ਪਰਾਲੀ ਪ੍ਰਬੰਧਨ ਨਾਲ ਕਣਕ ਦੀ ਸਫਲ ਕਾਸ਼ਤ, ਕਿਸਾਨ ਉਤਸ਼ਾਹਿਤ
ਸ੍ਰੀ ਮੁਕਤਸਰ ਸਾਹਿਬ, 27 ਮਾਰਚ (ਹਿੰ.ਸ.)। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਪਰਾਲੀ ਪ੍ਰਬੰਧਨ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਲਗਾਤਾਰ ਖੇਤ ਦਿਵਸ ਆਯੋਜਿਤ ਕੀਤੇ ਜਾ ਰਹੇ ਹਨ। ਇਸ ਲੜੀ ਤਹਿਤ ਮਲੋਟ ਬਲਾਕ ਦੇ ਪਿੰਡ ਤਰਖਾਣ ਵਾਲਾ ਅਤੇ ਬਲਾਕ ਮੁ
ਖੇਤ ਦਿਵਸ ’ਤੇ ਕਿਸਾਨਾਂ ਦੇ ਨਾਲ ਖੇਤੀਬਾੜੀ ਵਿਭਾਗ ਦੇ ਕਰਮਚਾਰੀ


ਸ੍ਰੀ ਮੁਕਤਸਰ ਸਾਹਿਬ, 27 ਮਾਰਚ (ਹਿੰ.ਸ.)। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਪਰਾਲੀ ਪ੍ਰਬੰਧਨ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਲਗਾਤਾਰ ਖੇਤ ਦਿਵਸ ਆਯੋਜਿਤ ਕੀਤੇ ਜਾ ਰਹੇ ਹਨ। ਇਸ ਲੜੀ ਤਹਿਤ ਮਲੋਟ ਬਲਾਕ ਦੇ ਪਿੰਡ ਤਰਖਾਣ ਵਾਲਾ ਅਤੇ ਬਲਾਕ ਮੁਕਤਸਰ ਦੇ ਪਿੰਡ ਖੱਪਿਆਂ ਵਾਲੀ ਵਿਖੇ ਖੇਤ ਦਿਵਸ ਲਗਾਏ ਗਏ, ਜਿਨ੍ਹਾਂ ਵਿੱਚ ਇਲਾਕੇ ਦੇ ਕਿਸਾਨਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ।

ਇਸ ਮੌਕੇ ਡਾ. ਗੁਰਵਿੰਦਰ ਸਿੰਘ, ਸਹਾਇਕ ਪ੍ਰੋਫੈਸਰ (ਪਸਾਰ ਸਿੱਖਿਆ) ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਪਰਾਲੀ ਸਾੜਨ ਨਾਲ ਵਾਤਾਵਰਣ ਅਤੇ ਮਿੱਟੀ ਉੱਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਪਰਾਲੀ ਪ੍ਰਬੰਧਨ ਤਕਨੀਕਾਂ ਨੂੰ ਅਪਣਾਉਣ ਨਾਲ ਨਾ ਸਿਰਫ਼ ਵਾਤਾਵਰਣ ਦੀ ਸੁਰੱਖਿਆ ਹੁੰਦੀ ਹੈ, ਸਗੋਂ ਮਿੱਟੀ ਦੀ ਉਪਜਾਊ ਸ਼ਕਤੀ ਵਿੱਚ ਸੁਧਾਰ ਅਤੇ ਖੇਤੀ ਖਰਚਿਆਂ ਵਿੱਚ ਕਮੀ ਵੀ ਆਉਂਦੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਪਰਾਲੀ ਦਾ ਸੁਚੱਜਾ ਪ੍ਰਬੰਧਨ ਅਪਣਾਉਣ ਲਈ ਪ੍ਰੇਰਿਤ ਕੀਤਾ।

ਇਸ ਦੌਰਾਨ ਡਾ. ਵਿਵੇਕ ਕੁਮਾਰ, ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਨਾਲ ਸੰਬੰਧਿਤ ਵੱਖ-ਵੱਖ ਤਕਨੀਕਾਂ ਅਤੇ ਮਸ਼ੀਨਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਖੇਤ ਵਿੱਚ ਹੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਦੇ ਲਾਭ ਸਮਝਾਏ। ਉਨ੍ਹਾਂ ਨੇ ਮੌਜੂਦਾ ਫਸਲਾਂ ਦੀ ਸਥਿਤੀ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਸਾਉਣੀ ਰੁੱਤ ਲਈ ਕਿਸਾਨਾਂ ਨੂੰ ਤਿਆਰੀ ਕਰਨ ਸਬੰਧੀ ਮਹੱਤਵਪੂਰਨ ਨੁਕਤੇ ਸਾਂਝੇ ਕੀਤੇ। ਇਸ ਦੇ ਨਾਲ ਹੀ ਡਾ. ਸੁਖਜਿੰਦਰ ਸਿੰਘ ਮਾਨ, ਸਹਾਇਕ ਪ੍ਰੋਫੈਸਰ (ਫ਼ਲ ਵਿਗਿਆਨ) ਨੇ ਕਿਸਾਨਾਂ ਨੂੰ ਫਸਲੀ ਵਿਭਿੰਨਤਾ ਅਤੇ ਬਾਗਬਾਨੀ ਫਸਲਾਂ ਦੀ ਅਹਿਮੀਅਤ ਬਾਰੇ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਆਪਣੀ ਘਰੇਲੂ ਲੋੜਾਂ ਦੀ ਪੂਰਤੀ ਲਈ ਪੌਸ਼ਟਿਕ ਬਗੀਚੀ ਲਗਾਉਣ ਲਈ ਪ੍ਰੇਰਿਤ ਕੀਤਾ।

ਇਨ੍ਹਾਂ ਪ੍ਰੋਗਰਾਮਾਂ ਦੌਰਾਨ ਇਹ ਗੱਲ ਖਾਸ ਤੌਰ ‘ਤੇ ਸਾਹਮਣੇ ਆਈ ਕਿ ਪਿਛਲੇ ਸਾਲਾਂ ਦੇ ਮੁਕਾਬਲੇ ਇਸ ਵਾਰ ਕਿਸਾਨਾਂ ਨੇ ਪਰਾਲੀ ਵਾਲੇ ਖੇਤਾਂ ਵਿੱਚ ਕਣਕ ਦੀ ਕਾਸ਼ਤ ਦੌਰਾਨ ਬਹੁਤ ਘੱਟ ਦਿੱਕਤਾਂ ਦਾ ਸਾਹਮਣਾ ਕੀਤਾ, ਜੋ ਕਿ ਪਰਾਲੀ ਪ੍ਰਬੰਧਨ ਤਕਨੀਕਾਂ ਬਾਰੇ ਕਿਸਾਨਾਂ ਦੀ ਵਧਦੀ ਸਮਝ, ਸੁਧਰੇ ਹੁਨਰ ਅਤੇ ਬਿਹਤਰ ਤਿਆਰੀ ਨੂੰ ਦਰਸਾਉਂਦਾ ਹੈ। ਇਸ ਨਾਲ ਕਣਕ ਦੀ ਕਾਸ਼ਤ ਹੋਰ ਵੀ ਸੁਚੱਜੀ ਅਤੇ ਸਫਲ ਬਣੀ ਹੈ, ਜਿਸ ਨਾਲ ਕਿਸਾਨਾਂ ਵਿੱਚ ਉਤਸ਼ਾਹ ਪਾਇਆ ਜਾ ਰਿਹਾ ਹੈ। ਪ੍ਰੋਗਰਾਮ ਦੇ ਅਖੀਰ ਵਿੱਚ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਪਰਾਲੀ ਸਾੜਨ ਦੀ ਬਜਾਏ ਇਸ ਦਾ ਸੁਚੱਜਾ ਪ੍ਰਬੰਧਨ ਅਪਣਾ ਕੇ ਵਾਤਾਵਰਣ ਦੀ ਸੁਰੱਖਿਆ ਅਤੇ ਟਿਕਾਊ ਖੇਤੀ ਵੱਲ ਕਦਮ ਵਧਾਉਣ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande