂ ਕੀਤੀ ਹੈ ਅਤੇ ਮਨੁੱਖੀ ਵਸੀਲਿਆਂ, ਉਦਯੋਗਿਕ ਵਿਕਾਸ ਅਤੇ ਨੌਜਵਾਨਾਂ ਲਈ ਵੱਡੇ ਪੱਧਰ 'ਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨ 'ਤੇ ਕੇਂਦ੍ਰਿਤ ਕਾਰੋਬਾਰ ਪੱਖੀ ਈਕੋ-ਸਿਸਟਮ ਸਿਰਜ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੰਮੇਲਨ ਆਰਥਿਕ ਵਿਕਾਸ, ਰੋਜ਼ਗਾਰ ਤੇ ਉਦਯੋਗਿਕ ਵਿਸਥਾਰ ਦੇ ਨਵੇਂ ਪੜਾਅ ਦੀ ਸ਼ੁਰੂਆਤ ਹੈ, ਕਿਉਂਕਿ ਸੂਬਾ ਆਪਣੇ ਆਪ ਨੂੰ ਤੇਜੀ ਨਾਲ ਪ੍ਰਵਾਨਗੀਆਂ, ਉਦਯੋਗ ਪੱਖੀ ਨੀਤੀਆਂ ਅਤੇ ਸਿੱਖਿਆ, ਸਿਹਤ ਸੰਭਾਲ ਤੇ ਹੁਨਰਮੰਦ ਮਨੁੱਖੀ ਸ਼ਕਤੀ 'ਤੇ ਕੇਂਦ੍ਰਿਤ ਹੋ ਕੇ ਸਭ ਤੋਂ ਤਰਜੀਹੀ ਨਿਵੇਸ਼ ਸਥਾਨ ਵਜੋਂ ਪੇਸ਼ ਕਰਦਾ ਹੈ।
ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ਸੂਬੇ ਦੇ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦਿੰਦੇ ਹੋਏ ਪੰਜਾਬ ਸਰਕਾਰ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਮੋਹਰੀ ਉਦਯੋਗਾਂ ਨੂੰ ਲਿਆਂਦਾ ਹੈ। ਇਹ ਬਹੁਤ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2026 ਦੇ ਪਹਿਲੇ ਦਿਨ ਹੀ ਪੰਜਾਬ ਨੇ 10,000 ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਪ੍ਰਾਪਤ ਕੀਤੇ ਹਨ। ਐਚ.ਐਮ.ਈ.ਐਲ., ਟਾਟਾ ਸਟੀਲ, ਜੇ.ਐਸ.ਡਬਲਿਊ, ਟ੍ਰਾਈਡੈਂਟ ਗਰੁੱਪ, ਹੀਰੋ ਇੰਡਸਟਰੀਜ਼ ਅਤੇ ਉਦਯੋਗ ਜਗਤ ਦੇ ਕਈ ਹੋਰ ਸਨਅਤਕਾਰਾਂ ਨੇ ਸੂਬੇ ਵਿੱਚ ਪਹਿਲਾਂ ਹੀ ਚੱਲ ਰਹੇ ਕਾਰੋਬਾਰ ਦਾ ਵਿਸਥਾਰ ਕਰਨ ਅਤੇ ਨਵੇਂ ਪ੍ਰਾਜੈਕਟ ਲਾਉਣ ਦੀਆਂ ਯੋਜਨਾਵਾਂ ਦਾ ਐਲਾਨ ਕੀਤਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਸਾਲ 2022 ਤੋਂ ਜਦੋਂ ਸਾਡੀ ਸਰਕਾਰ ਨੇ ਸੱਤਾ ਸੰਭਾਲੀ ਹੈ, ਪੰਜਾਬ ਨੇ ਬਿਜਲੀ, ਸਿਹਤ, ਰੀਅਲ ਅਸਟੇਟ, ਬੁਨਿਆਦੀ ਢਾਂਚਾ ਅਤੇ ਸਿੱਖਿਆ ਵਰਗੇ ਖੇਤਰਾਂ ਵਿੱਚ ਸ਼ਾਨਦਾਰ ਤਰੱਕੀ ਦੇਖੀ ਹੈ। ਮੈਂ ਉਦਯੋਗਾਂ ਨੂੰ ਪੰਜਾਬ ਵਿੱਚ ਆਉਣ, ਨਿਵੇਸ਼ ਕਰਨ ਅਤੇ ਕੰਮ ਕਰਨ ਦਾ ਸੱਦਾ ਦਿੰਦਾ ਹਾਂ ਤਾਂ ਜੋ ਅਸੀਂ ਇਕਜੁਟ ਹੋ ਕੇ ਪ੍ਰਗਤੀਸ਼ੀਲ ਅਤੇ ਖੁਸ਼ਹਾਲ ਸੂਬਾ ਬਣਾ ਸਕੀਏ। ਪੰਜਾਬ ਦੇ ਸਥਾਨਕ ਉਦਯੋਗ ਦੀਆਂ ਸਫਲ ਕਹਾਣੀਆਂ ਦੀਆਂ ਮਿਸਾਲਾਂ ਦਿੰਦੇ ਹੋਏ, ਉਨ੍ਹਾਂ ਕਿਹਾ ਕਿ ਪੰਜਾਬ ਅਧਾਰਿਤ ਉੱਦਮ ਜਿਵੇਂ ਕਿ ਸੋਨਾਲੀਕਾ, ਪ੍ਰੀਤ ਟਰੈਕਟਰ, ਡਿਊਕ, ਮੌਂਟੀ ਕਾਰਲੋ ਅਤੇ ਹੋਰ ਬਹੁਤ ਸਾਰੇ ਸਥਾਨਕ ਉੱਦਮੀ ਦੀਆਂ ਪ੍ਰੇਰਨਾਦਾਇਕ ਉਦਾਹਰਣਾਂ ਹਨ। ਪੰਜਾਬ ਦੇ ਦਰਵਾਜ਼ੇ ਸਾਰੇ ਨਿਵੇਸ਼ਕਾਂ ਲਈ ਖੁੱਲ੍ਹੇ ਹਨ ਅਤੇ ਅਸੀਂ ਅੱਖਾਂ ਵਿਛਾ ਕੇ ਉਨ੍ਹਾਂ ਦਾ ਸਵਾਗਤ ਕਰਦੇ ਹਾਂ। ਸਾਡੀਆਂ ਨੀਤੀਆਂ ਲਚਕਦਾਰ ਹਨ ਅਤੇ ਉਦਯੋਗ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਤਿਆਰ ਕੀਤੀਆਂ ਗਈਆਂ ਹਨ। ਮੈਂ ਤੁਹਾਨੂੰ ਸਾਰਿਆਂ ਨੂੰ ਇੱਥੇ ਨਿਵੇਸ਼ ਕਰਨ, ਪੰਜਾਬੀਆਂ ਲਈ ਨੌਕਰੀਆਂ ਪੈਦਾ ਕਰਨ ਅਤੇ ਪੰਜਾਬ ਨੂੰ ਸਫਲਤਾ ਦੀ ਨਵੀਂ ਕਹਾਣੀ ਲਿਖਣ ਵਿੱਚ ਮਦਦ ਕਰਨ ਦੀ ਅਪੀਲ ਕਰਦਾ ਹਾਂ। ਪੰਜਾਬ ਸਰਕਾਰ ਹੁਨਰ ਸਿੱਖਿਆ ਅਤੇ ਸਿਖਲਾਈ ਨੂੰ ਉਦਯੋਗ ਦੀਆਂ ਜ਼ਰੂਰਤਾਂ ਨਾਲ ਜੋੜ ਰਹੀ ਹੈ ਤਾਂ ਜੋ ਪੰਜਾਬ ਵਿੱਚ ਹੁਨਰਮੰਦ ਮਨੁੱਖੀ ਸ਼ਕਤੀ ਦਾ ਮਜ਼ਬੂਤ ਪੂਲ ਬਣਾਇਆ ਜਾ ਸਕੇ। ਉਦਯੋਗ ਨੂੰ ਜੋ ਵੀ ਮਨੁੱਖੀ ਸ਼ਖਤੀ ਚਾਹੀਦੀ ਹੈ, ਸਰਕਾਰ ਇਹ ਯਕੀਨੀ ਬਣਾਏਗੀ ਕਿ ਨੌਜਵਾਨਾਂ ਨੂੰ ਲੋੜੀਂਦੀ ਸਿਖਲਾਈ ਮਿਲੇ। ਇਸ ਨਾਲ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ ਅਤੇ ਸੂਬੇ ਵਿੱਚ ਆਰਥਿਕ ਵਿਕਾਸ ਤੇਜ਼ ਹੋਵੇਗਾ।
ਦੇਸ਼-ਵਿਦੇਸ਼ ਤੋਂ ਪਹੁੰਚੇ ਕਾਰੋਬਾਰੀਆਂ ਦਾ ਸਵਾਗਤ ਕਰਦੇ ਹੋਏ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡਾ ਦ੍ਰਿਸ਼ਟੀਕੋਣ ਪੰਜਾਬ ਨੂੰ ਮੋਹਰੀ ਉਦਯੋਗਿਕ ਹੱਬ ਬਣਾਉਣ ਲਈ ਸਰਕਾਰ ਅਤੇ ਉਦਯੋਗ ਵਿਚਕਾਰ ਮਜ਼ਬੂਤ ਭਾਈਵਾਲੀ ਬਣਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿਹਾ ਉੱਦਮੀ ਹਰ ਕਿਸੇ ਲਈ ਪ੍ਰੇਰਨਾ ਦਾ ਸਰੋਤ ਹਨ ਅਤੇ ਉਨ੍ਹਾਂ ਮੌਕਿਆਂ ਦੀ ਨੁਮਾਇੰਦਗੀ ਕਰਦੇ ਹਨ ਜੋ ਪੰਜਾਬ ਅਤੇ ਭਾਰਤ ਦੇ ਨੌਜਵਾਨ ਪ੍ਰਾਪਤ ਕਰਨ ਦੀ ਇੱਛਾ ਰੱਖਦੇ ਹਨ। ਭਾਵੇਂ ਅਸੀਂ ਜਨਤਕ, ਨਿੱਜੀ ਜਾਂ ਗੈਰ-ਮੁਨਾਫ਼ਾ ਖੇਤਰਾਂ ਵਿੱਚ ਕੰਮ ਕਰਦੇ ਹਾਂ, ਸਾਡੇ ਵਿੱਚੋਂ ਹਰੇਕ ਦੀ ਜ਼ਿੰਮੇਵਾਰੀ ਹੈ ਕਿ ਅਸੀਂ ਆਪਣੇ ਦੇਸ਼, ਸਮਾਜ ਅਤੇ ਪਰਿਵਾਰਾਂ ਲਈ ਆਪਣੀਆਂ ਉਮੀਦਾਂ ਅਤੇ ਇੱਛਾਵਾਂ ਨੂੰ ਪੂਰਾ ਕਰਨਾ ਹੈ। ਇਹ ਸੰਮੇਲਨ ਸਿਰਫ਼ ਸਮਝੌਤਿਆਂ 'ਤੇ ਦਸਤਖਤ ਕਰਨ ਬਾਰੇ ਨਹੀਂ ਹੈ, ਸਗੋਂ ਗਿਆਨ ਸਾਂਝਾ ਕਰਨ, ਵਿਚਾਰ-ਵਟਾਂਦਰਾ ਕਰਨ ਅਤੇ ਇੱਕ ਦੂਜੇ ਤੋਂ ਸਿੱਖਣ ਬਾਰੇ ਹੈ।
ਮਾਨ ਨੇ ਕਿਹਾ ਕਿ ਮੈਂ ਪੰਜਾਬ ਦੀ ਵਿਕਾਸ ਕਹਾਣੀ ਦਾ ਹਿੱਸਾ ਬਣਨ ਲਈ ਸਾਰੇ ਕਾਰੋਬਾਰੀ ਆਗੂਆਂ ਦਾ ਧੰਨਵਾਦ ਕਰਦਾ ਹਾਂ। ਸਾਡੀ ਸਰਕਾਰ ਪੰਜਾਬ ਨੂੰ ਦੁਨੀਆ ਦੇ ਪ੍ਰਮੁੱਖ ਉਦਯੋਗਿਕ ਅਤੇ ਨਿਰਯਾਤ ਕੇਂਦਰ ਵਿੱਚ ਬਦਲਣ ਲਈ ਵਚਨਬੱਧ ਹੈ। ਭਾਰਤ ਸਰਕਾਰ ਦੁਆਰਾ ਕਰਵਾਈ ਗਈ ‘ਈਜ਼ ਆਫ ਡੂਇੰਗ ਬਿਜ਼ਨਸ’ (ਕਾਰੋਬਾਰ ਨੂੰ ਸੁਖਾਲਾ ਬਣਾਉਣਾ) ਦੀ ਰੈਂਕਿੰਗ ਵਿੱਚ ਪੰਜਾਬ ਚੋਟੀ ਦੇ ਪ੍ਰਦਰਸ਼ਨ ਕਰਨ ਵਾਲੇ ਸੂਬਿਆਂ ਵਿੱਚੋਂ ਇੱਕ ਹੈ। ਪੰਜਾਬ ਸਰਕਾਰ ਦੇ ਏਕੀਕ੍ਰਿਤ ਰੈਗੂਲੇਟਰ, ਇਨਵੈਸਟ ਪੰਜਾਬ, ਨੂੰ ਭਾਰਤ ਸਰਕਾਰ ਦੁਆਰਾ ਚੋਟੀ ਦੇ ਪ੍ਰਦਰਸ਼ਨ ਕਰਨ ਵਾਲੀਆਂ ਨਿਵੇਸ਼ ਪ੍ਰਮੋਸ਼ਨ ਏਜੰਸੀਆਂ ਵਿੱਚੋਂ ਇੱਕ ਵਜੋਂ ਮਾਨਤਾ ਦਿੱਤੀ ਗਈ ਹੈ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ