

ਫਤਿਹਗੜ੍ਹ ਸਾਹਿਬ 28 ਮਾਰਚ (ਹਿੰ.ਸ.)। ਪੰਜਾਬ ਵਿੱਚ ਆਪਣੇ ਪ੍ਰਮੁੱਖ ਸਿਹਤ ਸੰਭਾਲ ਮਾਡਲ ਨੂੰ ਵੱਡਾ ਹੁਲਾਰਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਦੀ ਪੰਜਾਬ ਸਰਕਾਰ ਨੇ ਅੱਜ 109 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਰਾਜ ਵਿੱਚ ਅਜਿਹੇ ਕਲੀਨਿਕਾਂ ਦੀ ਕੁੱਲ ਗਿਣਤੀ ਚਾਰ ਸਾਲਾਂ ਦੇ ਅੰਦਰ 990 ਹੋ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਅਜਿਹੇ 400 ਹੋਰ ਕਲੀਨਿਕ ਵੀ ਖੋਲ੍ਹੇ ਜਾਣਗੇ। ਆਪਣੀ ਸਰਕਾਰ ਦੇ ਸਿਹਤ ਮਾਡਲ ਨੂੰ ਜਨਤਕ ਸਿਹਤ ਸੰਭਾਲ ਢਾਂਚੇ ਦੇ ਵੱਡੇ ਪੱਧਰ 'ਤੇ ਵਿਸਥਾਰ ਵਜੋਂ ਪੇਸ਼ ਕਰਦੇ ਕਰਦਿਆਂ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਕਲੀਨਿਕ 107 ਦਵਾਈਆਂ ਅਤੇ 47 ਡਾਇਗਨੌਸਟਿਕ ਟੈਸਟ ਪੂਰੀ ਤਰ੍ਹਾਂ ਮੁਫ਼ਤ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਨਾਲ ਹੀ ਕਿਹਾ ਕਿ ਇਸ ਸਿਹਤ ਨੈੱਟਵਰਕ ਤਹਿਤ ਹੁਣ ਤੱਕ ਤਕਰੀਬਨ 5 ਕਰੋੜ ਓ.ਪੀ.ਡੀ. ਵਿਜ਼ਿਟ ਦਰਜ ਕੀਤੀਆਂ ਗਈਆਂ ਹਨ।
'ਆਪ' ਸੁਪਰੀਮੋ ਨੇ ਸਾਂਝਾ ਕੀਤਾ ਕਿ ਸਰਕਾਰ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕਰ ਰਹੀ ਹੈ, ਜਿਨ੍ਹਾਂ ਵਿੱਚੋਂ 30 ਲੱਖ ਕਾਰਡ ਪਹਿਲਾਂ ਹੀ ਬਣ ਚੁੱਕੇ ਹਨ ਅਤੇ 1.65 ਲੱਖ ਲੋਕਾਂ ਨੇ ਇਸ ਨਾਲ ਇਲਾਜ ਦਾ ਲਾਭ ਉਠਾਇਆ ਲਿਆ ਹੈ। ਆਪਣੇ ਵਿਰੁੱਧ ਦੋਸ਼ਾਂ ਅਤੇ ਕਾਨੂੰਨੀ ਕਾਰਵਾਈਆਂ ਦਾ ਹਵਾਲਾ ਦਿੰਦੇ ਦਿੰਦਿਆਂ ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਦੀ ਕੰਮ ਦੀ ਰਾਜਨੀਤੀ ਨੂੰ ਰੋਕਣ ਲਈ ਲਈ ਮੈਨੂੰ ਅਤੇ ਮੇਰੀ ਪਾਰਟੀ ਦੇ ਹੋਰ ਆਗੂਆਂ ਨੂੰ ਝੂਠੇ ਮਾਮਲਿਆਂ ਵਿੱਚ ਜੇਲ੍ਹ ਭੇਜਿਆ ਗਿਆ ਸੀ। ਉਨ੍ਹਾਂ ਕਿਹਾ ਕਿ ਅਦਾਲਤ ਨੂੰ ਉਨ੍ਹਾਂ ਵਿਰੁੱਧ ਕੋਈ ਸਬੂਤ ਨਹੀਂ ਮਿਲਿਆ ਅਤੇ ਅਦਾਲਤ ਦੇ ਫ਼ੈਸਲੇ ਨੇ ਉਨ੍ਹਾਂ ਦੀ ਕੱਟੜ ਇਮਾਨਦਾਰੀ (ਕੱਟੜ ਇਮਾਨਦਾਰੀ) ਨੂੰ ਕਾਇਮ ਰੱਖਿਆ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਦਿੱਲੀ ਨਾਲ ਤੁਲਨਾ ਕਰਦਿਆਂ ਪੰਜਾਬ ਦੇ ਵੋਟਰਾਂ ਨੂੰ ਭਾਜਪਾ ਦੀਆਂ ਲੋਕ ਵਿਰੋਧੀ ਨੀਤੀਆਂ ਵਿਰੁੱਧ ਸਾਵਧਾਨ ਕਰਦਿਆਂ ਕਿਹਾ ਕਿ ਜੇ ਬੀਜੇਪੀ ਦੀ ਸਰਕਾਰ ਆਉਂਦੀ ਹੈ ਤਾਂ ਉਹ ਦਿੱਲੀ ਵਾਂਗ ਮੁਫਤ ਬਿਜਲੀ, ਸਿਹਤ ਸੰਭਾਲ ਅਤੇ ਹੋਰ ਜਨਤਕ ਸੇਵਾਵਾਂ ਵਰਗੇ ਭਲਾਈ ਉਪਾਵਾਂ ਨੂੰ ਵਾਪਸ ਲੈ ਲਵੇਗੀ।
ਫਤਿਹਗੜ੍ਹ ਸਾਹਿਬ ਵਿੱਚ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦੇ ਕਰਦਿਆਂ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ 109 ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਜਾ ਰਿਹਾ ਹੈ, ਜਿੱਥੇ ਗਰੀਬਾਂ ਨੂੰ ਇਲਾਜ ਅਤੇ ਮੁਫਤ ਦਵਾਈਆਂ ਮਿਲਣਗੀਆਂ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ 881 ਆਮ ਆਦਮੀ ਕਲੀਨਿਕ ਪਹਿਲਾਂ ਹੀ ਬਣਾਏ ਜਾ ਚੁੱਕੇ ਹਨ ਅਤੇ ਇਸ ਸੂਚੀ ਵਿੱਚ ਅੱਜ 109 ਹੋਰ ਕਲੀਨਿਕ ਜੋੜੇ ਜਾ ਰਹੇ ਹਨ, ਜਿਸ ਨਾਲ ਇਨ੍ਹਾਂ ਕਲੀਨਿਕਾਂ ਦੀ ਕੁੱਲ ਗਿਣਤੀ 990 ਹੋ ਗਈ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ 400 ਹੋਰ ਆਮ ਆਦਮੀ ਕਲੀਨਿਕ ਸਥਾਪਤ ਕੀਤੇ ਜਾਣਗੇ ਜਾਣਗੇ, ਜਿਸਦਾ ਨਾਲ ਪੰਜਾਬ ਭਰ ਵਿੱਚ ਲਗਭਗ 1500 ਆਮ ਆਦਮੀ ਕਲੀਨਿਕ ਕਾਰਜਸ਼ੀਲ ਹੋ ਜਾਣਗੇ।
ਅਰਵਿੰਦ ਕੇਜਰੀਵਾਲ ਨੇ ਅੱਗੇ ਕਿਹਾ ਕਿ ਚਾਰ ਸਾਲਾਂ ਦੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਭਰ ਵਿੱਚ ਮੁਫ਼ਤ ਇਲਾਜ ਯਕੀਨੀ ਬਣਾਇਆ ਹੈ। ਹੁਣ ਤੱਕ 5 ਕਰੋੜ ਓਪੀਡੀ ਵਿਜ਼ਿਟਸ ਦਰਜ ਕੀਤੀਆਂ ਗਈਆਂ ਹਨ। ਪੰਜਾਬ ਦੀ ਆਬਾਦੀ 3 ਕਰੋੜ ਹੈ, ਜਿਸਦਾ ਮਤਲਬ ਹੈ ਕਿ ਬਹੁਤ ਸਾਰੇ ਲੋਕ ਕਈ-ਕਈ ਵਾਰ ਇਲਾਜ ਲਈ ਇਨ੍ਹਾਂ ਕਲੀਕਿਨਾਂ ਵਿੱਚ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਥੇ ਸ਼ੂਗਰ ਦੇ ਮਰੀਜ਼ ਹਨ, ਬਲੱਡ ਪ੍ਰੈਸ਼ਰ ਦੇ ਮਰੀਜ਼ ਹਨ, ਜੋ ਹਰ ਮਹੀਨੇ ਇਨ੍ਹਾਂ ਕਲੀਨਕਾਂ ‘ਚੋਂ ਦਵਾਈ ਲੈਂਦੇ ਹਨ ਅਤੇ ਕਈ ਅਜਿਹੇ ਹਨ ਜੋ ਇੱਕ ਵਾਰ, ਦੋ ਵਾਰ ਜਾਂ ਤਿੰਨ ਵਾਰ ਇਥੇ ਜਾ ਚੁੱਕੇ ਹੋਣਗੇ, ਕਿਉਂਕਿ ਉਨ੍ਹਾਂ ਨੂੰ ਇਨ੍ਹਾਂ ਕਲੀਨਿਕਾਂ ਵਿੱਚ ਮੁਫ਼ਤ ਇਲਾਜ ਅਤੇ ਦਵਾਈਆਂ ਮਿਲ ਰਹੀਆਂ ਹਨ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਫ਼ਤਰ ਤੋਂ ਆਮ ਆਦਮੀ ਕਲੀਨਿਕਾਂ ਵਿੱਚ ਆਉਣ ਵਾਲੇ ਸਾਰੇ ਮਰੀਜ਼ਾਂ ਨੂੰ ਕਾਲਾਂ ਕੀਤੀਆਂ ਗਈਆਂ। ਉਨ੍ਹਾਂ ਤੋਂ ਉਨ੍ਹਾਂ ਦੇ ਤਜਰਬੇ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਇਹ ਵਧੇਰੇ ਸੁਵਿਧਾਜਨਕ ਰਿਹਾ। ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕੀ ਉਨ੍ਹਾਂ ਨੂੰ ਕੋਈ ਸਮੱਸਿਆ ਆਈ ਹੈ, ਤਾਂ ਉਨ੍ਹਾਂ ਨੇ ਕਿਹਾ ਨਹੀਂ ਕੋਈ ਸਮੱਸਿਆ ਨਹੀਂ ਆਈ। ਉਨ੍ਹਾਂ ਨੇ ਪੁਸ਼ਟੀ ਕੀਤੀ ਕਿ ਉਨ੍ਹਾਂ ਨੂੰ ਡਾਕਟਰਾਂ ਤੋਂ ਸਹੀ ਦਵਾਈਆਂ ਅਤੇ ਇਲਾਜ ਮਿਲਿਆ ਹੈ। ਲੋਕਾਂ ਨੇ ਭਗਵੰਤ ਸਿੰਘ ਮਾਨ ਨੂੰ, ਆਮ ਆਦਮੀ ਪਾਰਟੀ ਨੂੰ ਅਤੇ ਸਾਨੂੰ ਸਾਰਿਆਂ ਨੂੰ ਫ਼ੋਨ 'ਤੇ ਢੇਰ ਸਾਰੀਆਂ ਅਸੀਸਾਂ ਦਿੱਤੀਆਂ। ਕਿਸੇ ਇੱਕ ਵਿਅਕਤੀ ਵੱਲੋਂ ਵੀ ਸ਼ਿਕਾਇਤ ਨਹੀਂ ਕੀਤੀ ਗਈ। ਕਿਉਂ? ਕਿਉਂਕਿ ਮੁੱਖ ਮੰਤਰੀ ਦਫ਼ਤਰ ਤੋਂ ਹਰ ਚੀਜ਼ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਦਵਾਈਆਂ ਦੀ ਕੋਈ ਕਮੀ ਨਹੀਂ ਹੈ, ਟੈਸਟਾਂ ਦੀ ਕੋਈ ਕਮੀ ਨਹੀਂ ਹੈ, ਡਾਕਟਰਾਂ ਦੀ ਕੋਈ ਕਮੀ ਨਹੀਂ ਹੈ।
ਉਨ੍ਹਾਂ ਕਿਹਾ ਕਿ ਜਦੋਂ ਵੀ ਕੋਈ ਛੋਟੀ ਤੋਂ ਛੋਟੀ ਮੁਸ਼ਕਿਲ ਵੀ ਦਰਪੇਸ਼ ਆਉਂਦੀ ਹੈ ਤਾਂ ਉੱਪਰੋਂ ਤੁਰੰਤ ਇਸ ਨੂੰ ਠੀਕ ਕਰਨ ਲਈ ਨਿਰਦੇਸ਼ ਜਾਰੀ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਆਮ ਤੌਰ ‘ਤੇ ਦੇਖਿਆ ਜਾਵੇ ਤਾਂ ਅਕਸਰ ਅਜਿਹਾ ਹੁੰਦਾ ਹੈ ਕਿ ਸਰਕਾਰੀ ਡਿਸਪੈਂਸਰੀਆਂ ਅਤੇ ਕਲੀਨਿਕ ਬਣ ਤਾਂ ਜਾਂਦੇ ਹਨ ਪਰ ਕੰਮ ਨਹੀਂ ਕਰਦੇ ਅਤੇ ਦਸ ਦਿਨਾਂ ਦੇ ਅੰਦਰ ਉਹ ਖਾਲੀ ਹੋ ਜਾਂਦੇ ਹਨ। ਪਰ ਆਮ ਆਦਮੀ ਕਲੀਨਿਕ ਅਜਿਹੇ ਨਹੀਂ ਹਨ। ਹਰੇਕ ਕਲੀਨਿਕ ਦੀ ਮੁੱਖ ਮੰਤਰੀ ਦਫ਼ਤਰ ਵੱਲੋਂ ਨੇੜਿਓਂ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਸਾਰਾ ਕੰਮ ਸਹੀ ਢੰਗ ਨਾਲ ਕੀਤਾ ਜਾ ਰਿਹਾ ਹੈ। ਇਨ੍ਹਾਂ 5 ਕਰੋੜ ਓਪੀਡੀ ਵਿਜ਼ਿਟਸ ਤੋਂ ਲਗਭਗ 1.5 ਤੋਂ 2 ਕਰੋੜ ਲੋਕਾਂ ਨੇ ਇਲਾਜ ਕਰਵਾਇਆ ਹੈ ਅਤੇ ਆਪਣੀਆਂ ਅਸੀਸਾਂ ਦਿੱਤੀਆਂ।
ਉਨ੍ਹਾਂ ਕਿਹਾ, ਅੱਜ ਫਤਿਹਗੜ੍ਹ ਸਾਹਿਬ ਵਿੱਚ 41.22 ਕਰੋੜ ਰੁਪਏ ਦੇ ਨਿਵੇਸ਼ ਨਾਲ ਦੋ ਵੱਡੇ ਸਿੰਚਾਈ ਪ੍ਰਾਜੈਕਟ ਸ਼ੁਰੂ ਕੀਤੇ ਜਾ ਰਹੇ ਹਨ ਤਾਂ ਜੋ ਕਿਸਾਨਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਜਾ ਸਕੇ। ਇਸ ਵਿੱਚ 1ਐਲ ਡਿਸਟ੍ਰੀਬਿਊਟਰੀ, ਸੰਗਤਪੁਰਾ ਮਾਈਨਰ, ਰੀਠਖੇੜੀ ਮਾਈਨਰ ਅਤੇ ਚਲੀਲਾ ਸਬ-ਮਾਈਨਰ ਦੀ ਕੰਕਰੀਟ ਲਾਈਨਿੰਗ ਸ਼ਾਮਲ ਹੈ। ਪਹਿਲਾਂ ਘੱਟ ਸਮਰੱਥਾ ਕਾਰਨ, ਵਾਧੂ ਪਾਣੀ ਹਰਿਆਣਾ ਵੱਲ ਜਾਂਦਾ ਸੀ ਅਤੇ ਪੰਜਾਬ ਦੇ ਖੇਤਾਂ ਨੂੰ ਨੁਕਸਾਨ ਹੁੰਦਾ ਸੀ। ਹੁਣ ਪੰਜਾਬ ਦੇ ਦਰਿਆਈ ਪਾਣੀ ਦੀ ਹਰ ਬੂੰਦ ਪੰਜਾਬ ਦੇ ਖੇਤਾਂ ਤੱਕ ਪਹੁੰਚੇਗੀ ਜਿਸ ਨਾਲ 70 ਪਿੰਡਾਂ ਦੇ 41,726 ਏਕੜ ਰਕਬੇ ਨੂੰ ਲਾਭ ਹੋਵੇਗਾ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਅਮਨ ਅਰੋੜਾ, ਡਾ. ਬਲਬੀਰ ਸਿੰਘ, ਤਰੁਨਪ੍ਰੀਤ ਸਿੰਘ ਸੌਂਦ, ਬਰਿੰਦਰ ਗੋਇਲ, ਗੁਰਮੀਤ ਸਿੰਘ ਖੁੱਡੀਆਂ, ਡਾ. ਰਵਜੋਤ, ਹਰਭਜਨ ਸਿੰਘ ਈ.ਟੀ.ਓ., ਮੋਹਿੰਦਰ ਭਗਤ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ