
ਲੁਧਿਆਣਾ, 18 ਮਾਰਚ (ਹਿੰ.ਸ.)। ਲੁਧਿਆਣਾ ਸੈਂਟਰਲ ਦੇ ਚੌੜਾ ਬਾਜ਼ਾਰ 'ਚ ਪਿੰਕ ਪਲਾਜ਼ਾ ਵਿਖੇ ਆਮ ਆਦਮੀ ਪਾਰਟੀ ਦੇ ਵਪਾਰ ਵਿੰਗ ਦੀ ਅਹਿਮ ਬੈਠਕ ਹਲਕਾ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਦੀ ਅਗਵਾਈ ਹੇਠ ਕੀਤੀ ਗਈ। ਇਸ ਮੀਟਿੰਗ ਦਾ ਮੁੱਖ ਉਦੇਸ਼ ਇਲਾਕੇ ਦੇ ਵਪਾਰੀਆਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਲਾਂ ਨੂੰ ਸੁਣਨਾ ਅਤੇ ਉਨ੍ਹਾਂ ਦੇ ਤੁਰੰਤ ਹੱਲ ਲਈ ਢੁਕਵੇਂ ਕਦਮ ਚੁੱਕਣ ਸਬੰਧੀ ਯੋਜਨਾ ਤਿਆਰ ਕਰਨਾ ਸੀ।
ਮੀਟਿੰਗ ਦੌਰਾਨ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵੱਲੋਂ ਲੁਧਿਆਣਾ ਸੈਂਟਰਲ ਦੀਆਂ ਵੱਖ-ਵੱਖ ਮਾਰਕੀਟ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਵਪਾਰੀਆਂ ਨੇ ਆਪਣੇ ਇਲਾਕਿਆਂ ਵਿੱਚ ਆ ਰਹੀਆਂ ਰੋਜ਼ਾਨਾ ਸਮੱਸਿਆਵਾਂ ਨੂੰ ਖੁੱਲ੍ਹ ਕੇ ਰੱਖਿਆ, ਜਿਨ੍ਹਾਂ ਵਿੱਚ ਖਾਸ ਤੌਰ ‘ਤੇ ਬਿਜਲੀ ਦੀਆਂ ਢਿੱਲੀਆਂ ਤਾਰਾਂ, ਟਰਾਂਸਫਾਰਮਰ, ਤਹਿਬਜ਼ਾਰੀ ਨਾਲ ਸੰਬੰਧਿਤ ਮਸਲੇ, ਟ੍ਰੈਫਿਕ ਅਤੇ ਬਾਜ਼ਾਰਾਂ ਵਿੱਚ ਸੁਰੱਖਿਆ ਦੀ ਘਾਟ ਵਰਗੇ ਮੁੱਦੇ ਸ਼ਾਮਲ ਸਨ।
ਇਸ ਮੌਕੇ ਵਿਧਾਇਕ ਪੱਪੀ ਨੇ ਸਾਰੇ ਮੁੱਦਿਆਂ ਨੂੰ ਗੰਭੀਰਤਾ ਨਾਲ ਸੁਣਦਿਆਂ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਵਪਾਰੀ ਵਰਗ ਸ਼ਹਿਰ ਦੀ ਆਰਥਿਕ ਰੀੜ੍ਹ ਦੀ ਹੱਡੀ ਹੈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਸਰਕਾਰ ਦੀ ਪਹਿਲੀ ਤਰਜੀਹ ਹੈ।
ਮੀਟਿੰਗ ਦੌਰਾਨ ਤਹਿਬਜ਼ਾਰੀ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕਰਨ ‘ਤੇ ਜ਼ੋਰ ਦਿੱਤਾ ਗਿਆ। ਇਸਦੇ ਨਾਲ ਹੀ ਬਾਜ਼ਾਰਾਂ ਵਿੱਚ ਵਧ ਰਹੀਆਂ ਜੇਬਕਤਰੀਆਂ ਦੀਆਂ ਘਟਨਾਵਾਂ ‘ਤੇ ਚਿੰਤਾ ਜਤਾਈ ਗਈ ਅਤੇ ਪੁਲਿਸ ਪ੍ਰਸ਼ਾਸਨ ਨੂੰ ਇਸ ‘ਤੇ ਨਕੇਲ ਕਸਣ ਲਈ ਕਿਹਾ ਗਿਆ। ਨਗਰ ਨਿਗਮ ਵੱਲੋਂ ਨਾਜਾਇਜ਼ ਕਬਜ਼ਿਆਂ ਖਿਲਾਫ ਕੀਤੀ ਜਾਣ ਵਾਲੀ ਕਾਰਵਾਈ ਦੌਰਾਨ ਕਾਨੂੰਨਪਾਲਕ ਵਪਾਰੀਆਂ ਨੂੰ ਪੂਰਾ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ ਗਈ, ਤਾਂ ਜੋ ਬਾਜ਼ਾਰਾਂ ਵਿੱਚ ਸਫ਼ਾਈ ਅਤੇ ਵਿਵਸਥਾ ਬਣੀ ਰਹੇ।
ਮੀਟਿੰਗ ਦੌਰਾਨ ਪ੍ਰਤਾਪ ਬਾਜ਼ਾਰ, ਮੀਨਾ ਬਾਜ਼ਾਰ, ਚੌੜਾ ਬਾਜ਼ਾਰ, ਦਾਲ ਬਾਜ਼ਾਰ, ਸਰਾਫਾ ਬਾਜ਼ਾਰ ਅਤੇ ਦਰੇਸੀ ਬਾਜ਼ਾਰ ਦੀਆਂ ਐਸੋਸੀਏਸ਼ਨਾਂ ਦੇ ਪ੍ਰਤੀਨਿਧੀਆਂ ਨੇ ਹਿੱਸਾ ਲਿਆ। ਇਸਦੇ ਨਾਲ ਹੀ ਵੱਖ-ਵੱਖ ਪ੍ਰਸ਼ਾਸਨਿਕ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਰਹੇ। ਵਿਸ਼ੇਸ਼ ਤੌਰ ‘ਤੇ ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਚੇਅਰਮੈਨ ਗੁਰਮੁਖ ਸਿੰਘ ਮਿੱਠੂ ਬਾਂਸਲ ਦੀ ਹਾਜ਼ਰੀ ਨੇ ਮੀਟਿੰਗ ਨੂੰ ਹੋਰ ਮਜ਼ਬੂਤੀ ਦਿੱਤੀ।
ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਅਖੀਰ ਵਿੱਚ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਤਰਜੀਹ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ ਅਤੇ ਜਿੱਥੇ ਵੀ ਲੋੜ ਪਈ, ਉੱਚ ਪੱਧਰ ‘ਤੇ ਵੀ ਮਾਮਲੇ ਉਠਾਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਮੀਟਿੰਗਾਂ ਭਵਿੱਖ ਵਿੱਚ ਵੀ ਲਗਾਤਾਰ ਕੀਤੀਆਂ ਜਾਣਗੀਆਂ, ਤਾਂ ਜੋ ਪ੍ਰਸ਼ਾਸਨ ਅਤੇ ਵਪਾਰੀਆਂ ਵਿਚਕਾਰ ਸਿੱਧਾ ਸੰਪਰਕ ਬਣਿਆ ਰਹੇ ਅਤੇ ਮਸਲਿਆਂ ਦਾ ਸਮੇਂ-ਸਿਰ ਨਿਪਟਾਰਾ ਹੋ ਸਕੇ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ