
ਫਾਜ਼ਿਲਕਾ, 17 ਮਾਰਚ (ਹਿੰ.ਸ.)। ਸੀਨੀਅਰ ਪੁਲਿਸ ਕਪਤਾਨ ਫਾਜ਼ਿਲਕਾ ਗੁਰਮੀਤ ਸਿੰਘ ਦੇ ਨਿਰਦੇਸ਼ਾਂ ਅਤੇ ਡੀਐਸਪੀ ਗੁਰਸੇਵਕ ਸਿੰਘ ਦੀ ਅਗਵਾਈ ਹੇਠ ਜਲਾਲਾਬਾਦ ਪੁਲਿਸ ਵੱਲੋਂ ਇਲਾਕੇ ਵਿੱਚ ਸੁਰੱਖਿਆ ਦੇ ਮੱਦੇਨਜ਼ਰ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਤਹਿਤ ਪੁਲਿਸ ਦੀਆਂ ਵੱਖ-ਵੱਖ ਟੀਮਾਂ ਨੇ ਸਾਂਝੇ ਤੌਰ ਤੇ ਜਲਾਲਾਬਾਦ ਦੇ ਰੇਲਵੇ ਸਟੇਸ਼ਨ ਅਤੇ ਉੱਥੋਂ ਲੰਘਣ ਵਾਲੀਆਂ ਟ੍ਰੇਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ। ਇਸ ਦੌਰਾਨ ਪੁਲਿਸ ਅਧਿਕਾਰੀਆਂ ਨੇ ਖੁਦ ਮੌਕੇ ਤੇ ਮੌਜੂਦ ਰਹਿ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਹਰ ਆਉਣ-ਜਾਣ ਵਾਲੇ ਵਿਅਕਤੀ ਤੇ ਨਜ਼ਰ ਰੱਖੀ ਗਈ।
ਪੁਲਿਸ ਨੇ ਰੇਲਵੇ ਸਟੇਸ਼ਨ ਤੇ ਮੌਜੂਦ ਯਾਤਰੀਆਂ ਦੇ ਸਾਮਾਨ ਦੀ ਤਲਾਸ਼ੀ ਲਈ ਗਈ ਅਤੇ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਗਈ। ਪੁਲਿਸ ਮੁਲਾਜ਼ਮਾਂ ਨੇ ਟ੍ਰੇਨਾਂ ਦੇ ਅੰਦਰ ਜਾ ਕੇ ਵੀ ਮੁਸਾਫਰਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਸੁਰੱਖਿਆ ਸਬੰਧੀ ਜਾਗਰੂਕ ਕੀਤਾ। ਪੁਲਿਸ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਅਜਿਹੀ ਜਾਂਚ ਦਾ ਮਕਸਦ ਲੋਕਾਂ ਨੂੰ ਡਰਾਉਣਾ ਨਹੀਂ ਬਲਕਿ ਉਨ੍ਹਾਂ ਦੇ ਮਨ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਹੈ।
ਡੀਐਸਪੀ ਗੁਰਸੇਵਕ ਸਿੰਘ ਨੇ ਦੱਸਿਆ ਕਿ ਇਸ ਕਾਰਵਾਈ ਦਾ ਮੁੱਖ ਮਕਸਦ ਸ਼ਹਿਰ ਵਿੱਚ ਅਮਨ ਸ਼ਾਂਤੀ ਨੂੰ ਬਰਕਰਾਰ ਰੱਖਣਾ ਅਤੇ ਮਾੜੇ ਅਨਸਰਾਂ ਦੀਆਂ ਗਤੀਵਿਧੀਆਂ ਨੂੰ ਨੱਥ ਪਾਉਣਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਕਾਨੂੰਨ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਜੋ ਵੀ ਵਿਅਕਤੀ ਸਮਾਜ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰੇਗਾ ਉਸ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਵਿਸ਼ੇਸ਼ ਮੁਹਿੰਮ ਰਾਹੀਂ ਪੁਲਿਸ ਨੇ ਇਹ ਸੰਦੇਸ਼ ਦਿੱਤਾ ਹੈ ਕਿ ਉਹ ਹਰ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਆਉਣ ਵਾਲੇ ਦਿਨਾਂ ਵਿੱਚ ਵੀ ਅਜਿਹੀਆਂ ਅਚਨਚੇਤ ਚੈਕਿੰਗਾਂ ਜਾਰੀ ਰਹਿਣਗੀਆਂ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ