

ਧਰਮਕੋਟ, 21 ਮਾਰਚ (ਹਿੰ.ਸ.)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧਰਮਕੋਟ ਦੀ ਦਾਣਾ ਮੰਡੀ ਵਿਖੇ ਇੱਕ ਵਿਸ਼ਾਲ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਇੱਕ ਸਿੱਧਾ ਰਾਜਨੀਤਿਕ ਸੰਦੇਸ਼ ਦਿੱਤਾ ਕਿ ਪੰਜਾਬ ਵਿੱਚ ਕੁਝ ਰਸੂਖ਼ਦਾਰਾ ਘਰਾਣਿਆਂ ਵੱਲੋਂ ਵਾਰੋ-ਵਾਰੀ ਸੱਤਾ ਤੇ ਕਾਬਿਜ਼ ਹੋਣ ਦਾ ਯੁੱਗ ਹੁਣ ਖਤਮ ਹੋ ਗਿਆ ਹੈ ਅਤੇ ਸੂਬਾ ਇਸ ਤੋਂ ਅੱਗੇ ਵਧ ਗਿਆ ਹੈ। ਹੁਣ ਸੂਬੇ ਦਾ ਭਵਿੱਖ ਪੂਰੀ ਤਰ੍ਹਾਂ ਲੋਕਾਂ ਦੇ ਹੱਥ ਵਿੱਚ ਹੈ। ਦਹਾਕਿਆਂ ਦੇ ਕੁਸ਼ਾਸਨ ’ਤੇ ਰਵਾਇਤੀ ਪਾਰਟੀਆਂ ਨੂੰ ਘੇਰਦਿਆਂ, ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਕਦੇ ਪੰਜਾਬ ਦੀ ਜਵਾਨੀ ਅਤੇ ਕਾਨੂੰਨ ਵਿਵਸਥਾ ਨੂੰ ਢਾਹ ਲਾਈ ਸੀ, ਉਹ ਹੀ ਹੁਣ ਝੂਠੇ ਬਿਆਨਾਂ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਜੱਗ ਜ਼ਾਹਰ ਹੈ ਕਿ ਉਨ੍ਹਾਂ ਦੀ ਭਰੋਸੇਯੋਗਤਾ ਲਗਾਤਾਰ ਘਟਦੀ ਜਾ ਰਹੀ ਹੈ ਅਤੇ 2027 ਵਿੱਚ ਉਨ੍ਹਾਂ ਦੀ ਹਾਰ ਸਪੱਸ਼ਟ ਦਿਖ ਰਹੀ ਹੈ।
ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਆਪਣੇ ਵਾਅਦਿਆਂ ਨੂੰ ਪੂਰਾ ਕਰਨ ਵਾਲੀ ਸਰਕਾਰ ਵਜੋਂ ਪੇਸ਼ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਲੋਕਾਂ ਨੂੰ ਦਿੱਤੀਆਂ ਗਈਆਂ ਸਾਰੀਆਂ ਗਰੰਟੀਆਂ ਚਾਰ ਸਾਲਾਂ ਦੇ ਅੰਦਰ ਪੂਰੀਆਂ ਕੀਤੀਆਂ ਹਨ ਅਤੇ ਬਾਕੀ ਰਹਿੰਦੇ ਸਾਸ਼ਨ ਕਾਲ ਦੌਰਾਨ ਦਹਾਕਿਆਂ ਤੋਂ ਅਣਗੌਲੇ ਪੰਜਾਬ ਦੀ ਰਿਕਵਰੀ ਵਿੱਚ ਤੇਜ਼ੀ ਲਿਆਂਦੀ ਜਾਵੇਗੀ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿੰਡ ਬਾਜੇਕੇ ਵਿੱਚ ਇੱਕ ਸਕੂਲ ਆਫ਼ ਐਮੀਨੈਂਸ ਦਾ ਨੀਂਹ ਪੱਥਰ ਰੱਖਿਆ, ਜਿੱਥੇ ਸਥਾਨਕ ਲੋਕਾਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ, ਜਿਨ੍ਹਾਂ ਨੇ ਉਨ੍ਹਾਂ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀਆਂ ਤਸਵੀਰਾਂ ਭੇਟ ਕੀਤੀਆਂ ਅਤੇ ਵਿਦਿਆਰਥੀਆਂ ਨੇ ਉਨ੍ਹਾਂ ਦਾ ਗੁਲਾਬ ਦੇ ਫੁੱਲਾਂ ਨਾਲ ਸਵਾਗਤ ਕੀਤਾ। 19.76 ਕਰੋੜ ਰੁਪਏ ਦੇ ਇਸ ਪ੍ਰਾਜੈਕਟ ਦਾ ਉਦੇਸ਼ ਪੇਂਡੂ ਸਿੱਖਿਆ ਨੂੰ ਆਧੁਨਿਕ ਬੁਨਿਆਦੀ ਢਾਂਚੇ, ਉੱਨਤ ਸਿਖਲਾਈ ਸਹੂਲਤਾਂ ਅਤੇ ਮੁਫ਼ਤ ਜੇਈਈ-ਨੀਟ ਕੋਚਿੰਗ ਨਾਲ ਲੈਸ ਕਰਨਾ ਹੈ, ਜੋ ਬਰਾਬਰ ਮੌਕੇ ਯਕੀਨੀ ਬਣਾਉਣ ਅਤੇ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਦਾ ਠੋਸ ਯਤਨ ਹੈ।
ਇਸ ਤੋਂ ਬਾਅਦ, ਮੁੱਖ ਮੰਤਰੀ ਨੇ ਧਰਮਕੋਟ ਵਿੱਚ 18 ਕਰੋੜ ਰੁਪਏ ਦੀ ਲਾਗਤ ਵਾਲੇ ਸਬ-ਡਿਵੀਜ਼ਨਲ ਹਸਪਤਾਲ ਦਾ ਨੀਂਹ ਪੱਥਰ ਰੱਖਿਆ, ਇਸਨੂੰ ਛੋਟੇ ਕਸਬਿਆਂ ਅਤੇ ਪੇਂਡੂ ਖੇਤਰਾਂ ਵਿੱਚ ਸਿਹਤ ਸੰਭਾਲ ਪਹੁੰਚ ਨੂੰ ਮਜ਼ਬੂਤ ਕਰਨ ਵੱਲ ਇੱਕ ਵੱਡਾ ਕਦਮ ਦੱਸਿਆ ਅਤੇ ਹਰ ਘਰ ਤੱਕ ਮਿਆਰੀ ਇਲਾਜ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦਾ ਪ੍ਰਮਾਣ ਹੈ।
ਦਾਣਾ ਮੰਡੀ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤੰਜ਼ ਕੱਸਦਿਆਂ ਕਿਹਾ, “ਉਹ ਆਗੂ ਹੁਣ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਗੱਲ ਕਰ ਰਹੇ ਹਨ, ਜਿਨ੍ਹਾਂ ਦੇ ਹੱਥ ਸੂਬੇ ਦੇ ਨੌਜਵਾਨਾਂ ਦੇ ਖੂਨ ਨਾਲ ਰੰਗੇ ਹੋਏ ਹਨ ਅਤੇ ਜੋ ਸੂਬੇ ਵਿੱਚ ਅਸਥਿਰਤਾ ਲਈ ਜ਼ਿੰਮੇਵਾਰ ਹਨ। ਇਨ੍ਹਾਂ ਪਾਰਟੀਆਂ ਨੇ ਸੂਬੇ ਅਤੇ ਇਸ ਦੇ ਲੋਕਾਂ ਵਿਰੁੱਧ ਧਰੋਹ ਕਮਾਇਆ ਅਤੇ ਜਨਤਾ ਉਨ੍ਹਾਂ ਨੂੰ ਕਦੇ ਮੁਆਫ਼ ਨਹੀਂ ਕਰੇਗੀ,।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਬੱਚਿਆਂ ਨੂੰ ਸਿੱਖਿਆ ਦੇਣ, ਰੁਜ਼ਗਾਰ ਪੈਦਾ ਕਰਨ ਅਤੇ ਸਥਾਈ ਵਿਕਾਸ ਰਾਹੀਂ ਗਰੀਬੀ ਨੂੰ ਖਤਮ ਕਰਨ ਲਈ ਅਣਥੱਕ ਯਤਨ ਕਰ ਰਹੀ ਹੈ।
ਵਿਰੋਧੀ ਧਿਰ ’ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਕਿਹਾ, ‘‘ਇਹ ਇਕੱਠ ਆਮ ਨਹੀਂ ਹਨ ਕਿਉਂਕਿ ਦੂਜੀਆਂ ਪਾਰਟੀਆਂ ਅਜਿਹੇ ਸਮਾਗਮਾਂ ਦੇ ਸੁਪਨੇ ਹੀ ਦੇਖ ਸਕਦੀਆਂ ਹਨ ਕਿਉਂਕਿ ਲੋਕ ਉਨ੍ਹਾਂ ਨੂੰ ਸੁਣਨ ਨਹੀਂ ਆਉਂਦੇ। ਕਾਂਗਰਸ ਜਾਂ ਅਕਾਲੀ ਆਗੂਆਂ ਤੋਂ ਪੁੱਛੋ ਕਿ ਉਹ ਭੀੜ ਇਕੱਠੀ ਕਰਨ ਲਈ ਕਿੰਨੇ ਪੈਸੇ ਖਰਚ ਕਰਦੇ ਹਨ। ਉਹ ਰੈਲੀਆਂ ਵਿੱਚ ਸ਼ਾਮਲ ਹੋਣ ਲਈ ਲੋਕਾਂ ਨੂੰ ਵੀ ਕਿਰਾਏ ’ਤੇ ਲਿਆਉਂਦੇ ਹਨ। ਪਰ ਇੱਥੇ, ਇਹ ਬਹੁਤ ਮਾਣ ਅਤੇ ਤਸੱਲੀ ਦੀ ਗੱਲ ਹੈ ਕਿ ਲੋਕ ਆਪ ਮੁਹਾਰੇ ਆਉਂਦੇ ਹਨ। ਇਹ ਜਨਤਾ ਦਾ ਅਸਲ ਸਮਰਥਨ ਹੈ।’’
ਉਨ੍ਹਾਂ ਅੱਗੇ ਕਿਹਾ ਕਿ ਪਹਿਲਾਂ ਦੀਆਂ ਸਰਕਾਰਾਂ ਕੋਲ ਪੰਜਾਬ ਨੂੰ ਬਦਲਣ ਦੇ ਕਈ ਮੌਕੇ ਸਨ ਪਰ ਨੇਕ ਇਰਾਦਿਆਂ ਦੀ ਘਾਟ ਕਾਰਨ ਉਹ ਅਸਫਲ ਰਹੇ। ਜੇਕਰ ਪਿਛਲੀਆਂ ਸਰਕਾਰਾਂ ਕੋਲ ਕੰਮ ਕਰਨ ਦੀ ਇੱਛਾ ਸ਼ਕਤੀ ਹੁੰਦੀ ਤਾਂ ਉਹ ਇਹ ਪਹਿਲਾਂ ਹੀ ਕਰ ਲੈਂਦੇ ਕਿਉਂਕਿ ਉਨ੍ਹਾਂ ਕੋਲ ਕਈ ਮੌਕੇ ਸਨ। ਇਨ੍ਹਾਂ ਆਗੂਆਂ ਨੇ ਪੰਜਾਬ ਅਤੇ ਪੰਜਾਬੀਆਂ ਨਾਲ ਧੋਖਾ ਕੀਤਾ। ਕੁਝ ਆਗੂ ਤਾਂ ਕਈ ਵਾਰ ਮੁੱਖ ਮੰਤਰੀ ਰਹੇ, ਪਰ ਸੂਬੇ ਵਿੱਚ ਕੁਝ ਨਹੀਂ ਬਦਲਿਆ। ਇਨ੍ਹਾਂ ਆਗੂਆਂ ਨੇ ਸੂਬੇ ਅਤੇ ਇਸ ਦੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰ ਕੇ ਆਪਣੇ ਨਿੱਜੀ ਹਿੱਤਾਂ ਲਈ ਕੰਮ ਕੀਤਾ।
ਵਿਰੋਧੀ ਧਿਰ ’ਤੇ ਸਵਾਲ ਉਠਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਭਰੋਸੇਯੋਗ ਨਹੀਂ ਹੈ, ਇਸ ਲਈ ਲੋਕਾਂ ਨੂੰ ਉਨ੍ਹਾਂ ’ਤੇ ਵਿਸ਼ਵਾਸ ਨਹੀਂ ਕਰਨਾ ਚਾਹੀਦਾ। ਉਨ੍ਹਾਂ ਅੱਗੇ ਕਿਹਾ ਕਿ ਵਿਰੋਧੀ ਧਿਰ ਨੇ ਸਿਰਫ਼ ਮੇਰੀ ਆਲੋਚਨਾ ਕਰਨ ਲਈ ਹੱਥ ਮਿਲਾਏ ਹਨ। ਉਹ ਜਾਣਦੇ ਹਨ ਕਿ 2027 ਵਿੱਚ ਉਨ੍ਹਾਂ ਦੀ ਹਾਰ ਤੈਅ ਹੈ ਅਤੇ ਇਹ ਗੱਲ ਉਨ੍ਹਾਂ ਨੂੰ ਹਜ਼ਮ ਨਹੀਂ ਹੋ ਰਹੀ। ਸੱਤਾ ਵਿੱਚ ਵਾਰੋ-ਵਾਰੀ ਆਉਣ ਦਾ ਯੁੱਗ ਹੁਣ ਖ਼ਤਮ ਹੋ ਗਿਆ ਹੈ ਅਤੇ ਹੁਣ ਲੋਕਾਂ ਦਾ ਇਮਾਨਦਾਰੀ ਅਤੇ ਮਿਸ਼ਨਰੀ ਜੋਸ਼ ਨਾਲ ਅੱਗੇ ਆਉਣ ਦਾ ਸਮਾਂ ਆ ਗਿਆ ਹੈ।
ਵਿਕਾਸ ਕਾਰਜਾਂ ਦੇ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਧਰਮਕੋਟ ਦੇ ਪਿੰਡ ਬਾਜੇਕੇ ਵਿਖੇ ਇੱਕ ਸਕੂਲ ਆਫ਼ ਐਮੀਨੈਂਸ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਸੱਤ ਏਕੜ ਅਤੇ ਤਿੰਨ ਕਨਾਲ ਤੋਂ ਵੱਧ ਰਕਬੇ ‘ਤੇ ਤਿਆਰ ਕੀਤੇ ਜਾਣ ਵਾਲੇ ਇਸ ਸਕੂਲ ਦੇ ਨਿਰਮਾਣ ’ਤੇ 19 ਕਰੋੜ 76 ਲੱਖ ਰੁਪਏ ਖਰਚ ਕੀਤੇ ਜਾਣਗੇ। ਇਸ ਦੋ ਮੰਜ਼ਿਲਾ ਇਮਾਰਤ ਵਿੱਚ 24 ਕਲਾਸਰੂਮ, ਤਿੰਨ ਸਾਇੰਸ ਪ੍ਰਯੋਗਸ਼ਾਲਾਵਾਂ, ਇੱਕ ਕਾਮਰਸ ਬਲਾਕ, ਲਾਇਬ੍ਰੇਰੀ, ਕੰਪਿਊਟਰ ਲੈਬ, ਦੋ ਵਾਧੂ ਪ੍ਰਯੋਗਸ਼ਾਲਾਵਾਂ, ਐਜੂਸੈਟ ਕਮਰਾ ਅਤੇ ਸੈਨੇਟਰੀ ਬਲਾਕ ਸ਼ਾਮਲ ਹੋਣਗੇ।
ਉਨ੍ਹਾਂ ਅੱਗੇ ਕਿਹਾ ਕਿ ਇੱਥੇ ਵਾਲੀਬਾਲ, ਬਾਸਕਟਬਾਲ ਅਤੇ ਹੈਂਡਬਾਲ ਲਈ ਖੇਡ ਦੇ ਮੈਦਾਨ ਹੋਣਗੇ ਅਤੇ 200 ਮੀਟਰ ਦਾ ਟ੍ਰੈਕ ਵੀ ਹੋਵੇਗਾ। ਇਸ ਸਕੂਲ ਵਿੱਚ ਸਾਇੰਸ, ਕਾਮਰਸ ਅਤੇ ਆਰਟਸ ਸਟ੍ਰੀਮ ਪੜ੍ਹਾਏ ਜਾ ਰਹੇ ਹਨ ਅਤੇ ਹਰੇਕ ਵਿਦਿਆਰਥੀ ਨੂੰ 4,000 ਦੀ ਲਾਗਤ ਵਾਲੇ ਟ੍ਰੈਕ ਸੂਟ, ਬਲੇਜ਼ਰ ਅਤੇ ਹੋਰ ਵਰਦੀ ਵਰਗੀਆਂ ਚੀਜ਼ਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਚਾਰ ਬੱਸਾਂ ਦੇ ਨਾਲ ਆਵਾਜਾਈ ਸਹੂਲਤਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ ਅਤੇ ਜੇਈਈ ਅਤੇ ਨੀਟ ਲਈ ਮੁਫ਼ਤ ਕੋਚਿੰਗ ਪ੍ਰਦਾਨ ਕੀਤੀ ਜਾਵੇਗੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿਹਤ ਸੰਭਾਲ ਨੂੰ ਅਪਗ੍ਰੇਡ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਧਰਮਕੋਟ ਵਿੱਚ ਪ੍ਰਾਇਮਰੀ ਹੈਲਥ ਸੈਂਟਰ ਨੂੰ 18 ਕਰੋੜ ਰੁਪਏ ਦੇ ਨਿਵੇਸ਼ ਨਾਲ ਸਬ-ਡਿਵੀਜ਼ਨਲ ਹਸਪਤਾਲ ਵਿੱਚ ਅਪਗ੍ਰੇਡ ਕੀਤਾ ਜਾ ਰਿਹਾ ਹੈ, ਜਿਸ ਵਿੱਚ ਧਰਮਕੋਟ ਅਤੇ ਨੇੜਲੇ ਪਿੰਡਾਂ ਦੇ ਹਜ਼ਾਰਾਂ ਵਸਨੀਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ