
ਚੰਡੀਗੜ੍ਹ, 18 ਮਾਰਚ (ਹਿੰ.ਸ.)। ਅੰਮ੍ਰਿਤਸਰ ਦੇ ਛੇਹਰਟਾ ਇਲਾਕੇ ਵਿੱਚ ਬੀਤੀ ਰਾਤ ਅਣਪਛਾਤੇ ਹਮਲਾਵਰ ਵਲੋਂ ਕੀਤੀ ਗਈ ਫਾਇਰਿੰਗ ਨੇ ਪੂਰੇ ਇਲਾਕੇ ਵਿੱਚ ਹੜਕੰਪ ਮਚਾ ਦਿੱਤਾ। ਇਸ ਗੋਲੀਬਾਰੀ ਵਿੱਚ ਇੱਕ ਸਾਬਕਾ ਕਾਂਗਰਸੀ ਕੌਂਸਲਰ ਲਖਨਪਾਲ ਦੇ ਭਤੀਜੇ ਨੂੰ ਗੋਲੀ ਲੱਗ ਗਈ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਜ਼ਖਮੀ ਨੌਜਵਾਨ, ਜਿਸਦੀ ਪਛਾਣ ਸਾਗਰ ਵਜੋਂ ਹੋਈ ਹੈ, ਨੂੰ ਤੁਰੰਤ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ। ਪੁਲਿਸ ਨੇ ਇਸਨੂੰ ਗੈਂਗਸਟਰ ਨਾਲ ਸਬੰਧਿਤ ਘਟਨਾ ਦੱਸਣ ਤੋਂ ਇਨਕਾਰ ਕੀਤਾ। ਪੁਲਿਸ ਵੱਲੋਂ ਇਸ ਘਟਨਾ ਦੀ ਪੁਰਾਣੀ ਰੰਜਿਸ਼ ਦੇ ਅਧਾਰ ’ਤੇ ਜਾਂਚ ਕੀਤੀ ਜਾ ਰਹੀ ਹੈ।
ਪ੍ਰਾਪਤ ਜਾਣਕਾਰੀ ਦੇ ਅਨੁਸਾਰ, ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਸਾਗਰ ਆਪਣੇ ਘਰ ਦੇ ਬਾਹਰ ਆਪਣੀ ਭੈਣ ਕੋਲ ਖੜ੍ਹਾ ਸੀ। ਉਸੇ ਸਮੇਂ, ਮੂੰਹ ਲੁਕੋ ਕੇ ਐਕਟਿਵਾ ਸਕੂਟਰ ‘ਤੇ ਸਵਾਰ ਇੱਕ ਅਣਪਛਾਤਾ ਹਮਲਾਵਰ ਮੌਕੇ ‘ਤੇ ਪਹੁੰਚਿਆ ਅਤੇ ਅਚਾਨਕ ਗੋਲੀਆਂ ਚਲਾ ਦਿੱਤੀਆਂ। ਗੋਲੀ ਸਾਗਰ ਦੇ ਢਿੱਡ ਵਿੱਚ ਲੱਗੀ, ਜਿਸ ਤੋਂ ਬਾਅਦ ਹਮਲਾਵਰ ਮੌਕੇ ਤੋਂ ਭੱਜ ਗਿਆ। ਆਸ-ਪਾਸ ਇਕੱਠੇ ਹੋਏ ਲੋਕਾਂ ਨੇ ਤੁਰੰਤ ਸਾਗਰ ਨੂੰ ਹਸਪਤਾਲ ਪਹੁੰਚਾਇਆ। ਇਹ ਘਟਨਾ ਰਾਤ 11:30 ਵਜੇ ਦੇ ਕਰੀਬ ਵਾਪਰੀ ਦੱਸੀ ਜਾ ਰਹੀ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਏਸੀਪੀ ਸ਼ਿਵ ਦਰਸ਼ਨ ਮੌਕੇ ‘ਤੇ ਪਹੁੰਚੇ ਅਤੇ ਮੁਆਇਨਾ ਕੀਤਾ। ਉਨ੍ਹਾਂ ਦੱਸਿਆ ਕਿ ਪੁਲਿਸ ਹਰ ਐਂਗਲ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ। ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ, ਕਿਸੇ ਪੁਰਾਣੀ ਦੁਸ਼ਮਣੀ ਜਾਂ ਗੈਂਗਸਟਰ ਕਨੈਕਸ਼ਨ ਦੀ ਪੁਸ਼ਟੀ ਨਹੀਂ ਹੋਈ ਹੈ, ਪਰ ਪੁਲਿਸ ਇਸ ਪਹਿਲੂ ਨੂੰ ਨਜ਼ਰਅੰਦਾਜ਼ ਨਹੀਂ ਕਰ ਰਹੀ ਹੈ।
ਇਸ ਦੌਰਾਨ ਘਟਨਾ ਨੂੰ ਲੈ ਕੇ ਸਾਬਕਾ ਕਾਂਗਰਸੀ ਵਿਧਾਇਕ ਡਾ. ਰਾਜਕੁਮਾਰ ਵੱਲੋਂ ਕਾਨੂੰਨ ਵਿਵਸਥਾ ’ਤੇ ਸਵਾਲ ਕਰਦੇ ਹੋਏ ਵਿਰੋਧ ਪ੍ਰਦਰਸ਼ਨ ਦੀ ਚੇਤਾਵਨੀ ਦਿੱਤੀ ਗਈ ਹੈ। ਸੂਤਰਾਂ ਅਨੁਸਾਰ ਵੱਲੋਂ ਇਸ ਮਾਮਲੇ ’ਚ ਕੁੱਝ ਲੋਕਾਂ ਨੂੰ ਰਾਉਂਡਅੱਪ ਕੀਤਾ ਗਿਆ ਹੈ। ਪੁਲਿਸ ਵੱਲੋਂ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕੀਤੇ ਜਾਣ ਦਾ ਭਰੋਸਾ ਦਿੱਤਾ ਗਿਆ ਹੈ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ