
ਚੰਡੀਗੜ੍ਹ, 16 ਮਾਰਚ (ਹਿੰ.ਸ.)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧਾਰਮਿਕ ਸੈਰ-ਸਪਾਟੇ ਬਾਰੇ ਗੱਲ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 9,300 ਤੋਂ ਵੱਧ ਬਜ਼ੁਰਗ ਹਰ ਹਫ਼ਤੇ ਪਵਿੱਤਰ ਨਗਰੀ ਅੰਮ੍ਰਿਤਸਰ ਜਾਂ ਅਨੰਦਪੁਰ ਸਾਹਿਬ ਦੇ ਦਰਸ਼ਨਾਂ ਲਈ ਮੁਫ਼ਤ ਯਾਤਰਾ ਕਰਦੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਤੀਰਥ ਯਾਤਰਾ ਦੌਰਾਨ ਸੰਗਤ ਨੂੰ ਮੁਫ਼ਤ ਏਸੀ ਬੱਸਾਂ, ਏਅਰ ਕੰਡੀਸ਼ਨਡ ਰਿਹਾਇਸ਼ ਅਤੇ ਮੁਫ਼ਤ ਭੋਜਨ ਪ੍ਰਦਾਨ ਕੀਤਾ ਜਾਂਦਾ ਹੈ। ਪਟਿਆਲਾ ਦੇ ਇਤਿਹਾਸਕ ਸ੍ਰੀ ਕਾਲੀ ਮਾਤਾ ਮੰਦਿਰ ਲਈ ਵਿਸ਼ੇਸ਼ ਵਿਕਾਸ ਯੋਜਨਾ ਸ਼ੁਰੂ ਕੀਤੀ ਗਈ ਹੈ। ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੂਬੇ ਭਰ ਵਿੱਚ ਵਿਸ਼ਾਲ ਸਮਾਗਮ ਕਰਵਾਏ ਗਏ ਹਨ ਜਦੋਂ ਕਿ ਖੁਰਾਲਗੜ੍ਹ ਅਤੇ ਹੋਰ ਇਤਿਹਾਸਕ ਸਥਾਨਾਂ 'ਤੇ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਜਸ਼ਨ ਮਨਾਏ ਜਾ ਰਹੇ ਹਨ।
ਸੜਕ ਸੁਰਖਿਆ ਫੋਰਸ ਅਤੇ ਲੋਕ ਭਲਾਈ ਪਹਿਲਕਦਮੀਆਂ : ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਭਾਰਤ ਦੀ ਪਹਿਲੀ ਸੜਕ ਸੁਰਖਿਆ ਫੋਰਸ ਸਥਾਪਿਤ ਕੀਤੀ ਗਈ ਹੈ ਜਿਸ ਕਾਰਨ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਵਿੱਚ 50.12 ਫੀਸਦ ਦੀ ਕਮੀ ਆਈ ਹੈ। ਸੜਕ ਹਾਦਸਿਆਂ ਦੌਰਾਨ ਜਖ਼ਮੀ ਹੋਣ ਵਾਲੇ 47,000 ਤੋਂ ਵੱਧ ਲੋਕਾਂ ਨੂੰ ਸਮੇਂ ਸਿਰ ਸਹਾਇਤਾ ਦਿੱਤੀ ਗਈ ਹੈ। ਪੰਜਾਬ ਭਰ ਵਿੱਚ ਕਈ ਟੋਲ ਪਲਾਜ਼ੇ ਬੰਦ ਕਰ ਦਿੱਤੇ ਗਏ ਹਨ ਜਿਸ ਨਾਲ ਪੰਜਾਬੀਆਂ ਨੂੰ ਰੋਜ਼ਾਨਾ ਲਗਭਗ 64 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ।
ਸ਼ਹੀਦਾਂ ਦਾ ਸਨਮਾਨ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ 50 ਲੱਖ ਰੁਪਏ ਤੋਂ ਵਧਾ ਕੇ ਇਕ ਕਰੋੜ ਰੁਪਏ ਕਰ ਦਿੱਤੀ ਗਈ ਹੈ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ